• Fri. Dec 13th, 2024

ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ – ਸੁਖਬਿੰਦਰ ਸਿੰਘ ਸਰਕਾਰੀਆ

ByJagraj Gill

Dec 18, 2020

ਖਰਾਬ ਕਣਕ ਵੰਡਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ, ਮਾਮਲਾ ਖੁਰਾਕ ਅਤੇ ਸਪਲਾਈ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ

 

– ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਗਾ, 18 ਦਸੰਬਰ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ) – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸ੍ਰੋਤ, ਮਾਈਨਿੰਗ ਤੇ ਜੌਲੋਜੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਕਾਸ ਕੰਮਾਂ ਵਿਚ ਗੁਣਵੱਤਾ ਨੂੰ ਹੈ ਹੀਲੇ ਬਰਕਰਾਰ ਰੱਖਿਆ ਜਾਵੇ। ਅਜਿਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਵਰਤਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਅੱਜ ਇਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਟਿੰਗ ਦੌਰਾਨ ਸਾਹਮਣੇ ਆਇਆ ਕਿ ਸਰਕਾਰੀ ਤੌਰ ਉੱਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦਾ ਖਿਆਲ ਨਹੀਂ ਰੱਖਿਆ ਜਾ ਰਿਹਾ ਹੈ। ਜਿਸ ਉੱਤੇ ਸ੍ਰ ਸਰਕਾਰੀਆ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਅਜਿਹੇ ਕਿਸੇ ਮਾਮਲੇ ਵਿੱਚ ਸਾਹਮਣੇ ਆਇਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਸ਼ਹਿਰ ਵਿਚ ਕਥਿਤ ਤੌਰ ਉੱਤੇ ਲੱਗ ਰਹੀਆਂ ਘਟੀਆ ਮਿਆਰ ਦੀਆਂ ਐਲ ਈ ਡੀ ਲਾਈਟਾਂ ਦਾ ਮੁੱਦਾ ਉੱਠਣ ਉੱਤੇ ਉਹਨਾਂ ਇਸ ਮਾਮਲੇ ਦੀ ਡਿਪਟੀ ਕਮਿਸ਼ਨਰ ਨੂੰ ਜਾਂਚ ਕਰਵਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਅਗਲੀ ਮੀਟਿੰਗ ਤੋਂ ਪਹਿਲਾਂ ਰਿਪੋਰਟ ਪੇਸ਼ ਕੀਤੀ ਜਾਵੇ

ਉਹਨਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਤਹਿਤ ਹਰੇਕ ਲੋੜਵੰਦ ਲੋਕਾਂ ਨੂੰ ਰਾਸ਼ਨ ਦੀ ਵੰਡ ਯਕੀਨੀ ਬਣਾਈ ਜਾਵੇ। ਖਰਾਬ ਕਣਕ ਦੀ ਵੰਡ ਨਾ ਹੋਣ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਹ ਚੈਕ ਕਰਾਓ ਕਿੱਥੇ ਖਰਾਬ ਵੰਡੀ ਜਾ ਰਹੀ ਹੈ। ਜਿੱਥੇ ਕਣਕ ਵੰਡੀ ਨਹੀਂ ਗਈ, ਉਸ ਬਾਰੇ ਵੀ ਜਾਂਚ ਕੀਤੀ ਜਾਵੇਗੀ। ਉਹਨਾਂ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਇਸ ਮੀਟਿੰਗ ਦਾ ਹਵਾਲਾ ਦੇ ਕੇ ਖਰਾਬ ਕਣਕ ਦਾ ਮਾਮਲਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਉਹਨਾਂ ਮੀਟਿੰਗ ਵਿੱਚ ਉੱਠੇ ਮਾਮਲੇ ਉੱਤੇ ਹਦਾਇਤ ਕੀਤੀ ਕਿ ਜਿਹੜੀਆਂ ਡਰੇਨਾਂ ਦੀ ਸਫਾਈ ਰਹਿੰਦੀ ਹੈ ਉਹ ਤੁਰੰਤ ਕਰਵਾਈ ਜਾਵੇ। ਉਹਨਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਤੰਗ ਜਗ੍ਹਾ ਨੂੰ ਧਿਆਨ ਵਿੱਚ ਰੱਖਦਿਆਂ ਜੇਲ੍ਹ ਅਤੇ ਪੁਲਿਸ ਲਾਈਨ ਇਕੱਠੀ ਬਣਾਉਣ ਦੀ ਤਜਵੀਜ਼ ਬਣਾ ਲਈ ਜਾਵੇ ਤਾਂ ਜੋ ਇਸ ਬਾਰੇ ਪੰਜਾਬ ਸਰਕਾਰ ਵੱਲੋਂ ਪ੍ਰਵਾਨਗੀ ਲਈ ਜਾ ਸਕੇ। ਉਹਨਾਂ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਬ ਡਵੀਜ਼ਨ ਪੱਧਰ ਉੱਤੇ ਹਸਪਤਾਲ ਬਣਾਏ ਜਾ ਰਹੇ ਹਨ।

ਹੱਡਾਂ ਰੋੜੀ ਦੀ ਸਮੱਸਿਆ ਨੂੰ ਪੱਕੇ ਤੌਰ ਉੱਤੇ ਹੱਲ ਕਾਰਨ ਲਈ ਅਤੇ ਮਰੇ ਹੋਏ ਜਾਨਵਰਾਂ ਸੁਚੱਜੇ ਤਰੀਕੇ ਨਾਲ ਸਸਕਾਰ ਦੇ ਲਈ ਨਗਰ ਨਿਗਮ ਮੋਗਾ ਅਤੇ ਬਾਹਰੀ ਇਲਾਕੇ ਵਿਚ ਦੋ ਇੰਸਿਨ੍ਰੇਟਰ ਲਗਾਏ ਜਾ ਰਹੇ ਹਨ। ਅਵਾਰਾ ਕੁੱਤਿਆਂ ਦੀ ਨਸਬੰਦੀ ਦਾ ਕੰਮ ਜੋਰਾਂ ਉੱਤੇ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਪਿੰਡ ਸੁਖਾਨੰਦ, ਸੰਤੁਵਾਲ ਅਤੇ ਹੋਰ ਵੀ ਪਿੰਡਾਂ ਵਿਚ ਥਾਪਰ ਮਾਡਲ ਨਾਲ ਗੰਦੇ ਪਾਣੀ ਦਾ ਨਿਕਾਸ ਕਰਵਾਇਆ ਜਾਵੇਗਾ। ਇਸ ਲਈ ਜੰਗੀ ਪੱਧਰ ਉੱਤੇ ਯਤਨ ਜਾਰੀ ਹਨ। ਉਹਨਾਂ ਹਦਾਇਤ ਕੀਤੀ ਕਿ ਪਿੰਡ ਡਗਰੁ ਕੋਲ ਸਰਵਿਸ ਰੋਡ ਨੂੰ ਤੁਰੰਤ ਤਿਆਰ ਕਰਵਾਇਆ ਜਾਵੇ

ਉਹਨਾਂ ਨਗਰ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਬਣਾਈ ਰੱਖਿਆ ਜਾਵੇ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਕਰੋਨਾ ਕਾਰਨ ਇਹ ਮੀਟਿੰਗ ਲੰਬਾ ਸਮਾਂ ਹੋ ਨਹੀਂ ਪਾਈ। ਪਰ ਹੁਣ ਸਥਿਤੀ ਠੀਕ ਹੋਣ ਕਾਰਨ ਇਹ ਮੀਟਿੰਗ ਹਰੇਕ ਮਹੀਨੇ ਹੋਇਆ ਕਰੇਗੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਪ੍ਰਸ਼ਾਸ਼ਨ ਵੱਲੋਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਸਰਕਾਰੀ ਮਾਪਦੰਡਾਂ ਮੁਤਾਬਿਕ ਪੂਰਾ ਕੀਤਾ ਜਾਵੇਗਾ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀਂ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਸਾਨਾਂ ਦਾ ਰੋਹ ਜਾਰੀ ਹੈ। ਪੰਜਾਬ ਸਰਕਾਰ ਵੀ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਕਈ ਮੰਤਰੀ ਅਤੇ ਵਿਧਾੲਿਕ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਮੀਟਿੰਗ ਸ਼ੁਰੂ ਹੋਣ ਉੱਤੇ ਕਿਸਾਨ ਸੰਘਰਸ਼ ਦੌਰਾਨ ਸਵਾਸ ਤਿਆਗ ਚੁੱਕੇ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ।

ਮੀਟਿੰਗ ਵਿੱਚ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਸ੍ਰ ਦਰਸ਼ਨ ਸਿੰਘ ਬਰਾੜ, ਸ੍ਰ ਸੁਖਜੀਤ ਸਿੰਘ ਲੋਹਗੜ੍ਹ (ਦੋਵੇਂ ਵਿਧਾਇਕ), ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਸਮੂਹ ਉਪ ਮੰਡਲ ਮੈਜਿਸਟਰੇਟ, ਕਮੇਟੀ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ।

 

 

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *