ਵਿਧਾਇਕ ਲਾਡੀ ਢੋਸ ਦੀ ਅਗਵਾਈ ਹੇਠ ‘ਆਪ’ ਦੇ 13 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ

ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨੇ ਅੱਜ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਉਮੀਦਵਾਰਾਂ ਨਾਲ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਵੀ ਮੌਜੂਦ ਰਹੇ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਪਾਰਟੀ ਉਮੀਦਵਾਰਾਂ ਦੇ ਕਾਫਲੇ ਸਮੇਤ ਐਸਡੀਐਮ ਦਫ਼ਤਰ ਪਹੁੰਚੇ, ਜਿੱਥੇ ਸਾਰੇ ਉਮੀਦਵਾਰਾਂ ਨੇ ਵਿਧੀਵਤ ਤੌਰ ‘ਤੇ ਆਪਣੇ ਕਾਗਜ਼ ਦਾਖਲ ਕੀਤੇ। ਇਸ ਦੌਰਾਨ ਕੋਟ ਈਸੇ ਖਾਂ ਵਿੱਚ ਚੋਣੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਨਜ਼ਰ ਆਇਆ।

 ਗੱਲਬਾਤ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਚੋਣਾਂ ਵਿਕਾਸ ਦੇ ਮੁੱਦੇ ਅਤੇ ਲੋਕ ਭਲਾਈ ਦੇ ਏਜੰਡੇ ‘ਤੇ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਤਰਜੀਹ ਦਿੱਤੀ ਹੈ।

ਵਿਧਾਇਕ ਲਾਡੀ ਢੋਸ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਕਾਰਜਾਂ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਗਿਆ, ਜਿਸ ਕਾਰਨ ਪੰਜਾਬ ਕਈ ਖੇਤਰਾਂ ਵਿੱਚ ਪਿੱਛੇ ਰਹਿ ਗਿਆ ਸੀ। ਪਰ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਵਾਅਦਿਆਂ ਅਨੁਸਾਰ ਸੂਬੇ ਨੂੰ ਮੁੜ ਵਿਕਾਸ ਦੀ ਪੱਟੜੀ ‘ਤੇ ਲਿਆਂਦਾ ਹੈ।

ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਵਿੱਚ ਸਾਂਝੇ ਯਤਨਾਂ ਨਾਲ ਵਿਕਾਸ ਦੀ ਨਵੀਂ ਤਸਵੀਰ ਬਣੀ ਹੈ। ਪਿੰਡਾਂ ਵਿੱਚ ਅਧੁਨਿਕ ਪਾਰਕ, ਖੇਡ ਮੈਦਾਨ, ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਮਜ਼ਬੂਤ ਢਾਂਚੇ ਤਿਆਰ ਕੀਤੇ ਗਏ ਹਨ, ਜਿਸ ਨਾਲ ਮਾਡਲ ਪਿੰਡ ਵਿਕਸਤ ਹੋ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਹਿਰਾਂ ਦਾ ਪਾਣੀ ਹੁਣ ਹਰ ਖੇਤ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

ਅੰਤ ਵਿੱਚ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਭਰੋਸਾ ਜਤਾਇਆ ਕਿ ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ।

 

Leave a Reply

Your email address will not be published. Required fields are marked *