• Sat. Nov 23rd, 2024

ਜਿਲ੍ਹਾ ਮੋਗਾ ਦੀਆਂ 73 ਫੀਸਦੀ ਪੰਚਾਇਤਾਂ ਨੇ ਪਰਾਲੀ ਨਾ ਸਾੜਨ ਲਈ ਕੀਤੇ ਮਤੇ ਪਾਸ

ByJagraj Gill

Oct 14, 2020

340 ਗ੍ਰਾਮ ਪੰਚਾਇਤਾਂ ਵਿੱਚੋਂ 247 ਪੰਚਾਇਤਾਂ ਹਨ ਸ਼ਾਮਿਲ-ਡਿਪਟੀ ਕਮਿਸ਼ਨਰ

ਮੋਗਾ 14 ਅਕਤੂਬਰ

(ਜਗਰਾਜ ਸਿੰਘ ਗਿੱਲ-ਮਨਪ੍ਰੀਤ ਮੋਗਾ) ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵੱਲੋਂ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ ਪਿੰਡਾਂ ਵਿੱਚ ਪਰਾਲੀ ਨਾ ਸਾੜਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ 73 ਫੀਸਦੀ ਗ੍ਰਾਮ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਸੋਹੰ ਖਾਧੀ ਗਈ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਵਿੱਚ ਕੁੱਲ 340 ਗਰਾਮ ਪੰਚਾਇਤਾਂ ਹਨ ਜਿਨ੍ਹਾਂ ਵਿੱਚੋਂ 247 ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ ਨਾ ਸਾੜਨ ਸਬੰਧੀ ਮਤੇ ਪਾਸ ਕੀਤੇ ਹਨ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਪੰਚਾਇਤਾਂ ਵੱਲੋਂ ਪਰਾਲੀ ਸਾੜਨ ਵਾਲੀ ਵਾਤਾਵਰਨ-ਵਿਰੋਧੀ ਪ੍ਰਥਾ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਬਾਕੀ ਰਹਿੰਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਨੂੰ ਪਰਾਲੀ ਨਾ ਸਾੜਨ ਵਾਲਾ ਜ਼ਿਲ੍ਹਾ ਬਣਾਉਣ ਵਿੱਚ ਪ੍ਰਸਾਸ਼ਨ ਦਾ ਸਹਿਯੋਗ ਕਰਨ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਇਸ ਔਖੀ ਘੜੀ ਵਿੱਚ ਪ੍ਰਸ਼ਾਸਨ ਵੱਲੋਂ ਲੋਕ ਹਿੱਤ ਲਈ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਵਾਰ ਫੇਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਕਿਉਂਕਿ ਇਹ ਜਹਿਰੀਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਤੋਂ ਇਲਾਵਾ ਚੱਲ ਰਹੀ ਕੋਵਿਡ-19 ਮਹਾਂਮਾਰੀ ਦੀ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ ਜਿਸ ਨਾਲ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ। ਪੰਚਾਇਤਾਂ ਵੱਲੋਂ ਪਾਸ ਕੀਤੇ ਗਏ ਮਤਿਆਂ ਵਿੱਚ ਇਸ ਗੱਲ ‘ਤੇ ਜੋਰ ਦਿੱਤਾ ਗਿਆ ਕਿ ਝੋਨੇ ਦੀ ਨਾੜ ਨੂੰ ਅੱਗ ਲਾਏ ਬਿਨਾਂ ਖੇਤਾਂ ਵਿੱਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਅਸੀਂ ਬਰਕਰਾਰ ਰੱਖ ਸਕਦੇ ਹਾਂ। ਉਨ੍ਹਾਂ ਅੱਗੇ ਜ਼ਿਕਰ ਕੀਤਾ ਕਿ ਅੱਗ ਲਗਾਉਣ ਨਾਲ ਜਿੱਥੇ ਮਿੱਤਰ ਕੀੜੇ, ਜੀਵ ਜੰਤੂ ਅਤੇ ਸੂਖਮ ਜੀਵ ਅੱਗ ਦੀ ਲਪੇਟ ਵਿੱਚ ਆ ਜਾਂਦੇ ਹਨ ਉੱਥੇ ਜਾਨੀ-ਮਾਲੀ ਨੁਕਸਾਨ ਦਾ ਖਤਰਾ ਅਤੇ ਪ੍ਰਦੂਸ਼ਣ ਵਿੱਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਸ੍ਰ ਜਗਜੀਤ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਕੀ ਪਿੰਡਾਂ ਵਿੱਚ ਵੀ ਅਜਿਹੇ ਮਤੇ ਪਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਸਾਰੀਆਂ ਗ੍ਰਾਮ ਪੰਚਾਇਤਾਂ ਇਸੇ ਤਰ੍ਹਾਂ ਦੇ ਮਤੇ ਪਾਸ ਕਰਕੇ ਜਿਲ੍ਹਾ ਮੋਗਾ ਨੂੰ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਉਣ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨਗੀਆਂ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਦੇ ਗੁਰਦੁਆਰਿਆਂ ਰਾਹੀਂ ਮੁਨਿਆਦੀ ਕਰਕੇ ਕਿਸਾਨਾਂ ਨੂੰ ਖੁੱਲੇ ਨੂੰ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਸਾਧਨਾਂ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *