ਮੋਗਾ, 19 ਨਵੰਬਰ
(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਲੋਕਾਂ ਦੀ ਭਾਗੀਦਾਰੀ ਨਾਲ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਨੂੰ ਸਫਲ ਕਰਨ ਲਈ ਜਿਲ੍ਹਾ ਮੋਗਾ ਦੀ ਦੇਸ਼ ਭਰ ਵਿੱਚ ਸ਼ਲਾਘਾ ਹੋਈ ਹੈ। ਇਸੇ ਕਰਕੇ ਭਾਰਤ ਸਰਕਾਰ ਵੱਲੋਂ ਅੱਜ ਵਿਸ਼ਵ ਪਖ਼ਾਨਾ ਦਿਵਸ ਮੌਕੇ ਜਿਲ੍ਹਾ ਮੋਗਾ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਮਾਗਮ ਪੂਰੇ ਦੇਸ਼ ਵਿੱਚ ਆਨਲਾਈਨ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਇਹ ਪੁਰਸਕਾਰ ਪ੍ਰਾਪਤ ਕੀਤਾ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਵੀ ਹਾਜ਼ਰ ਸਨ।
ਸਮਾਗਮ ਦੌਰਾਨ ਕੇਂਦਰੀ ਮੰਤਰੀ ਨੇ ਜਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਪੇਂਡੂ ਖੇਤਰਾਂ ਨੂੰ ਖੁੱਲ੍ਹੇਆਮ ਪਖ਼ਾਨਾ ਮੁਕਤ ਕਰਨ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਕੀ ਜਿਲ੍ਹਿਆਂ ਨੂੰ ਵੀ ਮੋਗਾ ਵਰਗੇ ਜਿਲ੍ਹੇ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਸ਼੍ਰੀ ਹੰਸ ਨੇ ਇਸ ਸਨਮਾਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ, ਸਟਾਫ ਅਤੇ ਲੋਕਾਂ ਨੂੰ ਵਧਾਈ ਦਿੰਦਿਆਂ ਜਿਲ੍ਹਾ ਮੋਗਾ ਦੇ ਇਸ ਸਨਮਾਨ ਨੂੰ ਬਰਕਰਾਰ ਰੱਖਿਆ ਜਾਵੇਗਾ। ਉਹਨਾਂ ਦੱਸਿਆ ਕਿ ਬੇਹਤਰੀਨ ਕਾਰਗੁਜ਼ਾਰੀ ਨੂੰ ਦੇਖਦਿਆਂ ਭਾਰਤ ਸਰਕਾਰ ਦੇ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ ਨੇ ਜਿਲ੍ਹਾ ਮੋਗਾ ਦੀ ਚੋਣ ਉਹਨਾਂ 60 ਜਿਲ੍ਹਿਆਂ ਵਿੱਚ ਵੀ ਕੀਤੀ ਹੈ, ਜਿਹਨਾਂ ਵਿੱਚ ਓ ਡੀ ਐੱਫ ਪਲੱਸ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਵੀ ਜਿਲ੍ਹਾ ਮੋਗਾ ਦੇ ਹਰੇਕ ਪਿੰਡ ਵਿੱਚ ਲਾਗੂ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਜਿਲ੍ਹਾ ਮੋਗਾ ਨੂੰ 2 ਅਕਤੂਬਰ ਨੂੰ ਭਾਰਤ ਸਰਕਾਰ ਵੱਲੋਂ ਗੰਦਗੀ ਮੁਕਤ ਭਾਰਤ ਦੇ ਰਾਸ਼ਟਰੀ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਜਲ ਸ਼ਕਤੀ ਮੰਤਰਾਲੇ ਵੱਲੋਂ ਵੀ ਇਸੇ ਸਾਲ ਫਰਵਰੀ ਮਹੀਨੇ ਨਵੀਂ ਦਿੱਲੀ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਜਿਲ੍ਹਾ ਮੋਗਾ ਦੀ ਸਵੱਛ ਭਾਰਤ ਮਿਸ਼ਨ ਨੂੰ ਸਫਲ ਬਣਾਉਣ ਲਈ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਰਾਸ਼ਟਰੀ ਪੱਧਰ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ।
ਉਹਨਾਂ ਦੱਸਿਆ ਕਿ ਜਿਲ੍ਹਾ ਮੋਗਾ ਦੇ ਸਾਰੇ 364 ਪਿੰਡ ਖੁੱਲ੍ਹੇਆਮ ਪਖ਼ਾਨਾ ਮੁਕਤ ਹੋ ਗਏ ਹਨ ਅਤੇ ਇਹਨਾਂ ਸਾਰੇ ਪਿੰਡਾਂ ਵਿੱਚ ਇਸ ਸਥਿਤੀ ਨੂੰ ਲਗਾਤਾਰ ਬਣਾ ਕੇ ਵੀ ਰੱਖਿਆ ਜਾ ਰਿਹਾ ਹੈ। ਇਸ ਸਬੰਧੀ ਵਿਸ਼ਵ ਬੈਂਕ ਵੱਲੋਂ ਵਿਸ਼ਵ ਪੱਧਰੀ ਏਜੰਸੀ ਦੁਆਰਾ ਕਰਵਾਏ ਗਏ ਸਰਵੇ ਅਨੁਸਾਰ ਜਿਲ੍ਹਾ ਮੋਗਾ 100 ਫੀਸਦੀ ਖੁੱਲ੍ਹੇਆਮ ਪਖ਼ਾਨਾ ਮੁਕਤ ਹੋ ਗਿਆ ਹੈ। ਇਸ ਤੋਂ ਇਲਾਵਾ ਜਿਲ੍ਹੇ ਵਿੱਚ ਸੈਨੀਟੇਸ਼ਨ ਅਤੇ ਆਲੇ ਦੁਆਲੇ ਦੀ ਸਫਾਈ ਦੀ ਦਰ ਵੀ 98 ਫੀਸਦੀ ਤੋਂ ਵਧੇਰੇ ਹੈ।
ਸ਼੍ਰੀ ਹੰਸ ਨੇ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਜਿਲ੍ਹਾ ਮੋਗਾ ਨੂੰ ਦੇਸ਼ ਦਾ ਸਭ ਤੋਂ ਸਵੱਛ ਜਿਲ੍ਹਾ ਬਣਾਇਆ ਜਾਵੇਗਾ। ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੰਤਵ ਲਈ ਜਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਕਾਰਤਿਕ ਜਿੰਦਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।