ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਉ ਕਾਨਫਰੰਸਿੰਗ ਰਾਹੀਂ ਕੀਤਾ ਉਦਘਾਟਨ
ਮੋਗਾ, 21 ਨਵੰਬਰ
(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸੂਬੇ ਵਿੱਚ ਥਾਂ ਥਾਂ ਉਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸੇ ਕੜੀ ਨੂੰ ਅੱਗੇ ਤੋਰਦਿਆਂ ਅੱਜ ਪੂਰੇ ਪੰਜਾਬ ਵਿੱਚ 107 ਨਵੇਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਉ ਕਾਨਫਰੰਸਿੰਗ ਰਾਹੀਂ ਕੀਤੀ ਗਈ। ਇਹਨਾਂ ਵਿੱਚੋਂ 5 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਜ਼ਿਲ੍ਹਾ ਮੋਗਾ ਵਿੱਚ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੀਤਾ ਦਰਸ਼ੀ ਨੇ ਕੀਤੀ। ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਮੋਗਾ ਵਿੱਚ 5 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਹੋਈ ਹੈ। ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਮੋਗਾ ਵਿੱਚ 67 ਤੰਦਰੁਸਤ ਪੰਜਾਬ ਸਿਹਤ ਕੇਂਦਰ ਚੱਲ ਰਹੇ ਹਨ। ਅੱਜ ਪਿੰਡ ਮਹਿਣਾ, ਤੋਤਾ ਸਿੰਘ ਵਾਲਾ, ਕਪੂਰੇ, ਤਖਾਣਬੱਧ ਅਤੇ ਖੋਸਾ ਪਾਂਡੋ ਵਿੱਚ ਇਹ ਕੇਂਦਰ ਸ਼ੁਰੂ ਹੋਏ। ਸ਼੍ਰੀਮਤੀ ਦਰਸ਼ੀ ਨੇ ਕਿਹਾ ਕਿ ਅੱਜ ਹੋਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਦੀਆਂ ਸਿਹਤ ਸਹੂਲਤਾਂ ਵਿੱਚ ਬਹੁਤ ਵਾਧਾ ਹੋਵੇਗਾ। ਉਹਨਾਂ ਲੋਕਾਂ ਅਪੀਲ ਕੀਤੀ ਕਿ ਉਹ ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਭਰਪੂਰ ਲਾਹਾ ਲੈਣ।
ਉਹਨਾਂ ਕਿਹਾ ਕਿ ਕੋਵੀਡ 19 ਦੇ ਚੱਲਦਿਆਂ ਡਾਕਟਰਾਂ ਅਤੇ ਹੋਰ ਸਿਹਤ ਕਾਮਿਆਂ ਵੱਲੋਂ ਬਹੁਤ ਹੀ ਸ਼ਲਾਘਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਨਿਭਾਏ ਜਾ ਰਹੇ ਰੋਲ ਦੀ ਉਹਨਾਂ ਵਿਸ਼ੇਸ਼ ਤੌਰ ਉੱਤੇ ਪ੍ਰਸ਼ੰਸ਼ਾ ਕੀਤੀ। ਉਹਨਾਂ ਕਿਹਾ ਕਿ ਸਿਹਤ ਕਾਮਿਆਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ ਲੱਖਾਂ ਲੋਕਾਂ ਨੂੰ ਸੁਰੱਖਿਅਤ ਜੀਵਨ ਪ੍ਰਦਾਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੈਦਾਨੀ ਪੱਧਰ ਉਤੇ ਲੋਕਾਂ ਨੂੰ ਦਰਾਂ ਉੱਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਆਗਾਹ ਕੀਤਾ ਕਿ ਕਰੋਨਾ ਦੇ ਮੁੜ ਉਭਾਰ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਹੈ। ਉਹਨਾਂ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਲਈ ਯਤਨ ਕਰਨੇ ਚਾਹੀਦੇ ਹਨ।