ਮੋਗਾ 29 ਸਤੰਬਰ
(ਜਗਰਾਜ ਸਿੰਘ ਗਿੱਲ ਮਨਪ੍ਰੀਤ, ਮੋਗਾ)
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਵੱਧ ਤੋ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਪਣੇ ਪੈਰਾਂ ਉੱਪਰ ਖੜ੍ਹਾ ਕਰਨ ਦੇ ਮਕਸਦ ਨਾਲ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਇਹ ਰੋਜ਼ਗਾਰ ਮੇਲੇ ਬੇਰੋਜ਼ਗਾਰਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਇਸੇ ਮਕ਼ਸਦ ਤਹਿਤ ਅੱਜ ਦੂਜਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੋਗਾ ਵਿਖੇ ਕਰੋਨਾ ਨੂੰ ਫੈਲਣ ਤੋ ਰੋਕਣ ਦੀਆਂ ਸਾਰੀਆਂ ਸਾਵਧਾਨੀਆਂ ਨੂੰ ਅਪਣਾ ਕੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੋਗਾ ਜ਼ਿਲ੍ਹੇ ਨਾਲ ਸਬੰਧਤ ਭਾਰੀ ਗਿਣਤੀ ਵਿੱਚ ਉਮੀਦਵਾਰਾਂ ਨੇ ਹਿੱਸਾ ਲੈ ਕੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ 1055 ਉਮੀਦਵਾਰਾਂ ਦੀ ਵੱਖ ਵੱਖ ਨਾਮੀ ਕੰਪਨੀਆਂ ਨੇ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਰੋਜ਼ਗਾਰ ਲਈ ਚੋਣ ਕੀਤੀ।ਇਸ ਰੋਜ਼ਗਾਰ ਮੇਲੇ ਵਿੱਚ 10 ਨਾਮੀ ਕੰਪਨੀਆਂ ਨੇ ਭਾਗ ਲਿਆ। ਸ੍ਰੀ ਹੰਸ ਨੇ ਦੱਸਿਆ ਕਿ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ ਇਸ ਵਾਰ ਇਹ ਰੋਜ਼ਗਾਰ ਮੇਲੇ ਬਲਾਕ ਪੱਧਰ ਤੇ ਵੀ ਆਯੋਜਿਤ ਕੀਤੇ ਗਏ ਸਨ ਜਿੰਨ੍ਹਾਂ ਵਿੱਚ ਵੀ ਭਾਰੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਰੋਜ਼ਗਾਰ ਹਾਸਲ ਕੀਤਾ।
ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸੱਕਿਲ ਡਿਵੈਲਪਮੈਟ ਅਤੇ ਟ੍ਰੇਨਿੰਗ ਅਫਸਰ ਮੋਗਾ ਸ਼੍ਰੀਮਤੀ ਪਰਮਿੰਦਰ ਕੋਰ ਨੇ ਦੱਸਿਆ ਕਿ ਮੇਲੇ ਵਿੱਚ ਹਰ ਤਰ੍ਹਾਂ ਦੀ ਯੋਗਤਾ ਵਾਲੇ ਨੌਜਵਾਨ ਨੇ ਭਾਗ ਲੈ ਕੇ ਰੋਜ਼ਗਾਰ ਹਾਸਲ ਕੀਤਾ।