ਮੋਗਾ, 16 ਜਨਵਰੀ (ਜਗਰਾਜ ਸਿੰਘ ਗਿੱਲ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੀ ਵੰਡ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਮੋਹਰਲੀ ਕਤਾਰ ਦੇ ਕਰੋਨਾ ਯੋਧਿਆਂ ਨੂੰ ਕੋਵਿਡ-19 ਵੈਕਸੀਨ ਲਗਾਉਣੀ ਵੀ ਸ਼ੁਰੂ ਹੋ ਗਈ ਹੈ। ਇਹਨਾਂ ਦੋਵੇਂ ਕਾਰਜਾਂ ਦਾ ਉਦਘਾਟਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਤੋਂ ਵੀਡੀਉ ਕਾਨਫਰੰਸਿੰਗ ਜ਼ਰੀਏ ਕੀਤਾ। ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ ਜਿਸ ਵਿੱਚ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਵਿਸ਼ੇਸ਼ ਤੌਰ ਉੱਤੇ ਹਿੱਸਾ ਲਿਆ।
ਸਮਾਗਮ ਤੋਂ ਬਾਅਦ ਜਾਣਕਾਰੀ ਦਿੰਦਿਆਂ ਡਾਕਟਰ ਹਰਜੋਤ ਕਮਲ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਚੋਣ ਵਾਅਦਾ ਕੀਤਾ ਸੀ ਕਿ ਹਰੇਕ ਘਰ ਨੂੰ ਇੱਕ ਨੌਕਰੀ ਜਾਂ ਰੋਜ਼ਗਾਰ ਜਰੂਰ ਦਿੱਤਾ ਜਾਵੇਗਾ। ਇਸੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਕਾਰੋਬਾਰ ਨਾਲ ਜੋੜਨ ਲਈ ਰਾਸ਼ਨ ਡਿਪੂਆਂ ਦੀ ਵੰਡ ਕੀਤੀ ਜਾ ਰਹੀ ਹੈ। ਪੂਰੇ ਸੂਬੇ ਵਿੱਚ 7200 ਰਾਸ਼ਨ ਡਿਪੂਆਂ ਦੀ ਵੰਡ ਕੀਤੀ ਜਾਣੀ ਹੈ। ਜਿਸ ਵਿਚੋਂ 282 ਇਕੱਲੇ ਜ਼ਿਲ੍ਹਾ ਮੋਗਾ ਵਿੱਚ ਵੰਡੇ ਜਾਣੇ ਹਨ। ਇਹਨਾਂ ਵਿੱਚੋਂ 36 ਸ਼ਹਿਰੀ ਖੇਤਰਾਂ ਵਿੱਚ ਅਤੇ 246 ਦਿਹਾਤੀ ਖੇਤਰਾਂ ਵਿੱਚ ਵੰਡੇ ਜਾਣਗੇ। ਡੀਪੂ ਵੰਡਣ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਜ਼ਿਲ੍ਹਾ ਮੋਗਾ ਦੇ ਸਿਹਤ ਕਰਮਚਾਰੀਆਂ ਲਈ ਕੋਵਿਡ-19 ਵੈਕਸੀਨੇਸ਼ਨ ਲਗਾਉਣੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 8 ਥਾਵਾਂ (7 ਸਰਕਾਰੀ ਅਤੇ 1 ਨਿੱਜੀ) ਦੀ ਪਛਾਣ ਕੀਤੀ ਗਈ ਹੈ ਜਿਥੇ ਮਾਹਰ ਡਾਕਟਰਾਂ ਦੀਆਂ ਵੱਖ-ਵੱਖ ਟੀਮਾਂ ਵੱਲੋ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਮੋਗਾ ਦੇ 1170 ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਮੋਗਾ ਦੇ 1170 ਸਿਹਤ ਕਰਮਚਾਰੀ, ਜਿਨ੍ਹਾਂ ਨੇ ਸਰਕਾਰੀ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ, ਨੂੰ ਕੋਵਿਡ-19 ਵੈਕਸੀਨ ਦਿੱਤੀ ਜਾ ਰਹੀ ਹੈ। ਦੂਜੀ ਵੈਕਸਿਨ 28 ਦਿਨਾਂ ਬਾਅਦ ਲਗਾਈ ਜਾਵੇਗੀ। ਇਸ ਤੋਂ ਬਾਅਦ ਆਂਗਨਵਾੜੀ ਵਰਕਰ, 50 ਸਾਲ ਤੋਂ ਵੱਧ ਦੀ ਉਮਰ ਵਾਲੇ, ਬਿਮਾਰੀ ਤੋਂ ਪੀੜਤ 50 ਸਾਲ ਤੋਂ ਘੱਟ ਉਮਰ ਅਤੇ ਹੋਰ ਲੋਕ ਸ਼ਾਮਲ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਟੀਕਾ ਫਿਲਹਾਲ ਦੁਕਾਨਾਂ ਤੋਂ ਨਹੀਂ ਮਿਲੇਗਾ ਅਤੇ ਸਿਰਫ ਉਹ ਲੋਕ ਇਸ ਅਧੀਨ ਆਉਣਗੇ, ਜਿਨ੍ਹਾਂ ਨੇ ਆਪਣੇ ਆਪ ਨੂੰ ਸਰਕਾਰੀ ਪੋਰਟਲ ‘ਤੇ ਰਜਿਸਟਰਡ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਹੋਣ ‘ਤੇ ਲਾਭਪਾਤਰੀਆਂ ਨੂੰ ਮਿਤੀ ਅਤੇ ਸਥਾਨ ਦੀ ਜਾਣਕਾਰੀ ਦਿੱਤੀ ਜਾਵੇਗੀ, ਜਿਥੇ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਸੋਸ਼ਲ ਮੀਡੀਆ ‘ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਕੋਵਿਡ-19 ਵੈਕਸੀਨ ਸਬੰਧੀ ਅਫਵਾਹਾਂ ਫੈਲਾਉਂਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ ਅਤੇ ਹੋਰ ਵੀ ਹਾਜ਼ਰ ਸਨ।