ਮੋਗਾ, 31 ਦਸੰਬਰ (ਜਗਰਾਜ ਸਿੰਘ ਗਿੱਲ)
ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਕੁਝ ਸਾਵਧਾਨੀਆਂ ਰੱਖਣ ਅਤੇ ਕੁਝ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿੰਨ੍ਹਾਂ ਨੂੰ ਸਰਕਾਰ ਵੱਲੋਂ 15 ਜਨਵਰੀ, 2022 ਤੋਂ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।
ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਮੋਗਾ ਦੀ ਹਦੂਦ ਅੰਦਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ 15 ਜਨਵਰੀ, 2022 ਤੋਂ ਕੁਝ ਪਾਬੰਦੀਆਂ ਲਗਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 15 ਜਨਵਰੀ ਤੋਂ ਸਾਰੀਆਂ ਜਨਤਕ ਥਾਵਾਂ ਜਿਵੇਂ ਕਿ ਸਬਜ਼ੀ ਮੰਡੀ, ਦਾਣਾ ਮੰਡੀ, ਪਬਲਿਕ ਟਰਾਂਸਪੋਰਟ, ਪਾਰਕ, ਧਾਰਮਿਕ ਸਥਾਨ, ਸ਼ਾਪਿੰਗ ਕੰਪਲੈਕਸ, ਲੋਕਲ ਮਾਰਕਿਟ ਅਤੇ ਅਜਿਹੀਆਂ ਹੋਰ ਥਾਵਾਂ ਜਿੱਥੇ ਜਿਆਦਾ ਇਕੱਠ ਹੁੰਦਾ ਹੈ, ਉੱਥੇ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਜਾਣ ਦੀ ਆਗਿਆ ਹੋਵੇਗੀ, ਜਿਨ੍ਹਾਂ ਨੇ ਕੋਵਿਡ ਵੈਕਸੀਨ ਦੀਆਂ ਦੋਨੋ ਖੁਰਾਕਾਂ ਪ੍ਰਾਪਤ ਕੀਤੀਆਂ ਹੋਣ ਜਾਂ ਜਿਨ੍ਹਾਂ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲੱਗਣ ਦੇ ਦਿਨ ਬਾਕੀ ਰਹਿੰਦੇ ਹੋਣਗੇ।
ਹੋਟਲ, ਬਾਰ, ਰੈਸਟੋਰੈਂਟ, ਮਾਲ, ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ, ਜਿੰਮ ਅਤੇ ਫਿਟਨੈਂਸ ਸੈਂਟਰ ਵਿੱਚ ਕੇਵਲ ਉਨ੍ਹਾਂ ਵਿਅਕਤੀਆਂ (18 ਸਾਲ ਤੋਂ ਉੱਪਰ) (ਸਮੇਤ ਸਟਾਫ਼) ਨੂੰ ਜਾਣ ਦੀ ਆਗਿਆ ਹੋਵੇਗੀ, ਜਿੰਨ੍ਹਾਂ ਨੇ ਕੋਵਿਡ ਵੈਕਸੀਨ ਦੀਆਂ ਦੋਨੋ ਖੁਰਾਕਾਂ ਪ੍ਰਾਪਤ ਕੀਤੀਆਂ ਹੋਣ ਜਾਂ ਜਿੰਨ੍ਹਾਂ ਵਿਅਕਤੀਆਂ (18 ਸਾਲ ਤੋਂ ਉੱਪਰ)ਦੇ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲੱਗਣ ਦੇ ਦਿਨ ਬਾਕੀ ਰਹਿੰਦੇ ਹੋਣਗੇ।
ਦੋਨਂੇ ਪ੍ਰਾਈਵੇਟ ਅਤੇ ਸਰਕਾਰੀ ਸੈਕਟਰ ਬੈਂਕਾਂ ਵਿੱਚ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਜਾਣ ਦੀ ਆਗਿਆ ਹੋਵੇਗੀ, ਜਿਨ੍ਹਾਂ ਨੇ ਕੋਵਿਡ ਵੈਕਸੀਨ ਦੀਆਂ ਦੋਨੋਂ ਖੁਰਾਕਾਂ ਪ੍ਰਾਪਤ ਕੀਤੀਆਂ ਹੋਣ ਜਾਂ ਜਿੰਨ੍ਹਾਂ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲੱਗਣ ਦੇ ਦਿਨ ਬਾਕੀ ਰਹਿੰਦੇ ਹੋਣਗੇ।
ਕੋਵੀਸ਼ੀਲਡ ਵੈਕਸੀਨ ਲਾਭਪਾਤਰੀ ਕੋਵਿਡ ਦੀ ਪਹਿਲੀ ਖੁਰਾਕ ਲਗਵਾਉਣ ਤੋਂ 84 ਦਿਨ ਬਾਅਦ ਦੂਜੀ ਖੁਰਾਕ ਲਗਵਾਉਣ ਦੇ ਯੋਗ ਹੋਵੇਗਾ ਅਤੇ ਕੋਵੈਕਸੀਨ ਵੈਕਸੀਨ ਲਾਭਪਾਤਰੀ ਦੀ ਪਹਿਲੀ ਖੁਰਾਕ ਲਗਵਾਉਣ ਤੋਂ 28 ਦਿਨ ਬਾਅਦ ਦੂਜੀ ਖੁਰਾਕ ਲਗਵਾਉਣ ਦੇ ਯੋਗ ਹੋਵੇਗਾ।
ਉਪਰੋਕਤ ਦੇ ਬਾਰੇ ਵਿੱਚ ਕੋਵਿਡ ਢੁਕਵਾਂ ਵਿਵਹਾਰ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣਾ, ਮਾਸਕ ਪਹਿਣਨਾ, ਬਾਰ-ਬਾਰ ਹੱਥ ਧੋਣਾ ਜਾਂ ਸੈਨੇਟਾਈਜ਼ ਕਰਨਾ ਅਤੇ ਜਨਤਕ ਥਾਵਾਂ ਤੇ ਨਾ ਥੱਕਣਾ ਆਦਿ ਸ਼ਾਮਿਲ ਹਨ।
ਉਨ੍ਹਾਂ ਲੋਕਾਂ ਨੂੰ ਮਸ਼ਵਰਾ ਦਿੱਤਾ ਕਿ ਕੋਵਿਡ ਦੀਆਂ ਦੋਨੋਂ ਡੋਜ਼ਾਂ ਤੁਰੰਤ ਲਗਵਾਈਆਂ ਜਾਣ ਤਾਂ ਜ਼ੋ ਹਰ ਵਿਅਕਤੀ ਇਸ ਭਿਆਨਕ ਵਾਈਰਸ ਤੋਂ ਸੁਰੱਖਿਅਤ ਰਹੇ।
ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ ਅਦਾਰਿਆਂ ਵਿਰੁੱਧ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜ਼ਮੈਂਟ ਐਕਟ, 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।