• Thu. Nov 21st, 2024

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਸਖ਼ਤੀ

ByJagraj Gill

Oct 21, 2024

ਸਬੰਧਤ ਅਧਿਕਾਰੀ ਅਤੇ ਐਸ ਐਚ ਓ ਉੱਤੇ ਹੋਵੇਗੀ ਸਖ਼ਤ ਕਾਰਵਾਈ

– ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਵੱਲੋਂ ਸੰਬੰਧਤ ਵਿਭਾਗਾਂ, ਸਮੂਹ ਐਸ ਐਚ ਓਜ਼ ਨਾਲ ਹੰਗਾਮੀ ਮੀਟਿੰਗ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗੀ

– ਸਿਵਲ ਅਤੇ ਪੁਲਿਸ ਅਫ਼ਸਰਾਂ ਨੂੰ ਜ਼ਿਆਦਾ ਸਮਾਂ ਫੀਲਡ ਵਿੱਚ ਰਹਿਣ ਦੇ ਆਦੇਸ਼

– ਜਾਗਰੂਕਤਾ ਨਾਲ ਸਖ਼ਤ ਕਰਵਾਈ ਕਰਨੀ ਵੀ ਬਣਾਈ ਜਾਵੇ ਯਕੀਨੀ

– ਕਿਸਾਨਾਂ, ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਸਹਿਯੋਗ ਦੀ ਅਪੀਲ

ਮੋਗਾ, 21 ਅਕਤੂਬਰ ਜਗਰਾਜ ਸਿੰਘ ਗਿੱਲ 
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਜੇ ਗਾਂਧੀ ਨੇ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ਅਤੇ ਸਮਾਂ ਆਉਣ ਉੱਤੇ ਨਾਜ਼ੁਕ ਥਾਵਾਂ ਤੇ ਸਾਂਝੇ ਤੌਰ ਤੇ ਗਸ਼ਤ ਕੀਤੀ ਜਾਵੇ। ਸਾਰੇ ਐਸ.ਐਚ.ਓਜ਼ ਨੂੰ ਆਦੇਸ਼ ਦਿੱਤੇ ਗਏ ਕਿ ਪੁਲਿਸ ਸਟੇਸ਼ਨਾਂ ਤੋਂ ਬਾਹਰ ਆ ਕੇ ਫੀਲਡ ਵਿੱਚ ਸਖਤ ਚੌਕਸੀ ਵਰਤੀ ਜਾਵੇ।
ਦੱਸਣਯੋਗ ਹੈ ਕਿ ਮਾਨਯੋਗ ਉੱਚ ਅਦਾਲਤ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਸਖ਼ਤੀ ਨਾਲ ਰੋਕਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਾਂਝੇ ਤੌਰ ’ਤੇ ਐਸ.ਡੀ.ਐਮਜ਼, ਡੀ.ਐਸ.ਪੀਜ਼, ਕਲੱਸਟਰ ਅਧਿਕਾਰੀਆਂ ਅਤੇ ਐਸ.ਐਚ.ਓਜ਼ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਅਧਿਕਾਰੀਆਂ ਅਤੇ ਐਸ ਐਚ ਓ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਲੱਸਟਰ ਅਫ਼ਸਰਾਂ ਵਲੋਂ ਅਜਿਹੇ ਪਿੰਡਾਂ ਵਿੱਚ ਪੁਲਿਸ ਕਰਮੀਆਂ ਦੀ ਹਾਜ਼ਰੀ ਵਿੱਚ ਦੌਰੇ ਕਰਨੇ ਚਾਹੀਦੇ ਹਨ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਸੁਨੇਹਾ ਦਿੱਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੇ ਤੌਰ ਤੇ ਗਸ਼ਤ ਲੋਕਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਅਸਰਦਾਰ ਢੰਗ ਨਾਲ ਰੋਕੇਗੀ। ਉਨ੍ਹਾਂ ਸਪਸ਼ਟ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾਣ । ਇਸ ਤੋਂ ਇਲਾਵਾ ਗੁਰਦੁਆਰਿਆਂ, ਮੰਦਿਰਾਂ ਤੇ ਹੋਰ ਧਾਰਮਿਕ ਸਥਾਨਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਅਨਾਊਂਮੈਂਟ ਵੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਿੱਚ ਮਦਦਗਾਰ ਸਾਬਿਤ ਹੋਵੇਗਾ। ਉਹਨਾਂ ਦੱਸਿਆ ਕਿ ਪਰਾਲੀ ਦੇ ਉਚਿਤ ਪ੍ਰਬੰਧਨ ਲਈ ਜ਼ਿਲ੍ਹਾ ਮੋਗਾ ਵਿੱਚ ਮਸ਼ੀਨਰੀ ਦੀ ਕੋਈ ਵੀ ਕਮੀ ਨਹੀਂ ਹੈ। ਕਿਸਾਨਾਂ ਨੂੰ ਇਸਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੀ ਲੋੜ ਹੈ।
ਇਸ ਮੌਕੇ ਐਸ.ਐਸ.ਪੀ. ਨੇ ਵੀ ਐਸ.ਐਚ.ਓਜ਼ ਨੂੰ ਆਦੇਸ਼ ਦਿੱਤੇ ਕਿ ਅਗਲੇ ਸਮੇਂ ਦੌਰਾਨ ਆਪਣੇ-ਆਪਣੇ ਖੇਤਰਾਂ ਵਿੱਚ ਰਹਿ ਕੇ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾ ਸਕੇ।
ਉਨ੍ਹਾਂ ਕਿਹਾ ਕਿ ਮਾਨਯੋਗ ਉੱਚ ਅਦਾਲਤ ਦੇ ਆਦੇਸ਼ਾਂ ਅਨੁਸਾਰ ਸਬੰਧਿਤ ਐਸ.ਐਚ.ਓਜ਼ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਦੀ ਘਟਨਾ ਲਈ ਜਿੰਮੇਵਾਰ ਹੋਣਗੇ ਅਤੇ ਉਨ੍ਹਾਂ ਨੂੰ ਅੱਗ ਲੱਗਣ ਦੇ ਕੇਸਾਂ ਨੂੰ ਰੋਕਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਸ.ਐਚ.ਓਜ਼ ਨੂੰ ਖੇਤਾਂ ਵਿੱਚ ਫਸ਼ਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ “ਜ਼ੀਰੋ ਟੋਲਰੈਂਸ” ਨੀਤੀ ਨੂੰ ਅਪਨਾਉਣਾ ਚਾਹੀਦਾ ਹੈ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *