ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਅਤੇ ਬਿਨ੍ਹਾਂ ਐਸ.ਐਮ.ਐਸ. ਤੋ ਕੰਬਾਇਨਾਂ ਚਲਾਉਣ ਤੇ ਸਖ਼ਤ ਪਾਬੰਦੀ
ਮੋਗਾ 14 ਅਕਤੂਬਰ
/ਜਗਰਾਜ ਸਿੰਘ ਗਿੱਲ-ਮਨਪ੍ਰੀਤ ਮੋਗਾ/ ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 361837.9 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ 322311.87 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋ 178243 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਖਰੀਦ ਦੇ ਢੁੱਕਵੇਂ ਪ੍ਰਬੰਧਾਂ ਜਰੀਏ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਵੇਚਣ ਲਈ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਈਨ ਨਾਲ ਝੋਨੇ ਦੀ ਕਟਾਈ ਨਾ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਵੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ/ਖੇਤੀਬਾੜੀ ਵਿਭਾਗ/ਫੂਡ ਸਪਲਾਈ ਵਿਭਾਗ ਵੱਲੋ ਆਪਣੇ ਪੱਧਰ ਤੇ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਮਿਸ਼ਨ ਫਤਹਿ ਤਹਿਤ ਕਰੋਨਾ ਦੇ ਸੰਕਰਮਣ ਤੋ ਕਿਸਾਨਾਂ ਨੂੰ ਬਚਾਉਣ ਲਈ ਅਤੇ ਕਿਸਾਨਾਂ ਦੀ ਮੰਡੀਆਂ ਵਿਚਲੀ ਖੱਜਲ ਖੁਆਰੀ ਨੂੰ ਘਟਾਉਣ ਲਈ ਟੋਕਨ ਸਿਸਟਮ ਰਾਹੀ ਮੰਡੀਆਂ ਵਿੱਚ ਕਿਸਾਨਾਂ ਦੀ ਐਟਰੀ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 139045 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 90186 ਮੀਟ੍ਰਿਕ ਟਨ, ਪਨਸਪ ਵੱਲੋਂ 52848.87 ਮੀਟ੍ਰਿਕ ਟਨ, ਵੇਅਰਹਾਊਸ ਵੱਲੋ 38932 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1300 ਮੀਟ੍ਰਿਕ ਟਨ ਝੋਨਾ ਖ੍ਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾਵੇਗਾ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈ ਰਹੇ ਹਨ, ਇਸ ਲਈ ਐਸ.ਐਮ.ਐਸ. ਤੋ ਬਿਨਾਂ ਕਿਸੇ ਵੀ ਕੰਬਾਇਨ ਨੂੰ ਚੱਲਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ।
ਜਿਲਾ ਮੋਗਾ ਅੰਦਰ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐਸ.ਐਮ.ਐਸ.) ਤੋ ਬਿਨਾਂ ਚੱਲਣ ਵਾਲੀਆਂ ਕੰਬਾਇਨਾਂ ਜਬਤ ਕੀਤੀਆਂ ਜਾਣਗੀਆਂ। ਝੋਨੇ ਦੇ ਨਾੜ (ਪਰਾਲੀ) ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਪਰੋਕਤ ਧਾਰਾਵਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਧਾਰਾ 188 ਆਈ.ਪੀ.ਸੀ. ਅਤੇ ਧਾਰਾ 51 ਬੀ ਤਹਿਤ ਕੇਸ ਰਜਿਸਟਰਡ ਕੀਤਾ ਜਾਵੇਗਾ ਜਿਸ ਵਿੱਚ ਕੈਦ ਦੀ ਸਜ਼ਾ ਅਤੇ ਜੁਰਮਾਨਾ ਦੋਨਾਂ ਦਾ ਉਪਬੰਧ ਹੈ।
ਉਨ੍ਹਾਂ ਕਿਹਾ ਕਿ ਜ਼ਿਲਾ ਮੋਗਾ ਦੀ ਹਦੂਦ ਅੰਦਰ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ‘ਤੇ ਵੀ ਮਿਤੀ 31 ਦਸੰਬਰ 2020 ਤੱਕ ਮੁਕੰਮਲ ਪਾਬੰਦੀ ਲਗਾਈ ਗਈ ਹੈ।