ਜ਼ਿਲ੍ਹਾ ਮੋਗਾ ਵਿੱਚ 396 ਉਮੀਦਵਾਰ ਚੋਣ ਮੈਦਾਨ ਵਿੱਚ
– 172 ਨਾਮਜ਼ਦਗੀਆਂ ਵਾਪਿਸ ਲਈਆਂ
– ਵੋਟਾਂ 14 ਫਰਵਰੀ ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04:00 ਵਜੇ ਤੱਕ ਪੈਣਗੀਆਂ – ਜ਼ਿਲ੍ਹਾ ਚੋਣ ਅਫ਼ਸਰ
ਮੋਗਾ, 6 ਫਰਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਨਗਰ ਨਿਗਮ ਮੋਗਾ ਅਤੇ ਨਗਰ ਪੰਚਾਇਤਾਂ ਬੱਧਨੀ ਕਲਾਂ, ਨਿਹਾਲ ਸਿੰਘ ਵਾਲਾ ਅਤੇ ਕੋਟ ਈਸੇ ਖਾਂ ਦੀਆਂ ਆਮ ਚੋਣਾਂ ਲਈ ਜ਼ਿਲ੍ਹਾ ਮੋਗਾ ਵਿੱਚ 396 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਜਦਕਿ ਬੀਤੇ ਦਿਨੀਂ ਨਾਮਜ਼ਦਗੀਆਂ ਵਾਪਿਸ ਲੈਣ ਦੇ ਦਿਨ 172 ਨਾਮਜ਼ਦਗੀਆਂ ਵਾਪਿਸ ਲੈ ਲਈਆਂ ਗਈਆਂ। ਦੱਸਣਯੋਗ ਹੈ ਕਿ ਕੁੱਲ ਭਰੀਆਂ ਗਈਆਂ 570 ਨਾਮਜ਼ਦਗੀਆਂ ਵਿੱਚੋਂ 568 ਸਹੀ ਪਾਈਆਂ ਗਈਆਂ ਸਨ।
ਇਸ ਤਰ੍ਹਾਂ ਮੋਗਾ ਨਗਰ ਨਿਗਮ, ਕੋਟ ਇਸੇ ਖਾਂ, ਨਿਹਾਲ ਸਿੰਘ ਵਾਲਾ ਅਤੇ ਬਧਨੀ ਕਲਾਂ ਲਈ ਕੁੱਲ 396 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਿਹਨਾਂ ਵਿੱਚ ਕਾਂਗਰਸ ਪਾਰਟੀ ਦੇ 88, ਸ਼੍ਰੋਮਣੀ ਅਕਾਲੀ ਦਲ ਦੇ 77, ਭਾਜਪਾ ਦੇ 28, ਆਪ ਦੇ 84, ਬਸਪਾ ਦੇ 4, ਭਾਰਤੀ ਕਮਿਊਨਿਸਟ ਪਾਰਟੀ ਦਾ 1 ਅਤੇ 114 ਅਜ਼ਾਦ ਉਮੀਦਵਾਰ ਸ਼ਾਮਲ ਹਨ।
ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 4:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ।
ਉਹਨਾਂ ਕਿਹਾ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ-1 ਦੇ ਉਮੀਦਵਾਰ ਲਈ 2.70 ਲੱਖ ਰੁਪਏ, ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।
ਉਹਨਾਂ ਅੱਗੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ। ਇਹ ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ।