ਮੋਗਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਜਾਇਜਾ ਲੈਣ ਪਹੁੰਚੇ ਕੈਬਨਿਟ ਮੰਤਰੀ ਮੁੰਡੀਆਂ 

ਮੋਗਾ , 23 ਜੂਨ ਜਗਰਾਜ ਸਿੰਘ ਗਿੱਲ

ਪੰਜਾਬ ਦੇ ਕੈਬਨਿਟ ਮੰਤਰੀ ਸ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ “ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ “ ਯੁੱਧ ਨਸ਼ੇ ਵਿਰੁੱਧ “ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ , ਜਿਸਨੂੰ ਹੋਰ ਅਸਰਦਾਰ ਢੰਗ ਨਾਲ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਯਤਨ ਕੀਤੇ ਜਾਣਗੇ ।

ਅੱਜ ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਲੋਕ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਕੇ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਸਪਲਾਈ ਤੋੜਨ ਦੇ ਨਾਲ ਨਾਲ ਨਸ਼ਾ ਤਸਕਰਾਂ ਵੱਲੋਂ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ।

 

ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵਡੇਰੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਵੀ ਆਮ ਵਾਂਗ ਜੀਵਨ ਬਤੀਤ ਕਰ ਸਕਣ ।

 

ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਪੀੜਤਾਂ ਦੇ ਇਲਾਜ ਵੱਲ ਹੋਰ ਧਿਆਨ ਦਿੱਤਾ ਜਾਵੇ । ਜਿਕਰਯੋਗ ਹੈ ਕਿ 2000 ਤੋਂ ਵੱਧ ਪੀੜਤਾਂ ਨੂੰ ਇਲਾਜ ਤੋਂ ਬਾਅਦ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਗਿਆ ਹੈ ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਪੁਲਿਸ ਅਧਿਕਾਰੀ ਲਗਾਤਾਰ ਮੀਟਿੰਗਾਂ ਕਰਨ ਤਾਂ ਜੋਬਿਹਤਰ ਨਤੀਜੇ ਸਾਹਮਣੇ ਆ ਸਕਣ ।

 

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤੇ ਸਮਾਜਿਕ ਗਣਨਾ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਪੀੜਤਾਂ ਦੀ ਅਸਲ ਗਿਣਤੀ ਪਤਾ ਲਗਾਕੇ ਪੀੜਤਾਂ ਦੇ ਇਲਾਜ ਨੂੰ ਹੋਰ ਅਸਰਦਾਰ ਢੰਗ ਨਾਲ ਕੀਤਾ ਜਾ ਸਕੇ

ਇਸ ਮੌਕੇ ਵਿਧਾਇਕਾਂ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਹੋਰ ਸਖ਼ਤ ਕੀਤਾ ਜਾਵੇ ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿਖੇ ਪੀੜਤਾਂ ਦੇ ਇਲਾਜ ਨੂੰ ਪਹਿਲ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ । ਇਸ ਤੋਂ ਇਲਾਵਾ ਪੰਚਾਇਤਾਂ , ਕੌਂਸਲਰਾਂ ਨੂੰ ਇਸ ਮੁਹਿੰਮ ਵਿੱਚ ਭਾਗੀਦਾਰੀ ਬਣਾਇਆ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਲਗਭਗ 22000 ਵਿਅਕਤੀ ਓਟ ਕਲੀਨਿਕਾਂ ਨਾਲ ਰਜਿਸਟਰਡ ਹਨ ਤੇ ਦਵਾਈਆਂ ਦੀ ਉਪਲਬਧਤਾ ਢੁਕਵੀਂ ਮਾਤਰਾ ਹੈ । ਇਸ ਤੋਂ ਇਲਾਵਾ 450 ਦੇ ਕਰੀਬ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਨਸ਼ੇ ਵਿਰੁੱਧ ਕੰਮ ਕਰ ਰਹੀ ਹੈ ।

ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਚਾਲੂ ਸਾਲ ਵਿੱਚ ਮੋਗਾ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ 777 ਕੇਸ ਦਰਜ ਕੀਤੇ ਹਨ ਤੇ 900 ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ । ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਬਣਾਈ ਗਈ 9 ਕਰੋੜ ਰੁਪੈ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ।

ਡਿਪਟੀ ਕਮਿਸ਼ਨਰ ਨੇ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤ ਸਮਾਜ ਲਈ ਹੋਰ ਅਸਰਦਾਰ ਢੰਗ ਨਾਲ ਕੰਮ ਕੀਤਾ ਜਾਵੇਗਾ ।

ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਐਸ ਡੀ ਐਮਜ , ਡੀ ਐਸ ਪੀਜ ਤੇ ਹੋਰ ਹਾਜ਼ਰ ਸਨ ।

Leave a Reply

Your email address will not be published. Required fields are marked *