ਮੱਲਾਂਵਾਲਾ 5 ਅਪ੍ਰੈਲ (ਗੌਰਵ ਭਟੇਜਾ)ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਤੇ ਥੋਪੇ ਗਏ ਖੇਤੀ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਲਗਾਤਾਰ ਧਰਨੇ ਦੇ ਰਹੇ ਹਨ।ਖੇਤੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਸਾਰੀਆਂ ਹੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਜਥੇਬੰਦੀ ਦੇ ਵਿਸਥਾਰ ਅਤੇ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿੰਡਾਂ ਚ ਇਕਾਈਆਂ ਦਾ ਗਠਨ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਪਿੰਡ ਮਲੰਗ ਸ਼ਾਹ ਵਿਖੇ ਪੰਜਾਬ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਜਿਸ ਚ ਵੱਡੀ ਗਿਣਤੀ ਚ ਕਿਸਾਨਾਂ ਨੇ ਭਾਗ ਲਿਆ।ਮੀਟਿੰਗ ਤੋਂ ਬਾਅਦ ਪਿੰਡ ਮੁਲੰਗ ਸਾਹ ਵਾਲਾ ਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕਾਈ ਦਾ ਗਠਨ ਕੀਤਾ ਗਿਆ। ਜਿਸ ਵਿਚ ਸਰਬਸੰਮਤੀ ਨਾਲ ਰੇਸ਼ਮ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸੇ ਤਰ੍ਹਾਂ ਹੀ ਸੁਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਦਰਸ਼ਨ ਸਿੰਘ ਮੀਤ ਪ੍ਰਧਾਨ, ਹਰਵੀਰ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ ਪ੍ਰਚਾਰ ਸਕੱਤਰ, ਸੁਖਵਿੰਦਰ ਸਿੰਘ ਨੂੰ ਖਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਪਿੰਡ ਮਲੰਗ ਸ਼ਾਹ ਦੀ ਕਿਸਾਨਾਂ ਦੀ ਨਵੀਂ ਚੁਣੀ ਗਈ ਇਕਾਈ ਨੂੰ ਪੰਜਾਬ ਪ੍ਰਧਾਨ ਫੁਰਮਾਨ ਸਿੰਘ ਸੰਧੂ ਵੱਲੋਂ ਹਾਰ ਪਾ ਕੇ ਕਿਸਾਨਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਅਤੇ ਕਿਸਾਨੀ ਹੱਕਾਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਤ ਕੀਤਾ ਗਿਆ। ਨਵੀਂ ਚੁਣੀ ਇਕਾਈ ਨੇ ਪੰਜਾਬ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੂੰ ਵਿਸ਼ਵਾਸ ਦੁਆਇਆ ਕਿ ਉਹ ਕਿਸਾਨੀ ਹੱਕਾਂ ਲਈ ਦਿਨ ਰਾਤ ਇਕ ਕਰ ਦੇਣਗੇ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪਿੱਛੇ ਨਹੀਂ ਹਟਣਗੇ।
ਸ ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਕਾਲੇ ਕਾਨੂੰਨ ਤੁਰੰਤ ਰੱਦ ਕਰਕੇ M.S.P ਤੇ ਵੱਖਰਾ ਕਾਨੂੰਨ ਬਣਾਉਣਾ ਚਾਹੀਦਾ ਹੈ ਤੇ ਦੇਸ਼ ਤੇ ਪੰਜਾਬ ਭਰ ਦੇ ਕਿਸਾਨਾਂ ਦੀ ਆਵਾਜ਼ ਨੂੰ ਸੁਣ ਕੇ ਆਪਣੀ ਹੱਠਧਰਮੀ ਛੱਡ ਦੇਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਕਾਰਪੋਰੇਟ ਜਗਤ ਦੇ ਮਨਸੂਬਿਆਂ ਨੂੰ ਪ੍ਰਫੁੱਲਤ ਨਹੀਂ ਕਰਨਾ ਚਾਹੀਦਾ। ਸ ਸੰਧੂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੀ ਕੈਪਟਨ ਸਰਕਾਰ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਫੇਲ੍ਹ ਕਰਨ ਦੀਆਂ ਵਿਉਂਤਬੰਦੀਆਂ ਘੜ ਰਹੀ ਹੈ ਤੇ ਕਿਸਾਨੀ ਸੰਘਰਸ਼ ਨੂੰ ਖ਼ਤਮ ਕਰਨ ਲਈ ਨਵੇਂ ਨਵੇਂ ਹੱਥਕੰਡੇ ਅਪਨਾ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਇਨ੍ਹਾਂ ਨੂੰ ਮਨਸੂਬਿਆਂ ਚ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਇਸ ਮੌਕੇ ਲਖਰੂਪ ਸਿੰਘ, ਕੁਲਵੰਤ ਸਿੰਘ, ਜਸਵੀਰ ਸਿੰਘ, ਪਰਗਟ ਸਿੰਘ, ਗਗਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਮੇਜ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਕੰਵਰਪਾਲ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ ਆਦਿ ਕਮੇਟੀ ਦੇ ਮੈਂਬਰ ਹਾਜ਼ਰ ਸਨ ।