ਕੋਟ ਈਸੇ ਖਾਂ 23 ਦਸੰਬਰ (ਜਗਰਾਜ ਲੋਹਾਰਾ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ, ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀਆਂ, ਅਮਨ ਕਾਨੂੰਨ ਦੀ ਮਾੜੀ ਸਥਿਤੀ,ਆਦਿ ਜਿਹੇ ਕਈ ਹੋਰ ਲੋਕ ਮੁੱਦਿਆਂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੋ ਕੀਤੇ ਜਾ ਰਹੇ ਰਾਜ ਪੱਧਰੀ ਅੰਦੋਲਨ ਤਹਿਤ 24 ਦਸੰਬਰ ਨੂੰ ਮੋਗਾ ਵਿਖੇ ਧਰਨੇ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਸਬੰਧੀ ਅਕਾਲੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਗਰ ਪ੍ਰਧਾਨ ਕੋਟ ਈਸੇ ਖਾਂ ਅਸ਼ਵਨੀ ਕੁਮਾਰ ਪਿੰਟੂ, ਸੁਖਵਿੰਦਰ ਸਿੰਘ ਦਾਤੇਵਾਲ, ਸੀਨੀਅਰ ਅਕਾਲੀ ਗੁਰਮੀਤ ਸਿੰਘ ਗਗੜਾ, ਰਣਜੀਤ ਸਿੰਘ ਰਾਣਾ ਨੇ ਨਿਊਜ ਪੰਜਾਬ ਦੀ ਨਾਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਵਿਚ ਕੁੱਝ ਵੀ ਨਹੀਂ ਕੀਤਾ। ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਜੋ ਲੋਕਾਂ ਨੂੰ ਵਿਸ਼ੇਸ਼ ਸਹੂਲਤਾਂ ਬਾਦਲ ਸਰਕਾਰ ਨੇ ਮੁਹੱਈਆ ਕਰਵਾਈਆਂ ਸਨ ਉਹ ਤਾਂ ਕੀ ਦੇਣੀਆਂ ਸਨ ਸਗੋਂ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਅੰਦਰ ਇਸ ਵੇਲੇ ਅਮਨ ਕਾਨੂੰਨ ਦੀ ਹਾਲਤ ਖਸਤਾ ਹੈ, ਗੈਰ- ਕਾਨੂੰਨੀ ਮਾਈਨਿੰਗ, ਪੁਲਿਸ ਵਧੀਕੀਆਂ, ਦਲਿਤਾਂ ਵਿਰੁੱਧ ਅੱਤਿਆਚਾਰ, ਜਿਹੇ ਕਈ ਲੋਕ ਮੁੱਦੇ ਹਨ ਜਿਨ੍ਹਾਂ ਕਰਕੇ ਅਕਾਲੀ ਦਲ ਵੱਲੋਂ ਇਸ ਗੂੰਗੀ ਬੋਲੀ ਸਰਕਾਰ ਦੇ ਕੰਨ ਖੋਲ੍ਹਣ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਤਸਕਰੀ ਦਾ ਲੱਕ ਤੋੜਨ ਦੀ ਗੱਲ ਕਰਨ ਵਾਲੀ ਕਾਂਗਰਸ ਸਰਕਾਰ ਦਾ ਹੁਣ ਪਰਦਾਫਾਸ਼ ਹੋ ਚੁੱਕਾ ਹੈ। ਹੁਣ ਇਹ ਜੱਗ ਜਾਹਿਰ ਹੋ ਚੁੱਕਾ ਹੈ ਕਿ ਕਾਂਗਰਸ ਸਰਕਾਰ ਵਿੱਚ ਨਸ਼ੇ ਦਾ ਕਾਰੋਬਾਰ ਕਿੰਨਾ ਵਧਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਇਹ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆ ਗਈ ਸੀ ਪਰ ਹੁਣ ਲੋਕ ਇਸ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਪੱਬਾਂ ਭਾਰ ਹੋਏ ਪਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿਸ਼ਾਲ ਧਰਨੇ ਵਿਚ ਹਲਕਾ ਧਰਮਕੋਟ ਤੋਂ ਬਹੁਤ ਹੀ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ।