ਕੁੱਲ 9 ਲੱਖ 36 ਹਜ਼ਾਰ ਮੀਟ੍ਰਿਕ ਟਨ ਖਰੀਦ ਕਰਨ ਦਾ ਟੀਚਾ
ਮੋਗਾ, 5 ਅਪ੍ਰੈਲ (ਜਗਰਾਜ ਸਿੰਘ ਗਿੱਲ) – ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 54 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 53.82 ਕੁਇੰਟਲ ਦਰਜ ਕੀਤੀ ਗਈ ਸੀ।ਉਹਨਾਂ ਕਿਹਾ ਕਿ ਭਾਵੇਂ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 1500 ਹੈਕਟੇਅਰ ਘੱਟ ਕਣਕ ਦੀ ਬਿਜਾਈ ਕੀਤੀ ਗਈ ਹੈ ਪਰ ਵਧੀਆ ਮੌਸਮ ਅਤੇ ਧਰਤੀ ਦੀ ਚੰਗੀ ਉਪਜਾਊ ਸ਼ਕਤੀ ਦੇ ਚੱਲਦਿਆਂ ਪ੍ਰਤੀ ਹੈਕਟੇਅਰ ਪੈਦਾਵਾਰ ਵਧਣ ਦੀ ਪ੍ਰਬਲ ਸੰਭਾਵਨਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ 7 ਲੱਖ 79 ਹਜ਼ਾਰ 630 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਹੋ ਕਿ ਇਸ ਸਾਲ 9 ਲੱਖ 36 ਹਜ਼ਾਰ ਮੀਟ੍ਰਿਕ ਟਨ ਖਰੀਦ ਕਰਨ ਦਾ ਟੀਚਾ ਹੈ।ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹਾ ਮੋਗਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਆਰਜੀ ਖਰੀਦ ਕੇਂਦਰ ਵੀ ਨਿਰਧਾਰਤ ਕੀਤੇ ਜਾਣਗੇ, ਜਿਸ ਲਈ ਪ੍ਰਸਤਾਵਿਤ ਸੂਚੀ ਪੰਜਾਬ ਸਰਕਾਰ ਨੂੰ ਮਨਜੂਰੀ ਲਈ ਭੇਜੀ ਗਈ ਹੈ।ਸ਼੍ਰੀ ਹੰਸ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ।