ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਕਿਸਾਨਾਂ, ਆੜਤੀਆਂ, ਮਜਦੂਰਾਂ ਅਤੇ ਹੋਰ ਲੋਕਾਂ ਦੀ ਜਾਂਚ ਕਰਨ ਦੀ ਹਦਾਇਤ
ਮੋਗਾ, 12 ਅਕਤੂਬਰ
(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ) – ਵਿਸ਼ਵ ਭਰ ਵਿੱਚ ਫੈਲੀ ਕਰੋਨਾ ਮਹਾਂਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੇ ਗਏ ਯਤਨਾਂ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਮੋਗਾ ਵਿੱਚ ਚਾਲੂ ਝੋਨੇ ਦੀ ਖਰੀਦ ਦੌਰਾਨ ਦਾਣਾ ਮੰਡੀਆਂ ਵਿੱਚ ਕਿਸਾਨਾਂ, ਆੜਤੀਆਂ, ਮਜਦੂਰਾਂ ਅਤੇ ਹੋਰ ਲੋਕਾਂ ਦੀ ਸੈਂਪਲਿੰਗ ਜਰੂਰ ਕੀਤੀ ਜਾਵੇ ਤਾਂ ਜੌ ਹਰੇਕ ਵਿਅਕਤੀ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾਵੇ।ਅੱਜ ਸਥਾਨਕ ਮੀਟਿੰਗ ਹਾਲ ਵਿਖੇ ਮਹੀਨਾਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਹੰਸ ਨੇ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਿਮਾਰੀ ਦੀ ਲਾਗ ਤੋਂ ਬਚਾਇਆ ਜਾਵੇ। ਉਹਨਾਂ ਸਿਹਤ ਅਧਿਕਾਰੀਆਂ ਦੇ ਨਾਲ ਨਾਲ ਹੋਰ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਸੈਂਪਲਿੰਗ ਕਰਾਉਣ ਲਈ ਜਾਗਰੂਕ ਕਰਨ। ਜੌ ਵਿਅਕਤੀ ਕਰੋਨਾ ਪੀੜਤ ਪਾਏ ਜਾਂਦੇ ਹਨ ਉਹਨਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਜਰੂਰ ਟੇਸਟ ਕੀਤਾ ਜਾਵੇ ਤਾਂ ਜੌ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਤੋਂ ਪਹਿਲਾਂ ਮਾਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ਼੍ਰੀ ਹੰਸ ਨੇ ਕਿਹਾ ਕਿ ਰਿਕਵਰੀਆਂ ਨੂੰ ਤੇਜ਼ ਕੀਤਾ ਜਾਵੇ ਕਿਉਂਕਿ ਪਿਛਲੇ ਸਮੇਂ ਦੌਰਾਨ ਰਿਕਵਰੀਆਂ ਵਿੱਚ ਕਾਫੀ ਕਮੀ ਆਈ ਹੈ। ਉਹਨਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਕਰਜਾ ਨਹੀਂ ਵਾਪਿਸ ਕਰ ਰਿਹਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਇੰਪੈਕਸ਼ਨ ਕੰਮ ਵੀ ਜਲਦ ਮੁਕੰਮਲ ਕਰਨ ਬਾਰੇ ਹਦਾਇਤ ਕੀਤੀ ਗਈ। ਸ਼੍ਰੀ ਹੰਸ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਅਦਾਲਤੀ ਕੰਮ ਸ਼ੁਰੂ ਕਰਨ ਬਾਰੇ ਕਿਹਾ ਕਿ ਇਸ ਲਈ ਜਰੂਰੀ ਹੈ ਕਿ ਕਰੋਨਾ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਜਰੂਰ ਕੀਤੀ ਜਾਵੇ।
ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਵਿਕਾਸ ਕਾਰਜ ਹਰ ਹੀਲੇ ਜਾਰੀ ਰੱਖੇ ਜਾਣ। ਵੱਧ ਤੋਂ ਵੱਧ ਵਿਕਾਸ ਕਾਰਜ ਮਗਨਰੇਗਾ ਯੋਜਨਾ ਤਹਿਤ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਹਨਾਂ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣਾ ਪ੍ਰਸਤਾਵ ਭੇਜਣ। ਦਫ਼ਤਰੀ ਕੰਮ ਵਿੱਚ ਕਿਸੇ ਵੀ ਤਰ੍ਹਾਂ ਦਾ ਬੈਕਲਾਗ ਨਾ ਰਹਿਣ ਦਿੱਤਾ ਜਾਵੇ। ਉਹਨਾਂ ਉਪ ਮੰਡਲ ਮੈਜਿਸਟਰੇਟਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਮਹੀਨਾਵਾਰ ਮੀਟਿੰਗਾਂ ਤੋਂ ਪਹਿਲਾਂ ਆਪਣੇ ਪੱਧਰ ਉਤੇ ਹੇਠਲੇ ਅਧਿਕਾਰੀਆਂ ਨਾਲ ਮੀਟਿੰਗ ਕਰ ਲਿਆ ਕਰਨ ਤਾਂ ਜੌ ਉਹਨਾਂ (ਡਿਪਟੀ ਕਮਿਸ਼ਨਰ) ਦੀ ਅਗਵਾਈ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਕਿਸੇ ਵੀ ਕੰਮ ਬਾਰੇ ਦੁਬਿਧਾ ਨਾ ਰਹੇ।
ਸ਼੍ਰੀ ਹੰਸ ਨੇ ਸਮੂਹ ਵਿਕਾਸ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਹਦਾਇਤ ਕੀਤੀ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੀਤਾ ਦਰਸ਼ੀ, ਉਪ ਮੰਡਲ ਮੈਜਿਸਟਰੇਟ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੀ ਹਾਜ਼ਰ ਸਨ।