ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਫੈਸਲਾ
– ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਆਪਸੀ ਤਾਲਮੇਲ ਬੇਹਤਰ ਬਣਾਉਣ ਲਈ ਕਿਹਾ
– ਚੋਣ ਖੇਤਰ ਤੋਂ ਬਾਹਰਲੇ ਵਿਅਕਤੀਆਂ ਨੂੰ ਤੁਰੰਤ ਇਲਾਕਾ ਛੱਡਣ ਦੀ ਹਦਾਇਤ
ਮੋਗਾ, 12 ਫਰਵਰੀ (ਜਗਰਾਜ ਸਿੰਘ ਗਿੱਲ) – ਅਗਾਮੀ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਮੋਗਾ, ਬਧਨੀ, ਕੋਟ ਇਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਦੀਆਂ ਨਗਰ ਪੰਚਾਇਤ/ਕੌਂਸਲ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਏ।
ਇਹਨਾਂ ਚੋਣਾਂ ਨੂੰ ਸਾਫ ਅਤੇ ਪਾਰਦਰਸ਼ਤਾ ਨਾਲ ਕਰਾਉਣ ਲਈ ਸ਼੍ਰੀ ਹੰਸ ਨੇ ਹਦਾਇਤ ਕੀਤੀ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਿਚ ਆਪਸੀ ਤਾਲਮੇਲ ਬੇਹਤਰ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਮੇਂ ਅਤੇ ਹਾਲਾਤ ਨੂੰ ਦੇਖਦੇ ਹੋਏ ਕੋਈ ਵੀ ਫੈਸਲਾ ਲੈਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ ਹੈ। ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ। ਫੈਸਲਾ ਕੀਤਾ ਗਿਆ ਕਿ ਉਲੰਘਣਾ ਕਰਨ ਵਾਲਾ ਵਿਅਕਤੀ ਭਾਵੇਂ ਉਹ ਕਿਸੇ ਵੀ ਪਾਰਟੀ ਜਾਂ ਦਲ ਨਾਲ ਸਬੰਧਤ ਹੋਵੇ, ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੀ ਹੰਸ ਨੇ ਕਿਹਾ ਕਿ ਮਿਤੀ 13 ਫਰਵਰੀ ਨੂੰ ਪੋਲਿੰਗ ਪਾਰਟੀਆਂ ਨੂੰ ਸਮੇਂ ਸਿਰ ਰਵਾਨਾ ਕਰ ਦਿੱਤਾ ਜਾਵੇ ਤਾਂ ਜੋ ਸਮੇਂ ਸਿਰ ਪੋਲਿੰਗ ਬੂਥ ਉੱਤੇ ਪਹੁੰਚ ਕੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਮਿਲੀ ਰਿਪੋਰਟ ਮੁਤਾਬਿਕ ਜ਼ਿਲ੍ਹਾ ਮੋਗਾ ਦੇ ਜ਼ਿਆਦਤਰ ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ। ਇਸ ਕਰਕੇ ਹਰੇਕ ਸੰਵੇਦਨਸ਼ੀਲ ਬੂਥ ਦੀ ਵੀਡੀਉ ਗਰਾਫੀ ਕਰਵਾਈ ਜਾਵੇਗੀ।
ਸ੍ਰ ਹਰਮਨ ਬੀਰ ਸਿੰਘ ਗਿੱਲ ਨੇ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿੱਤ 14 ਫਰਵਰੀ ਨੂੰ ਕੋਈ ਵੀ ਬਾਹਰਲੇ ਵਿਅਕਤੀ ਨੂੰ ਚੋਣਾਂ ਵਾਲੇ ਇਲਾਕੇ ਵਿੱਚ ਆਉਣ ਅਤੇ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਹਨਾਂ ਚੋਣਾਂ ਵਾਲੇ ਇਲਾਕੇ ਵਿਚ ਘੁੰਮ ਰਹੇ ਬਾਹਰਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਇਲਾਕੇ ਵਿਚ ਚਲੇ ਜਾਣ। ਸ੍ਰ ਗਿੱਲ ਨੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦਾ ਸਾਂਝਾ ਕੰਟਰੋਲ ਰੂਮ ਸਥਾਪਤ ਕੀਤਾ ਜਾਵੇ। ਜਿੱਥੇ ਪਹੁੰਚਣ ਵਾਲੀ ਹਰੇਕ ਸ਼ਿਕਾਇਤ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਸ਼੍ਰੀ ਹੰਸ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਨਾਲ ਸਬੰਧਤ ਕਿਸੇ ਵੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਤੁਰੰਤ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਹਨਾਂ ਦੱਸਿਆ ਕਿ ਸਾਰੇ ਸੈਕਟਰ ਅਫ਼ਸਰਾਂ ਨੂੰ ਵਾਕੀ ਟਾਕੀ ਦੀ ਸਹੂਲਤ ਨਾਲ ਲੈਸ ਕੀਤਾ ਜਾਵੇਗਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੁਭਾਸ਼ ਚੰਦਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।