ਮੋਗਾ 8 ਨਵੰਬਰ (ਮਿੰਟੂ ਖੁਰਮੀ/ਕੁਲਦੀਪ ਨਿਹਾਲ ਸਿੰਘ ਵਾਲਾ) ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਹੋਈ ਵੀਡਿਓ ਕਾਨਫਰੰਸ ਰਾਹੀਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਹਿੱਤ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰਨ ਦੇ ਮਕਸ’ਦ ਨਾਲ ਅੱਜ ਸਥਾਨਕ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ-2 ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ।
ਸ੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲੇ ਦੇ ਸਰਪੰਚ ਸਾਹਿਬਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਨਾ ਸਾੜਨ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਪੰਚ/ਪੰਚ ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਲਈ ਜਿੱਥੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਪਰਾਲੀ ਸਾੜਨ ‘ਤੇ ਲਗਾਈ ਗਈ ਰੋਕ ਦੇ ਮੱਦੇਨਜ਼ਰ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਕਾਰਵਾਈ ਵੀ ਲਗਾਤਾਰ ਜਾਰੀ ਹੈ ਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਐਫ ਆਈ ਆਰ ਦਰਜ ਅਤੇ ਚਲਾਨ ਕੀਤੇ ਜਾ ਰਹੇ ਹਨ।
ਇਸ ਮੌਕੇ ਖੇਤੀਬਾੜੀ ਅਫ਼ਸਰ ਡਾ: ਜਂਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਪਰਾਲੀ ਨੂੰ ਅੱਗ ਬਿਲਕੁੱਲ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਫ਼ੈਲਣ ਵਾਲਾ ਪ੍ਰਦੂਸ਼ਣ ਮਨੁੱਖਤਾ, ਜੀਵ ਜੰਤੂਆਂ ਅਤੇ ਸਮੁੱਚੇ ਵਾਤਾਵਰਨ ਲਈ ਘਾਤਕ ਹੈ। ਇਸ ਨੂੰ ਰੋਕਣ ਲਈ ਸਮੂਹ ਪੰਚਾਇਤਾਂ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸ ਨੂੰ ਜ਼ਮੀਨ ਵਿੱਚ ਹੀ ਖਪਾਉਣ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੋਗਾ-2 ਜਸਵੰਤ ਸਿੰਘ ਵੜੈਚ ਅਤੇ ਬਲਾਕ ਮੋਗਾ-2 ਦੇ ਸਰਪੰਚ/ਪੰਚ ਹਾਜ਼ਰ ਸਨ।