• Fri. Sep 20th, 2024

ਕਿਸਾਨ ਵੀਰ ਵਾਤਾਵਰਨ ਅਤੇ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ/ਡਿਪਟੀ ਕਮਿਸ਼ਨਰ ਮੋਗਾ

ByJagraj Gill

Oct 11, 2020

ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕਰਨ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਚਲਾਇਆ ਸਾਈਕਲ

ਮੋਗਾ 11 ਅਕਤੂਬਰ

(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ) –

 

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਅਤੇ ਮਨੁੱਖੀ ਜਾਨਾਂ ਉਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਵੱਖ ਵੱਖ ਪਿੰਡਾਂ ਵਿੱਚ ਸਾਈਕਲ ਰੈਲੀ ਕੱਢੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਮੁਲਾਜ਼ਮਾਂ ਤੋਂ ਇਲਾਵਾ ਲੋਕਾਂ ਨੇ ਹਿੱਸਾ ਲਿਆ। ਇਹ ਰੈਲੀ ਅੱਜ ਸਵੇਰੇ ਸਥਾਨਕ ਜੋਗਿੰਦਰ ਚੌਕ ਤੋਂ ਸ਼ੁਰੂ ਹੋ ਕੇ ਪਿੰਡ ਦੁੱਨੇਕੇ, ਘੱਲ ਕਲਾਂ, ਬੁਕਣਵਾਲਾ, ਮੋਠਾਂਵਾਲੀ, ਘੱਲ ਕਲਾਂ ਅਤੇ ਦੁੱਨੇਕੇ ਤੋਂ ਹੁੰਦੀ ਹੋਈ ਵਾਪਿਸ ਜੋਗਿੰਦਰ ਚੌਕ ਮੋਗਾ ਵਿਖੇ ਸਮਾਪਤ ਹੋਈ। ਰੈਲੀ ਦੀ ਅਗਵਾਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਨੇ ਕੀਤੀ। ਦੱਸਣਯੋਗ ਹੈ ਕਿ ਨੈਸਲੇ ਨੇ ਸਾਈਕਲ ਰੈਲੀ ਵਿੱਚ ਭਾਗ ਲੈਣ ਵਾਲਿਆਂ ਨੂੰ ਪੌਸ਼ਟਿਕ ਰਿਫਰੈਸ਼ਮੈਂਟ ਮੁਹੱਈਆ ਕਰਵਾਈ। ਸਾਈਕਲ ਸਵਾਰ ਨੌਜਵਾਨਾਂ ਨੂੰ ਨੇਸਪਲੱਸ ਫਲੇਕਸ ਅਤੇ ਨੇਸਲ ਏ + ਦੁੱਧ ਨੈਸਲੇ ਮੋਗਾ ਫੈਕਟਰੀ ਤੋਂ ਦਿੱਤੇ ਗਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੀ ਹੰਸ ਅਤੇ ਸ੍ਰ ਗਿੱਲ ਨੇ ਦੱਸਿਆ ਕਿ ਇਸ ਰੈਲੀ ਰਾਹੀਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਵਾਤਾਵਰਨ ਅਤੇ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਉਹਨਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀਆਂ ਘਟਨਾਵਾਂ ਨੂੰ ਪੁਖਤਾ ਤਰੀਕੇ ਨਾਲ ਰੋਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਨੇ ਨਵੀਂ ਮੋਬਾਈਲ ਐਪਲੀਕੇਸ਼ਨ ਏ ਟੀ ਆਰ ਬਣਾਈ ਹੈ। ਇਸ ਐਪਲੀਕੇਸ਼ਨ ਦੀ ਵਰਤੋਂ ਨਾਲ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਲਿਆਉਣ ਵਿੱਚ ਵੱਡੀ ਸਹਾਇਤਾ ਮਿਲ ਰਹੀ ਹੈ। ਉਹਨਾਂ ਦੱਸਿਆ ਕਿ ਸਾਉਣੀ ਸੀਜ਼ਨ ਵਿੱਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ ‘ਤੇ ਅੱਗ ਲਾਈ ਜਾਂਦੀ ਹੈ, ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ।

ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕੋਵਿਡ-19 ਦੀ ਮਹਾਂਮਾਰੀ ਫੈਲਣ ਦੀਆਂ ਵਿਸ਼ੇਸ਼ ਹਾਲਤਾਂ ਵਿੱਚ ਝੋਨੇ ਦੀ ਪਰਾਲੀ ਸਾੜਣ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ ਕਿਉਂ ਜੋ ਇਸ ਨਾਲ ਪਹਿਲਾਂ ਹੀ ਵੱਖ-ਵੱਖ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀ ਸਿਹਤ ‘ਤੇ ਹੋਰ ਵੀ ਮਾੜਾ ਅਸਰ ਪਵੇਗਾ। ਉਹਨਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਸਫਲ ਬਣਾਉਣ ਲਈ ਵੀ ਸਹਿਯੋਗ ਦੀ ਮੰਗ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਸਲ ਕੱਟਣ ਲਈ ਸਿਰਫ ਸੁਪਰ ਐਸ.ਐਮ.ਐਸ. ਸਿਸਟਮ ਵਾਲੀਆਂ ਕੰਬਾਇਨਾਂ ਨੂੰ ਚੱਲਣ ਦਿੱਤਾ ਜਾਵੇਗਾ। ਵੱਖ ਵੱਖ ਪਿੰਡਾਂ ਵਿੱਚ ਲਗਾਏ ਗਏ ਨੋਡਲ ਅਫ਼ਸਰ ਜ਼ਮੀਨ ਠੇਕੇ ਉਤੇ ਦੇਣ ਵਾਲਿਆਂ ਦੀ ਸੂਚੀ ਤਿਆਰ ਕਰਨਗੇ ਅਤੇ ਹਰੇਕ ਜ਼ਮੀਨ ਮਾਲਕ ਨੂੰ ਫੋਨ ਉਤੇ ਸਾਵਧਾਨ ਕਰਨਗੇ ਕਿ ਜੇਕਰ ਉਸ ਨੇ ਪਰਾਲੀ ਨਾ ਸਾੜੇ ਜਾਣ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਉਸ ਦੇ ਮਾਲ ਰਿਕਾਰਡ ਵਿਚ ਲਾਲ ਅੱਖਰਾਂ (ਰੈੱਡ ਐਂਟਰੀ) ਨਾਲ ਇੰਦਰਾਜ ਕੀਤਾ ਜਾਵੇਗਾ।

ਇਹ ਅਫਸਰ ਉਹਨਾਂ ਕਿਸਾਨਾਂ ਦੀ ਵੀ ਸ਼ਨਾਖਤ ਕਰਨਗੇ ਜਿਨ੍ਹਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਕੋਲ ਸਿੱਧੀ ਪਹੁੰਚ ਕਰਕੇ ਸਮਝਾਉਣਗੇ। ਇਹ ਅਫਸਰ ਪਰਾਲੀ ਸਾੜਣ ਵਾਲੇ ਕਿਸਾਨਾਂ ਦਾ ਪਤਾ ਲਾਉਣਗੇ ਅਤੇ ਪਿੰਡ ਦੇ ਮਾਲ ਪਟਵਾਰੀ ਨੂੰ ਮਾਲ ਵਿਭਾਗ ਵੱਲੋਂ ਵੱਖਰੇ ਤੌਰ ‘ਤੇ ਜਾਰੀ ਹਦਾਇਤਾਂ ਮੁਤਾਬਕ ਮਾਲ ਰਿਕਾਰਡ ਵਿੱਚ ਲੋੜੀਂਦੀ ਐਂਟਰੀ ਕਰਨ ਲਈ ਕਹਿਣਗੇ।

ਇਹ ਨੋਡਲ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰ ਰਹੇ ਹਨ। ਇਸੇ ਤਰ੍ਹਾਂ ਇਹ ਅਧਿਕਾਰੀ ਪੈਂਫਲੈਂਟ ਵੰਡਣ, ਗੁਰਦੁਆਰਿਆਂ ਜਾਂ ਹੋਰ ਤਰੀਕਿਆਂ ਰਾਹੀਂ ਹੋਕੇ ਦਿਵਾਉਣ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਕੂਲਾਂ ਕੋਲ ਪਹੁੰਚ ਕਰਕੇ ਲੈਕਚਰ ਕਰਵਾ ਰਹੇ ਹਨ ਤਾਂ ਕਿ ਵਿਦਿਆਰਥੀ ਅੱਗੇ ਆਪਣੇ ਮਾਪਿਆਂ ਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਾਂਝੀਆਂ ਥਾਵਾਂ, ਕੈਟਲ ਪੌਂਡ ਅਤੇ ਗਊਸ਼ਾਲਾਵਾਂ ਵਿਚ ਪਰਾਲੀ ਇਕੱਠੀ ਕਰਨ ਲਈ ਜ਼ਿਲ੍ਹਿਆਂ ਵਿਚ ਥਾਵਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿੱਥੇ ਕਿਸਾਨ ਜਾਂ ਕੋਈ ਵੀ ਉੱਦਮੀ ਆਪਣੀ ਪਰਾਲੀ ਭੰਡਾਰ ਕਰ ਸਕਦਾ ਹੈ। ਇਹ ਭੰਡਾਰ ਕੀਤੀ ਬਾਸਮਤੀ ਦੀ ਪਰਾਲੀ ਨੂੰ ਉਹਨਾਂ ਥਾਵਾਂ ਉਤੇ ਲਿਜਾਇਆ ਜਾ ਸਕਦਾ ਹੈ, ਜਿੱਥੇ ਇਸ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਬਿਨਾਂ ਸਾੜੇ ਜਾਣ ਤੋਂ ਨਿਪਟਾਉਣ ਲਈ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਦੇ ਹਿੱਸੇ ਵਜੋਂ ਇਸ ਸਾਲ 23500 ਹੋਰ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਵਿਅਕਤੀਗਤ ਜਾਂ ਸਮੂਹਾਂ ਜਾਂ ਸਹਿਕਾਰੀ ਸਭਾਵਾਂ ਰਾਹੀਂ 50 ਫੀਸਦੀ ਤੋਂ 80 ਫੀਸਦੀ ਸਬਿਸਡੀ ਉਤੇ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪਿਛਲੇ ਦੋ ਸਾਲਾਂ ਵਿਚ ਪਰਾਲੀ ਨੂੰ ਖੇਤ ਵਿਚ ਹੀ ਨਿਪਟਾਉਣ ਲਈ 51,000 ਮਸ਼ੀਨਾਂ ਦਿੱਤੀਆਂ ਗਈਆਂ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *