ਮੋਗਾ 25 ਅਕਤੂਬਰ ( ਮਿੰਟੂ ਖੁਰਮੀ) ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਅਤੇ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ ਨੇ ਜ਼ਿਲੇ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ‘ਹਰੀ ਦਿਵਾਲੀ’ ਮਨਾਉਣ ਦੀ ਅਪੀਲ ਕੀਤੀ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਨੁੱਖੀ ਸਿਹਤ ਸੰਭਾਲ ਤਹਿਤ ਪਟਾਕਿਆਂ/ਆਤਿਸ਼ਬਾਜ਼ੀ ਦੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਜ਼ਿਆਦਾ ਸ਼ੋਰ ਪੈਦਾ ਕਰਨ ਵਾਲੇ ਪਟਾਕੇ ਚਲਾਉਣ ਨਾਲ ਜਿੱਥੇ ਵਾਤਾਵਰਣ ਗੰਧਲਾ ਹੁੰਦਾ ਹੈ, ਉੱਥੇ ਕਈ ਮਨੁੱਖੀ ਬੀਮਾਰੀਆਂ ਪੈਦਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਉਹਨਾਂ ਗੈਰ-ਸਰਕਾਰੀ, ਸਮਾਜ ਸੇਵੀ ਅਤੇ ਹੋਰ ਸੰਸਥਾਵਾਂ ਨੂੰ ਵੀ ਗਰੀਨ ਦੀਵਾਲੀ ਮਨਾਉਣ ਲਈ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਪਟਾਕਿਆਂ ਦੇ ਪ੍ਰਦੂਸ਼ਣ ਤੋਂ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤਾਂ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ।
ਜ਼ਿਲਾ ਸਮੂਹ ਵਿਧਾਇਕਾਂ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਭਾਈਚਾਰਕ ਸਾਂਝ ਦੇ ਪ੍ਰਤੀਕ ਦੀਵਾਲੀ ਦੇ ਇਸ ਪਵਿੱਤਰ ਤਿਉਹਾਰ ਨੂੰ ਰਲ-ਮਿਲ ਕੇ ਆਪਸੀ ਪਿਆਰ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ, ਜਿਸ ਨਾਲ ਸਾਡੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।