ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ ਸਦਕਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਲੱਗੇ ਜ਼ਿਲ੍ਹਾ ਮੋਗਾ ਦੇ ਅਗਾਂਹਵਧੂ ਕਿਸਾਨ
ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ-44 ਨਾ ਲਗਾਉਣ ਦੀ ਕੀਤੀ ਅਪੀਲ
ਮੋਗਾ, 9 ਜੂਨ ਜਗਰਾਜ ਸਿੰਘ ਗਿੱਲ
ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਰਾਜ ਦੇ ਕਿਸਾਨਾਂ ਨੂੰ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ, ਜ਼ਿਲ੍ਹਾ ਮੋਗਾ ਵਿਖੇ ਵੱਡੇ ਪੱਧਰ ਉੱਤੇ ਸਾਰਥਕ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ, ਪਾਣੀ ਮੁਹੱਈਆ ਕਰਵਾਉਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਮੋਗਾ ਚ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ, ਪਾਣੀ ਮੁਹੱਈਆ ਕਰਵਾਉਣ ਲਈ ਪੀ.ਐਸ.ਪੀ.ਐਲ. ਅਤੇ ਨਹਿਰੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ-44 ਦੀ ਵਿਕਰੀ ਅਤੇ ਬਿਜਾਈ/ਲਵਾਈ ਤੇ ਪੂਰਨ ਪਾਬੰਦੀ ਲਗਾਈ ਹੈ ਕਿਉਂਕਿ ਇਹ ਕਿਸਮਾਂ ਸਰਕਾਰੀ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀਆਂ, ਜਿਸ ਕਾਰਨ ਇਨ੍ਹਾਂ ਦੇ ਮੰਡੀਕਰਨ ਦੀ ਸਮੱਸਿਆ ਆਉਂਦੀ ਹੈ। ਉਹਨਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਤਾਂ ਜੋ ਪਾਣੀ ਅਤੇ ਬਿਜਲੀ ਦੀ ਬੱਚਤ ਹੋ ਸਕੇ। ਉਹਨਾਂ ਕਿਹਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਕਿਸਾਨ ਖੇਤੀ ਮਾਹਿਰਾਂ ਦੀ ਸਲਾਹ ਮੁਤਾਬਿਕ ਪੂਰੇ ਸੰਜਮ ਨਾਲ ਝੋਨੇ ਦੀ ਲਵਾਈ ਕਰਨ। ਉਨ੍ਹਾਂ ਦੱਸਿਆ ਕਿ ਕਿਸਾਨ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ 30 ਜੂਨ ਤੱਕ ਵੈੱਬਸਾਈਟ agrimachinerypb.com ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿਥੇ ਸਿੰਚਾਈ ਵਾਲੇ ਪਾਣੀ ਦੀ 15-20 ਫੀਸਦੀ ਬੱਚਤ ਹੁੰਦੀ ਹੈ ਉਥੇ ਹੀ ਜ਼ਮੀਨਦੋਜ ਪਾਣੀ ਦਾ 10-20 ਫੀਸਦੀ ਜਿਆਦਾ ਰਿਚਾਰਜ ਹੁੰਦਾ ਹੈ।