ਮੋਗਾ 15 ਨਵੰਬਰ ( ਮਿੰਟੂ ਖੁਰਮੀ, ਕੁਲਦੀਪ ਸਿੰਘ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। ਉਹਨਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ ‘ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ।
ਸ੍ਰੀ ਸੰਦੀਪ ਹੰਸ ਨੇ ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲੱਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ, 2019 ਤੱਕ ਪੰਚਾਇਤ ਨੂੰ ਦਿੱਤੀ ਜਾਵੇ ਜਿਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ। ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਹਿਤ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁੱਲ ਅੱਗ ਨਾ ਲਾਉਣ ਦੀ ਅਪੀਲ ਵੀ ਕੀਤੀ।