ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦਿਵਿਆਂਗਜਨ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਮੋਗਾ, 8 ਜਨਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਜਾਰੀ ਕਰਨ ਲਈ ਚਲਾਏ ਜਾ ਰਹੇ ਪ੍ਰਾਜੈਕਟ (ਯੂ. ਡੀ. ਆਈ. ਡੀ.) ਤਹਿਤ ਜ਼ਿਲ੍ਹਿਆਂ ਵਿੱਚ ਵੱਖ ਵੱਖ ਕੈਂਪ ਲਗਾ ਕੇ ਦਿਵਿਆਂਗਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਮੱਦਦ ਕੀਤੀ ਜਾ ਰਹੀ ਹੈ ਤਾਂ ਕਿ ਜ਼ਿਲ੍ਹਾ ਮੋਗਾ ਦਾ ਕੋਈ ਵੀ ਦਿਵਿਆਂਗ ਵਿਅਕਤੀ ਇਹ ਕਾਰਡ ਬਣਾਉਣ ਤੋ ਵਾਂਝਾ ਨਾ ਰਹੇ। ਇਸ ਪ੍ਰੋਜੈਕਟ ਤਹਿਤ ਸਰਕਾਰੀ ਨੁਮਾਇੰਦਿਆਂ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ http://www.swavlambancard.gov.in/ ਪੋਰਟਲ ‘ਤੇ ਵੀ ਰਜਿਸਟਰਡ ਕਰਵਾਇਆ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਮਿਸ ਰਾਜ ਕਿਰਨ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਲਈ ਸਰਕਾਰੀ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ 11 ਜਨਵਰੀ 2021 ਨੂੰ ਯੂ.ਡੀ.ਆਈ.ਡੀ. ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਜਰੀਏ ਦਿਵਿਆਂਗਜਨਾਂ ਨੂੰ ਯੂ.ਡੀ.ਆਈ.ਡੀ. ਕਾਰਡ ਨੂੰ ਬਣਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਦੇ ਨਾਲ ਨਾਲ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਵੀ ਮੱਦਦ ਕੀਤੀ ਜਾਵੇਗੀ।
ਮਿਸ ਰਾਜਕਿਰਨ ਕੌਰ ਨੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਆਪਣੇ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਵਾਉਣ ਤਾਂ ਕਿ ਉਹ ਕਿਸੇ ਵੀ ਸਰਕਾਰੀ ਜਾਂ ਗੈਰ ਸਰਕਾਰੀ ਸਕੀਮ ਦਾ ਲਾਹਾ ਪਹਿਲ ਦੇ ਆਧਾਰ ਤੇ ਲੈ ਸਕਣ।