ਮੋਗਾ-1 ਦੀਆਂ ਖੇਡਾਂ ਦੀ ਐਸ.ਡੀ.ਐਮ. ਰਾਮ ਸਿੰਘ ਅਤੇ 2 ਦੀਆਂ ਖੇਡਾਂ ਦੀ ਏ.ਡੀ.ਸੀ. (ਜ਼) ਸੁਭਾਸ਼ ਚੰਦਰ ਨੇ ਕਰਵਾਈ ਸ਼ੁਰੂਆਤ
ਮੋਗਾ, 5 ਸਤੰਬਰ
(ਜਗਰਾਜ ਸਿੰਘ ਗਿੱਲ, ਮਨਪ੍ਰੀਤ ਸਿੰਘ ਬਾਦਲ)
ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2022 ਵਿੱਚ ਪੰਜਾਬ ਭਰ ਦੇ ਸਮੂਹ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਵੱਲੋਂ ਬੜੇ ਹੀ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਮੈਦਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨੀਆਂ ਕਰਕੇ ਖਿਡਾਰੀ ਆਪਣੀ ਖੇਡ ਕਲਾ ਦੇ ਜੌਹਰ ਵਿਖਾ ਰਹੇ ਹਨ।
ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ-1 ਅਤੇ ਮੋਗਾ-2 ਦੀਆਂ ਖੇਡਾਂ ਦੀ ਅੱਜ ਤੋਂ ਸ਼ੁਰੂਆਤ ਹੋ ਚੁੱਕੀ ਹੈ। ਬਲਾਕ ਮੋਗਾ-1 ਦੇ ਉਦਘਾਟਨੀ ਸਮਾਰੋਹ ਗੁਰੂ ਨਾਨਕ ਕਾਲਜ ਵਿਖੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਰਾਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਰਿਬਨ ਕੱਟ ਕੇ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਮੋਗਾ ਡਾ. ਜਤਿੰਦਰ ਕੌਰ ਵੀ ਹਾਜ਼ਰ ਸਨ।
ਬਲਾਕ ਮੋਗਾ-2 ਦੀਆਂ ਖੇਡਾਂ ਦੀ ਸ਼ੁਰੂਆਤ ਗੋਧੇਵਾਲਾ ਸਟੇਡੀਅਮ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਰਿਬਨ ਕੱਟ ਕੇ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਖਿਆ ਅਫ਼ਸਰ ਮੋਗਾ ਸ਼ੁਸ਼ੀਲ ਕੁਮਾਰ ਤੁਲੀ ਵੀ ਹਾਜ਼ਰ ਰਹੇ। ਇਸ ਦੇ ਨਾਲ ਹੀ ਜ਼ਿਲ੍ਹਾ ਖੇਡ ਅਫ਼ਸਰ ਫਰੀਦਕੋਟ ਪਰਮਿੰਦਰ ਸਿੰਘ ਨੇ ਖਿਡਾਰੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਇਸ ਟੂਰਨਾਮੈਂਟ ਵਿੱਚ ਇਮਾਨਦਾਰੀ, ਲਗਨ ਅਤੇ ਖੇਡ ਭਾਵਨਾ ਨਾਲ ਖੇਡਣ ਅਤੇ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਦਾ ਸੰਦੇਸ਼ ਦਿੱਤਾ। ਇਹ ਬਲਾਕ ਪੱਧਰੀ ਟੂਰਨਾਮੈਂਟ ਮਿਤੀ 1 ਸਤੰਬਰ ਤੋਂ 7 ਸਤੰਬਰ ਤੱਕ ਵੱਖ-ਵੱਖ ਖੇਡ ਮੈਦਾਨਾਂ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੇ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ http://www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫ਼ਤਰ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਵਿੱਚ ਜ਼ਿਲ੍ਹਾ ਮੋਗਾ ਦੀਆਂ ਹੋਰ ਉਘੀਆਂ ਸ਼ਖਸ਼ੀਅਤਾਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ, ਜਿਲ੍ਹਾ ਖੇਡ ਅਫ਼ਸਰ ਮੋਗਾ ਬਲਜਿੰਦਰ ਸਿੰਘ, ਐਥਲੈਟਿਕਸ ਕੋਚ ਜਗਵੀਰ ਸਿੰਘ, ਕਬੱਡੀ ਕੋਚ ਮਿਸ ਅਮਨਦੀਪ ਕੌਰ, ਫੁੱਟਬਾਲ ਕੋਚ ਨਵਤੇਜ ਸਿੰਘ ਅਤੇ ਸਮੂਹ ਕਨਵੀਨਰਜ਼ ਸਟਾਫ ਵੀ ਸ਼ਾਮਿਲ ਹੋਇਆ
ਇਸ ਮੌਕੇ ਦੌਰਾਨ ਖਿਡਾਰੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਖੇਡ ਵੈਨਿਉਜ਼ ਤੇ ਪੁਖਤਾ ਇੰਤਜਾਮ ਕੀਤੇ ਗਏ।