ਮੋਗਾ, 9 ਮਾਰਚ (ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)
ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਸੰਖੇਪ ਸਮਾਗਮ ਸਥਾਨਕ ਸੁਵਿਧਾ ਕੇਂਦਰ ਵਿਖੇ ਕੀਤਾ ਗਿਆ, ਜਿਸ ਦੌਰਾਨ ਇਸ ਸੁਵਿਧਾ ਕੇਂਦਰ ਵਿਚ ਸੇਵਾਵਾਂ ਦੇਣ ਵਾਲੀਆਂ ਔਰਤ ਕਰਮਚਾਰੀਆਂ ਦੀ ਪ੍ਰਸੰਸ਼ਾ ਕੀਤੀ ਗਈ। ਇਸ ਮੌਕੇ ਸਭ ਤੋਂ ਵਧੀਆ ਸੇਵਾਵਾਂ ਦੇ ਵਾਲੀ ਕੰਪਿਊਟਰ ਅਪਰੇਟਰ ਪਲਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਮੁੱਖ ਮਹਿਮਾਨ ਵਜੋਂ ਪੁੱਜੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਪਲਵਿੰਦਰ ਕੌਰ ਨੇ ਪਿਛਲੇ ਤਿੰਨ ਮਹੀਨੇ ਦੌਰਾਨ ਔਰਤ ਕਰਮਚਾਰੀਆਂ ਵਿਚੋਂ ਸਭ ਤੋਂ ਵੱਧ 2000 ਤੋਂ ਵਧੇਰੇ ਸੇਵਾਵਾਂ ਪ੍ਰਦਾਨ ਕੀਤੀਆਂ ਹਨ, ਜੌ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਹਨਾਂ ਹੋਰ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਦ੍ਰਿੜ ਭਾਵਨਾ ਨਾਲ ਲੋਕ ਸੇਵਾਵਾਂ ਦੇਣ ਲਈ ਹਮੇਸ਼ਾਂ ਤਿਆਰ ਰਹਿਣ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਧ ਤੋਂ ਨਾਗਰਿਕ ਸੇਵਾਵਾਂ ਉਹਨਾਂ ਦੇ ਘਰਾਂ ਨੇੜੇ ਮੁਹੱਈਆ ਕਰਾਉਣ ਲਈ ਉਪਰਾਲਾ ਕੀਤਾ ਗਿਆ ਹੈ। ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ 327 ਤੋਂ ਵਧੇਰੇ ਸੇਵਾਵਾਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਇਕ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਲੋਕ ਪੱਖੀ ਪਹਿਲ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸੇਵਾਵਾਂ ਉਹਨਾਂ ਦੇ ਦਰਾਂ ਉੱਤੇ ਦੇਣ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਇਹ ਸਹੂਲਤ ਸੇਵਾ ਕੇਂਦਰਾਂ ਰਾਹੀਂ ਲੈਣ ਵਿੱਚ ਕਿਸੇ ਵੀ ਤਰ੍ਹਾਂ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਇਹਨਾਂ ਸੇਵਾਵਾਂ ਦਾ ਲਾਭ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਸਮਾਗਮ ਵਿੱਚ ਜ਼ੋਨਲ ਹੈਡ ਸ਼੍ਰੀ ਅਨਿਲ ਸ਼ਰਮਾ, ਸ੍ਰ ਰਾਜਵਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਸ਼੍ਰੀ ਰੌਸ਼ਨ ਲਾਲ ਅਤੇ ਹੋਰ ਹਾਜ਼ਰ ਸਨ।