–ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰ ਰਹੀ ਹਰ ਯੋਗ ਉਪਰਾਲੇ-ਵਿਧਾਇਕ ਧਰਮਕੋਟ
– ਪਿਛਲੇ ਸਾਲ ਵਾਂਗ ਇਸ ਸਾਲ ਵੀ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਮੋਗਾ ਦਾ ਨਾਮ ਰੌਸ਼ਨ ਕਰਨਗੇ-ਡਿਪਟੀ ਕਮਿਸ਼ਨਰ
ਧਰਮਕੋਟ/ਮੋਗਾ/ 28 ਅਗਸਤ ਜਗਰਾਜ ਸਿੰਘ ਗਿੱਲ
ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਿੰਨ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-4 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਅੱਜ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। ਜਿਸ ਦਾ ਧਰਮਕੋਟ ਵਿਖੇ ਹਲਕਾ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਜ਼ਿਲ੍ਹਾ ਖੇਡ ਅਫ਼ਸਰ ਮੋਗਾ ਨਾਲ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ।
ਵਿਧਾਇਕ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਤਹਿਤ ਬਲਾਕ ਪੱਧਰੀ ਖੇਡਾਂ 8 ਸਤੰਬਰ ਤੋਂ 15 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਖੇਡਾਂ 25 ਸਤੰਬਰ ਤੋਂ 5 ਅਕਤੂਬਰ ਤੱਕ ਅਤੇ ਰਾਜ ਪੱਧਰੀ ਖੇਡਾਂ ਤਿੰਨ ਗੇੜਾਂ ਵਿੱਚ ਆਯੋਜਿਤ ਹੋਣਗੀਆਂ। ਜਿੰਨਾ ਦੀ ਤਰੀਕ ਬਾਅਦ ਵਿੱਚ ਘੋਸ਼ਿਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਮੋਗਾ ਵਿਖੇ 3 ਸਤੰਬਰ ਤੋਂ ਫੁੱਟਬਾਲ, ਐਥਲੈਟਿਕ, ਖੋਹ ਖੋਹ, ਵਾਲੀਬਾਲ, ਸ਼ੂਟਿੰਗ, ਸਮੈਸ਼ਿੰਗ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਹੁਸ਼ਿਆਰਪੁਰ ਵਿਖੇ 3 ਸਤੰਬਰ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਚੌਥੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।
ਅੱਜ ਇਹ ਮਸ਼ਾਲ ਪਿੰਡ ਕਾਲੇਕੇ, ਧਰਮਕੋਟ ਤੋਂ ਹੁੰਦੀ ਹੋਈ ਬੱਸ ਸਟੈਂਡ ਮੋਗਾ ਤੇ ਗੋਧੇਵਾਲਾ ਵਿਖੇ ਪਹੁੰਚੀ, ਜਿੱਥੋਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀ ਅਗਵਾਈ ਵਿੱਚ ਮਸ਼ਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਮੇਅਰ ਨਿਗਰ ਨਿਗਮ ਸ੍ਰ. ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਤੇ ਹੋਰ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਖਿਡਾਰੀਆਂ ਨੂੰ ਪੂਰੇ ਜੋਸ਼ ਦੀ ਭਾਵਨਾ ਨਾਲ ਇਹਨਾਂ ਖੇਡਾਂ ਦਾ ਹਿੱਸਾ ਬਣਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਹਨਾਂ ਖੇਡਾਂ ਨੂੰ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਯੋਜਿਤ ਕਰਵਾਉਣ ਲਈ ਹਰੇਕ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਇਹਨਾਂ ਖੇਡਾਂ ਦਰਮਿਆਨ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ 29 ਅਗਸਤ ਨੂੰ ਇੱਥੋਂ ਹੀ ਮਸ਼ਾਲ ਨੂੰ ਜ਼ਿਲ੍ਹਾ ਲੁਧਿਆਣਾ ਲਈ ਰਵਾਨਾ ਕੀਤਾ ਜਾਵੇਗਾ। ਉਹਨਾਂ ਉਮੀਦ ਜਤਾਈ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੰਡ ਕੇ ਉਹਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ।