ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਪੀੜਤ ਵਿਅਕਤੀਆਂ ਦੇ ਇਲਾਜ ਦੀ ਵੀ ਨਿਭਾਈ ਜਾ ਰਹੀ ਜ਼ਿੰਮੇਵਾਰੀ – ਜ਼ਿਲ੍ਹਾ ਸਮਾਜਿਕ ਅਤੇ ਸੁਰੱਖਿਆ ਅਫ਼ਸਰ
ਮੋਗਾ, 25 ਜੂਨ (ਜਗਰਾਜ ਸਿੰਘ ਗਿੱਲ)
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਡੈਪੋ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ‘ਚ ਬਣਾਈਆਂ ਗਈਆਂ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸਮਾਜਿਕ ਅਤੇ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜ ਕਿਰਨ ਕੌਰ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸਖ਼ਤੀ ਤੇ ਜਾਗਰੂਕਤਾ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਦੀ ਵੀ ਨਿਭਾਈ ਜ਼ਿੰਮੇਵਾਰੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁਫ਼ਤ ਇਲਾਜ ਲਈ ਪੰਜਾਬ ਸਰਕਾਰ ਵੱਲੋਂ ਓਟ ਕਲੀਨਿਕ ਦੇ ਨਾਲ ਨਾਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵੀ ਚਲਾਏ ਜਾ ਰਹੇ ਹਨ।
ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 389 ਨਸ਼ਾ ਰੋਕੂ ਨਿਗਰਾਨ ਕਮੇਟੀਆਂ ਕਾਰਜਸ਼ੀਲ ਹਨ, ਜੋ ਕਿ ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ਼ ਅਤੇ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਮੋਗਾ ਵਿੱਚ ਨਸ਼ਿਆਂ ਖ਼ਿਲਾਫ਼ ਇਹ ਸਾਰੀ ਲੜ੍ਹਾਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਿੱਚ ਬੜੀ ਹੀ ਦ੍ਰਿੜਤਾ ਨਾਲ ਲੜੀ ਜਾ ਰਹੀ ਹੈ।
ਉਹਨਾਂ ਨੇ ਦੱਸਿਆ ਕਿ ਨਸ਼ੇ ਦੀ ਆਦਤ ਦੇ ਸ਼ਿਕਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ ਉਨ੍ਹਾਂ ਦੀ ਮਾਹਿਰਾਂ ਵੱਲੋਂ ਕੌਂਸਲਿੰਗ ਵੀ ਕੀਤੀ ਜਾਂਦੀ ਹੈ ਤਾਂ ਜੋ ਮਾਨਸਿਕ ਤੌਰ ’ਤੇ ਵੀ ਮਰੀਜ਼ ਨੂੰ ਨਸ਼ਾ ਛੱਡਣ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਓ.ਪੀ.ਡੀ. ਰਾਹੀਂ ਨਸ਼ਾ ਛੱਡਣ ਦੀ ਦਵਾਈ ਦਿੱਤੀ ਜਾਂਦੀ ਹੈ ਅਤੇ ਰੈਗੂਲਰ ਤੌਰ ’ਤੇ ਉਨ੍ਹਾਂ ਉੱਪਰ ਪੂਰੀ ਨਜ਼ਰ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਵੀ ਨਸ਼ੇ ਦੇ ਮਰੀਜ਼ਾਂ ਦਾ ਇਲਾਜ ਨਹੀਂ ਰੋਕਿਆ ਗਿਆ ਅਤੇ ਰੈਗੂਲਰ ਤੌਰ ’ਤੇ ਇਨ੍ਹਾਂ ਨੂੰ ਦਵਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਨਸ਼ੇ ਤੋਂ ਛੁਟਕਾਰਾ ਪਾ ਚੁੱਕੇ ਹਨ ਉਹ ਆਪਣੀ ਜ਼ਿੰਦਗੀ ਵਿੱਚ ਬਹੁਤ ਖੁਸ਼ ਹਨ।
ਉਹਨਾਂ ਨੇ ਕਿਹਾ ਕਿ ਨਸ਼ਾ ਇੱਕ ਮਾਨਸਿਕ ਬਿਮਾਰੀ ਹੈ ਅਤੇ ਸਹੀ ਇਲਾਜ ਕਰਾ ਕੇ ਇਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ੇ ਉੱਪਰ ਲੱਗ ਗਿਆ ਹੈ ਤਾਂ ਉਹ ਨਿਰਸੰਕੋਚ ਨਸ਼ਾ ਰੋਕੂ ਨਿਗਰਾਨ ਕਮੇਟੀ ਜਾਂ ਨੇੜੇ ਦੀ ਸਿਹਤ ਸੰਸਥਾ ਵਿਖੇ ਚੱਲ ਰਹੇ ਓਟ ਕੇਂਦਰ ਵਿੱਚ ਇਲਾਜ ਲਈ ਸੰਪਰਕ ਕਰੇ। ਉਨ੍ਹਾਂ ਕਿਹਾ ਕਿ ਇਲਾਜ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਸਹਿਜੇ ਹੀ ਨਸ਼ੇ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
ਉਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਵੇਚਣ ਵਾਲਿਆ ਸਬੰਧੀ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਬਾਰੇ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਨੂੰ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਵਿਅਕਤੀ ਨੂੰ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਚਲਾਏ ਜਾ ਰਹੇ ਓ.ਓ.ਏ.ਟੀ (ਓਟ) ਕੇਂਦਰ ਵਿਖੇ ਇਲਾਜ ਲਈ ਭੇਜਿਆ ਜਾ ਸਕਦਾ ਹੈ, ਜਿੱਥੇ ਉਨਾਂ ਨੂੰ ਮੁਫਤ ਦਵਾਈਆ ਆਦਿ ਮੁਹੱਇਆ ਕਰਵਾਈ ਜਾਂਦੀਆ ਹਨ।