ਕਿਸਾਨਾਂ ਨੂੰ ਜਾਰੀ ਕੀਤੇ ਜਾਣਗੇ ‘ ਕਿਸਾਨ ਕ੍ਰੈਡਿਟ ਕਾਰਡ
24 ਅਪ੍ਰੈਲ ਨੂੰ ਪਿੰਡਾਂ ਵਿੱਚ ਵਿਸ਼ੇਸ਼ ਪੰਚਾਇਤ ਸਭਾਵਾਂ ਬੁਲਾਈਆਂ ਜਾਣਗੀਆਂ – ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦਾ ਨਿਸ਼ਾਨਾ – ਵਧੀਕ ਡਿਪਟੀ ਕਮਿਸ਼ਨਰ
ਮੋਗਾ, 21 ਅਪ੍ਰੈਲ (ਜਗਰਾਜ ਸਿੰਘ ਗਿੱਲ) – ਜ਼ਿਲ੍ਹਾ ਮੋਗਾ ਦੇ ਹਰੇਕ ਕਿਸਾਨ ਨੂੰ ‘ ਕਿਸਾਨ ਕ੍ਰੈਡਿਟ ਕਾਰਡ ‘ ਸਮੇਤ ਹੋਰ ਸਹੂਲਤਾਂ ਨਾਲ ਜੋੜਨ ਦੇ ਮਕਸਦ ਨਾਲ 24 ਅਪ੍ਰੈਲ ਤੋਂ 1 ਮਈ ਤੱਕ ‘ ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ‘ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦਾ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਭ ਲੈਣਾ ਚਾਹੀਦਾ ਹੈ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦਿੱਤੀ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਨੂੰ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਚਲਾਇਆ ਜਾਣਾ ਹੈ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਲੀਡ ਬੈਂਕ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਡੇਅਰੀ ਵਿਕਾਸ ਵਿਭਾਗ, ਮਾਲ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਕਿਸਾਨਾਂ ਨੂੰ ‘ ਕਿਸਾਨ ਕ੍ਰੈਡਿਟ ਕਾਰਡ ‘ ਜਾਰੀ ਕੀਤੇ ਜਾਣਗੇ ਅਤੇ ਹੋਰ ਲਾਭਪਾਤਰੀ ਸਕੀਮਾਂ ਲਈ ਰਜਿਸਟਰ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਪਿੰਡਾਂ ਵਿੱਚ 24 ਅਪ੍ਰੈਲ ਵਿਸ਼ੇਸ਼ ਪੰਚਾਇਤ ਸਭਾਵਾਂ ਬੁਲਾਈਆਂ ਜਾਣਗੀਆਂ। ਸਰਪੰਚ ਅਤੇ ਪੰਚਾਇਤ ਸਕੱਤਰ ਵੱਧ ਤੋਂ ਵੱਧ ਕਿਸਾਨਾਂ ਨੂੰ ਇਹਨਾਂ ਸਭਾਵਾਂ ਵਿੱਚ ਲਿਆਉਣਗੇ। ਸਾਰੀਆਂ ਬੈਂਕਾਂ ਦੇ ਪ੍ਰਬੰਧਕਾਂ ਵੱਲੋਂ ਬੈਂਕਾਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਯੋਗ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਸਮੇਤ ਹੋਰ ਸਕੀਮਾਂ ਲਈ ਰਜਿਸਟਰ ਕੀਤਾ ਜਾਵੇਗਾ। ਉਹਨਾਂ ਮਾਲ ਵਿਭਾਗ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹਨਾਂ ਸਭਾਵਾਂ ਵਿੱਚ ਰਿਕਾਰਡ ਸਮੇਤ ਸ਼ਾਮਿਲ ਹੋਣ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਹਰਚਰਨ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਉਹਨਾਂ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਵੱਧ ਤੋਂ ਵੱਧ ਕਿਸਾਨਾਂ ਦੇ ਕਿਸਾਨ ਕ੍ਰੈਡਿਟ ਕਾਰਡ ਬਣਾ ਕੇ ਸਕੀਮਾਂ ਦਾ ਲਾਭਪਾਤਰੀ ਬਣਾਇਆ ਜਾਵੇ। ਮੀਟਿੰਗ ਵਿੱਚ ਹਾਜ਼ਰ ਨਬਾਰਡ ਦੇ ਡੀ ਡੀ ਐੱਮ ਸ਼੍ਰੀ ਰਸ਼ੀਦ ਲੇਖੀ ਨੇ ਬੈਂਕ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਦੌਰਾਨ ਵੱਧ ਤੋਂ ਵੱਧ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰਨ। ਉਹਨਾਂ ਬੈਂਕ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਦੌਰਾਨ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀ ਜਾਣਕਾਰੀ ਸਾਂਝੀ ਕਰਨ। ਇਸ ਮੀਟਿੰਗ ਵਿੱਚ ਮੋਗਾ ਦੇ ਐੱਸ ਡੀ ਐੱਮ ਸ੍ਰ ਸਤਵੰਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।