ਨਵੇਂ ਕਾਰਡ ਬਣਾਉਣ ਅਤੇ ਇਸ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਕੀਤਾ ਜਾਵੇਗਾ ਨਿਪਟਾਰਾ-ਰਾਜ ਕਿਰਨ ਕੌਰ
ਮੋਗਾ, 21 ਦਸੰਬਰ
(ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)
ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਚਲਾਏ ਜਾ ਰਹੇ ਪ੍ਰਾਜੈਕਟ (ਯੂ. ਡੀ. ਆਈ. ਡੀ.) ਤਹਿਤ ਜ਼ਿਲ੍ਹਿਆਂ ਵਿੱਚ ਵੱਖ ਵੱਖ ਕੈਂਪ ਲਗਾ ਕੇ ਦਿਵਿਆਂਗਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਮੱਦਦ ਕੀਤੀ ਜਾ ਰਹੀ ਹੈ ਤਾਂ ਕਿ ਜ਼ਿਲ੍ਹਾ ਦਾ ਕੋਈ ਵੀ ਦਿਵਿਆਂਗ ਵਿਅਕਤੀ ਇਹ ਕਾਰਡ ਬਣਾਉਣ ਤੋ ਵਾਂਝਾ ਨਾ ਰਹੇ। ਇਸ ਪ੍ਰੋਜੈਕਟ ਤਹਿਤ ਸਰਕਾਰੀ ਨੁਮਾਇੰਦਿਆਂ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ www.swavlambancard.gov.in ਪੋਰਟਲ ‘ਤੇ ਰਜਿਸਟਰਡ ਕਰਵਾਇਆ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਮਿਸ ਰਾਜ ਕਿਰਨ ਕੌਰ ਨੇ ਦੱਸਿਆ ਕਿ ਦਿਵਿਆਂਜਨਾਂ ਨੂੰ ਇਸ ਕਾਰਡ ਨੂੰ ਬਣਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਅਤੇ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੇ ਮਨੋਰਥ ਵਜੋਂ ਪ੍ਰਾਇਮਰੀ ਸਿਹਤ ਕੇਂਦਰ ਕੋਟ ਈਸੇ ਖਾਂ (ਧਰਮਕੋਟ) ਵਿਖੇ 28 ਦਸੰਬਰ 2020 ਨੂੰ ਸਵੇਰੇ 9 ਵਜੇ ਤੋਂ 3 ਵਜੇ ਤੱਕ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਜਰੀਏ ਦਿਵਿਆਂਗਜਨਾਂ ਨੂੰ ਇਸ ਕਾਰਡ ਬਾਰੇ ਹਰ ਤਰ੍ਹਾਂ ਦੀ ਸਹੂਲੀਅਤ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਨੂੰ ਯਕੀਨੀ ਬਣਾਉਣ।