ਮੋਗਾ, 15 ਮਾਰਚ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ,ਮੋਹਾਲੀ ਅਤੇ ਜਿਲ੍ਹਾ ਅਤੇ ਸ਼ੈਸਨਜ਼ ਜੱਜ-ਕਮ-ਚੈਅਰਮੇਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀ ਮੁਨੀਸ਼ ਸਿੰਗਲ ਦੀ ਰਹਿਨੁਮਾਈ ਵਿੱਚ 10 ਅਪ੍ਰੈਲ, 2021 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ੍ਰੀ ਮੁਨੀਸ਼ ਸਿੰਗਲ, ਨੇ ਦੱਸਿਆ ਕਿ ਇਹ ਰਾਸ਼ਟਰੀ ਲੋਕ ਅਦਾਲਤ ਮੋਗਾ ਤੋ ਇਲਾਵਾ ਸਬ੍ਹ ਡਵੀਜ਼ਨ ਪੱਧਰ ਤੇ ਵੀ ਇਕ-ਇਕ ਬੈਂਚ ਸਥਾਪਿਤ ਕਰਕੇ ਅਦਾਲਤ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਕੋਰਟ ਕੰਪਲੈਕਸ ਵਿਖੇ ਲਗਾਈ ਜਾਵੇਗੀ। ਇਸ ਰਾਸ਼ਟਰੀ ਲੋਕ ਅਦਾਲਤ ਵਿਚ ਹਰ ਤਰਾਂ ਦੇ ਕੇਸ ਜਿਵੇਂ ਕਿ ਸੀ.ਆਰ.ਪੀ.ਸੀ ਦੀ ਧਾਰਾ 320 ਤਹਿਤ ਆਉਦੇ ਰਾਜ਼ੀਨਾਮਾ ਹੋਣ ਯੋਗ ਫੌਜ਼ਦਾਰੀ ਮਾਮਲਿਆਂ ਦੇ ਇਲਾਵਾ ਚੈਕ ਬਾਉਂਸ ਕੇਸ, ਬੈਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਤੇ ਪਰਿਵਾਰਕ ਝਗੜੇ ,ਜ਼ਮੀਨ ਜਾਇਦਾਦ ਸਬੰਧੀ ਝਗੜੇ, ਬਿਜਲੀ ਤੇ ਪਾਣੀ ਦੇ ਬਿਲਾਂ ਦੇ ਝਗੜੇ, ਤਨਖਾਹ ਤੇ ਭੱਤਿਆਂ ਸਬੰਧੀ, ਕਰਮਚਾਰੀਆਂ ਦੀ ਸੇਵਾ ਨਾਲ ਸਬੰਧਤ ਕੇਸ, ਮਾਲ ਵਿਭਾਗ ਨਾਲ ਸਬੰਧਤ, ਮੋਟਰ ਵਹੀਕਲ ਐਕਟ ਤਹਿਤ ਐਮ.ਏ.ਸੀ.ਟੀ.(ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ), ਕਿਰਾਏ ਸਬੰਧੀ ਝਗੜੇ ਤੇ ਹੋਰ ਦੀਵਾਨੀ ਕੇਸਾਂ ਨਾਲ ਸਬੰਧਤ ਝਗੜਿਆਂ ਆਦਿ ਦੇ ਕੇਸ ਲਗਾਏ ਜਾ ਰਹੇ ਹਨ।
ਸੀ.ਜੇ.ਅੇਮ- ਕਮ-ਸਕੱਤਰ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਮੋਗਾ ਸ਼੍ਰੀ ਬਗੀਚਾ ਸਿੰਘ ਜੀ ਨੇ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਆਪਸੀ ਰਾਜ਼ੀਨਾਮੇ ਨਾਲ ਕੇਸਾਂ ਦਾ ਨਿਪਟਾਰਾ ਕਰਵਾ ਕੇ ਲੋਕ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰ ਸਕਦੇ ਹਨ। ਜਿਸ ਨਾਲ ਦੋਵੇਂ ਧਿਰਾਂ ਦੀ ਆਪਸੀ ਰੰਜਿਸ਼ ਖ਼ਤਮ ਹੁੰਦੀ ਹੈ ਅਤੇ ਕੇਸਾ ਦਾ ਨਿਪਟਾਰਾ ਵੀ ਜਲਦੀ ਹੋ ਜਾਂਦਾ ਹੈ। ਇਸ ਨਾਲ ਪੈਸੇ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤ ਦੇ ਫ਼ੈਸਲੇ ਨੂੰ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਦੇ ਫ਼ੈਸਲੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ। ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਿਸ ਮਿਲ ਜਾਂਦੀ ਹੈ।ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕੀ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਾ ਕੇ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਸੰਬੰਧੀ ਜ਼ਿਲਾ ਅਦਾਲਤਾਂ,ਮੋਗਾ ਵਿਖੇ ਸਥਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਮੋਗਾ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।