ਮੋਗਾ 29 ਮਾਰਚ (ਜਗਰਾਜ ਲੋਹਾਰਾ,ਮਿੰਟੂ ਖੁਰਮੀ)
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅਜੇ ਤੱਕ ਜ਼ਿਲ੍ਹਾ ਮੋਗਾ ਵਿੱਚ ਕਰੋਨਾ ਦਾ ਕੋਈ ਵੀ ਪਾਜੀਟਿਵ ਕੇਸ ਨਹੀ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਕਰਫਿਊ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ ਪ੍ਰ਼ਕਾਰ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਇਸੇ ਮਕ਼ਸਦ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋ ਅੱਜ 4 ਨਵੇ ਵਟਸਐਪ ਸਹਾਇਤਾ ਨੰਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਰਫਿਊ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਪ੍ਰਾਪਤ ਕਰਨ ਲਈ 83606-30465, 83607-22884, 77430-87321 ਅਤੇ 62807-83422 ਨੰਬਰਾਂ ਉੱਤੇ ਵਟਸਅੇੈਪ ਕਰਕੇ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਰਫਿਊ ਦੌਰਾਨ ਹਰ ਤਰੀਕੇ ਦਾ ਅਧਿਕਾਰੀ ਅਤੇ ਕ੍ਰਮਚਾਰੀ ਜੋ ਜੋ ਆਪਣੀ ਡਿਊਟੀ ਨਿਭਾਅ ਰਿਹਾ ਹੈ ਉਹ ਆਪਣੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਸਕ, ਸੈਨੀਟਾਈਜਰ ਦਾ ਇਸਤੇਮਾਲ ਜਰੂਰ ਕਰੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰਫਿਊ ਦੌਰਾਨ ਜਮ੍ਹਾਂਖੋਰੀ ਜਾਂ ਰੇਟ ਤੋ ਵੱਧ ਚੀਜ ਵੇਚਣ ਵਾਲੀ ਕੋਈ ਵੀ ਗੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ ਅਤੇ ਜੇਕਰ ਇਸ ਤਰ੍ਹਾਂ ਦੀ ਕੋਈ ਵੀ ਗੱਲ ਸਾਹਮਣੇ ਆਉਦੀ ਹੈ ਤਾਂ ਜ਼ਿਲ੍ਹਾ ਵਾਸੀ ਇਨ੍ਹਾਂ ਨੰਬਰਾਂ ਤੇ ਸ਼ਿਕਾਇਤ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਮਜ਼ਬੂਰੀ ਕਾਰਣ ਬਾਹਰ ਜਾਣਾ ਪੈਦਾ ਹੈ ਤਾਂ ਉਹ ਸਮਾਜਿਕ ਦੂਰੀ ਬਣਾ ਕੇ ਰੱਖਣ।
ਸ੍ਰੀ ਸੰਦੀਪ ਹੰਸ ਨੇ ਮੋਗਾ ਵਾਸੀਆਂ ਨੂੰ ਇਹ ਵੀ ਅਪਪੀਲ ਕੀਤੀ ਕਿ ਉਹ ਕਰਫਿਊ ਦੌਰਾਨ ਘਰਾਂ ਵਿੱਚ ਹੀ ਰਹਿ ਕੇ ਕੋਵਿਡ-19 ਖਿਲਾਫ ਛੇੜੀ ਗਈ ਜੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ।
ਉਨ੍ਹਾਂ ਦੱਸਿਆ ਕਿ ਕਰਫਿਊ ਦੌਰਾਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਆਪਣੀਆਂ ਸੇਵਾਵਾਂ ਨੂੰ ਨਿਰਵਿਘਨ ਜਾਰੀ ਰੱਖ ਸਕਦੇ ਹਨ ਅਤੇ ਜੇਕਰ ਕਿਸੇ ਵੀ ਵਿਅਕਤੀ ਦੇ ਕਿਸੇ ਪਸ਼ੂ ਨੂੰ ਕਿਸੇ ਵੀ ਤਰ੍ਹਾਂ ਦੇ ਇਲਾਜ ਦੀ ਲੋੜ ਪੈਦੀ ਹੈ ਤਾਂ ਉਹ ਕਰਫਿਊ ਦੇ ਡਰ ਤੋ ਬਿਨ੍ਹਾਂ ਉਨ੍ਹਾਂ ਨੂੰ ਮੁਹੱਈਆ ਕਰਵਾ ਸਕਦੇ ਹਨ।