ਡਿਪਟੀ ਕਮਿਸ਼ਨਰ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵੱਲੋਂ ਸਰਕਾਰੀ ਵਾਹਨਾਂ ਉੱਪਰ ਲਗਾਏ ਸ਼ਹੀਦ ਸ੍ਰ. ਭਗਤ ਸਿੰਘ ਜੀ ਦੇ ਸਟਿੱਕਰ
ਮੋਗਾ, 28 ਸਤੰਬਰ (ਜਗਰਾਜ ਸਿੰਘ ਗਿੱਲ)
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਸ ਵਾਰ ਸ਼ਹੀਦ-ਏ- ਆਜ਼ਮ ਸ੍ਰ. ਭਗਤ ਸਿੰਘ ਜੀ ਦਾ 115 ਵਾਂ ਜਨਮ ਦਿਵਸ ਬਹੁਤ ਉਤਸ਼ਾਹ ਨਾਲ ਮਨਾ ਕੇ ਵੱਖ-ਵੱਖ ਸਮਾਗਮਾਂ ਅਤੇ ਗਤੀਵਿਧੀਆਂ ਰਾਹੀਂ ਸ੍ਰ. ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਨ੍ਹਾਂ ਸਮਾਗਮਾਂ ਅਤੇ ਗਤੀਵਿਧੀਆਂ ਦੀ ਲੜੀ ਵਿੱਚ ਇੱਕ ਸਾਈਕਲ ਰੈਲੀ ਦਾ ਵੀ ਆਯੋਜਨ ਕੀਤਾ ਗਿਆ। ਇਹ ਸਾਈਕਲ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜੋਗਿੰਦਰ ਸਿੰਘ ਚੌਕ ਮੋਗਾ ਤੱਕ ਕੱਢੀ ਗਈ। ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਾਈਕਲ ਰੈਲੀ ਵਿੱਚ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰਾਂ, ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਵਿੱਚ ਆਪਣਾ ਨਿੱਜੀ ਯੋਗਦਾਨ ਪਾਉਣ ਦਾ ਪ੍ਰਣ ਕੀਤਾ। ਸਾਈਕਲ ਰੈਲੀ ਨੂੰ ਰਵਾਨਾ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਐਸ.ਐਸ.ਪੀ. ਮੋਗਾ ਸ੍ਰ. ਗੁਲਨੀਤ ਸਿੰਘ ਖੁਰਾਨਾ, ਐਸ.ਡੀ.ਐਮ. ਸ੍ਰੀ ਰਾਮ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਸਰਕਾਰੀ ਅਧਿਕਾਰੀਆਂ ਨੇ ਸਰਕਾਰੀ ਵਾਹਨਾਂ ਉੱਪਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਏ ਸ਼ਹੀਦ ਭਗਤ ਸਿੰਘ ਜੀ ਦੇ ਸਟਿੱਕਰਾਂ ਨੂੰ ਪੇਸਟ ਕੀਤਾ।
”ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ” ਨੂੰ ਪ੍ਰੇਰਨਾ ਹਿੱਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈਨਸਿਲ/ਪੇਂਟ ਵੀ ਕੀਤਾ ਗਿਆ। ਇਸ ਦਿਨ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਉੱਤੇ ਸੰਬੋਧਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਚੱਲਣ ਵਾਲੀਆਂ ਬੱਸਾਂ ਵਿੱਚ ਦੇਸ਼ ਭਗਤੀ ਦੇ ਗੀਤ ਚਲਾਏ ਗਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦ ਏ ਆਜਮ ਸ੍ਰ. ਭਗਤ ਸਿੰਘ ਜੀ ਨੂੰ ਸਮਰਪਿਤ ਗਤੀਵਿਧੀਆਂ ਸ਼ਾਮ ਤੱਕ ਜਾਰੀ ਰਹਿਣਗੀਆਂ।