ਮੋਗਾ (ਜਗਰਾਜ ਸਿੰਘ ਗਿੱਲ)
ਕੈਨੇਡਾ ਦੇ ਵਿੰਨੀਪੈਗ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਪ੍ਰਵਾਸੀ ਪੰਜਾਬੀਆਂ ਅਤੇ ਪਾਰਟੀ ਆਗੂਆਂ ਵੱਲੋਂ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।
ਇਨ੍ਹਾਂ ਦਿਨਾਂ ਮੱਖਣ ਬਰਾੜ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੱਕ ਵਫ਼ਦ ਨਾਲ ਕੈਨੇਡਾ ਦੌਰੇ ’ਤੇ ਹਨ। ਵਿੰਨੀਪੈਗ ਪਹੁੰਚਣ ’ਤੇ ਉੱਥੇ ਵਸਦੇ ਪੰਜਾਬੀ ਭਾਈਚਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਆਗੂਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪ੍ਰਵਾਸੀ ਪੰਜਾਬੀਆਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਹ ਸਵਾਗਤੀ ਸਮਾਗਮ ਅਕਾਲੀ ਆਗੂ ਬਲਕਾਰ ਸਿੰਘ ਵਿਰਕ ਦੇ ਭਤੀਜੇ ਦੇ ਗ੍ਰਹਿ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਵਿੰਨੀਪੈਗ ਵਿੱਚ ਵਸਦੇ ਪੰਜਾਬੀ ਪਰਿਵਾਰਾਂ ਅਤੇ ਅਕਾਲੀ ਦਲ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੱਖਣ ਬਰਾੜ ਲੰਮੇ ਸਮੇਂ ਤੋਂ ਪਾਰਟੀ ਦੀ ਨਿਸ਼ਕਾਮ ਸੇਵਾ ਕਰ ਰਹੇ ਹਨ ਅਤੇ ਲੋਕਾਂ ਦੇ ਮਸਲਿਆਂ ਨੂੰ ਹਮੇਸ਼ਾ ਪਹਿਲ ਦੇ ਆਧਾਰ ’ਤੇ ਉਠਾਉਂਦੇ ਆਏ ਹਨ।
ਇਸ ਮੌਕੇ ਗੁਰਪ੍ਰੀਤ ਸਿੰਘ ਢਿੱਲੋਂ, ਪੰਚਾਇਤ ਅਫ਼ਸਰ, ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਵੇਂ ਆਪਣੇ ਵਤਨ ਤੋਂ ਹਜ਼ਾਰਾਂ ਮੀਲ ਦੂਰ ਹਨ, ਪਰ ਉਨ੍ਹਾਂ ਦੀਆਂ ਭਾਵਨਾਵਾਂ ਅੱਜ ਵੀ ਪੰਜਾਬ ਨਾਲ ਗੂੜ੍ਹੇ ਤੌਰ ’ਤੇ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਹਮੇਸ਼ਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਚਿੰਤਤ ਰਹਿੰਦੇ ਹਨ ਅਤੇ ਹਰ ਮੁਸ਼ਕਲ ਵੇਲੇ ਆਪਣਾ ਯੋਗਦਾਨ ਪਾਉਣ ਲਈ ਤਤਪਰ ਰਹਿੰਦੇ ਹਨ।
ਆਪਣੇ ਸੰਬੋਧਨ ਵਿੱਚ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸਮੂਹ ਸੰਗਤ ਅਤੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਵਸਦੇ ਪੰਜਾਬੀਆਂ ਵੱਲੋਂ ਮਿਲਿਆ ਪਿਆਰ ਅਤੇ ਸਤਿਕਾਰ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਮਿਹਨਤ, ਇਮਾਨਦਾਰੀ ਅਤੇ ਕਾਬਲੀਅਤ ਦੇ ਸਦਕਾ ਵਿਲੱਖਣ ਪਛਾਣ ਬਣਾਈ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪ੍ਰਵਾਸੀ ਭਾਈਚਾਰੇ ਵੱਲੋਂ ਦਿੱਤੇ ਗਏ ਸੁਝਾਅ ਅਤੇ ਵਿਚਾਰ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਏ ਜਾਣਗੇ, ਤਾਂ ਜੋ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕੇ।
ਸਮਾਗਮ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਸਾਰੀਆਂ ਧਿਰਾਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਪੰਜਾਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਸਾਂਝੇ ਯਤਨਾਂ ’ਤੇ ਜ਼ੋਰ ਦਿੱਤਾ।
ਸਮਾਗਮ ਦੇ ਅੰਤ ਵਿੱਚ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਅਜਿਹੇ ਮਿਲਣ-ਮਿਲਾਪ ਅਤੇ ਵਿਚਾਰ-ਵਟਾਂਦਰੇ ਦੇ ਪ੍ਰੋਗਰਾਮ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ।














Leave a Reply