ਕਿਹਾ ! ਹਾਲੇ 45 ਸਾਲ ਤੋਂ ਉੱਪਰ ਉਮਰ ਵਾਲਿਆਂ ਨੂੰ ਦਿੱਤੀ ਜਾ ਰਹੀ ਤਰਜ਼ੀਹ
ਮੋਗਾ, 12 ਮਈ ਜਗਰਾਜ ਸਿੰਘ ਗਿੱਲ ਮਨਪ੍ਰੀਤ ਸਿੰਘ
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਰੂਰੀ ਟੀਕਾਕਰਨ ਹਰੇਕ ਵਿਅਕਤੀ ਦਾ ਕੀਤਾ ਜਾਵੇਗਾ। ਇਸ ਲਈ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਨੂੰ ਸਫ਼ਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਅੱਜ ਆਪਣੇ ਹਫ਼ਤਾਵਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਜਾਣਕਾਰੀ ਦਿੰਦਿਆਂ ਸ਼੍ਰੀ ਹੰਸ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਮਿਤੀ 11 ਮਈ, 2021 ਤੱਕ 91253 (ਕੁੱਲ ਦੋਵੇਂ ਖੁਰਾਕਾਂ) ਟੀਕਾਕਰਨ ਹੋ ਚੁੱਕਾ ਹੈ। ਜਿਸ ਵਿੱਚ 45 ਜਾਂ ਇਸ ਤੋਂ ਵਧੇਰੇ ਉਮਰ ਵਰਗ ਦੇ ਫਰੰਟ ਲਾਈਨ ਵਰਕਰ, ਸਿਹਤ ਵਰਕਰ, ਅਤੇ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀ ਵੱਡੀ ਗਿਣਤੀ ਵਿੱਚ ਸ਼ਾਮਲ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10 ਮਈ, 2021 ਤੋਂ 18 ਤੋਂ 45 ਸਾਲ ਤੱਕ ਦੇ ਹੋਰ ਲੋਕਾਂ ਦਾ ਵੀ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਹਲੇ ਕੇਂਦਰ ਸਰਕਾਰ ਵੱਲੋਂ ਸਪਲਾਈ ਘੱਟ ਮਿਲਣ ਕਰਕੇ ਇਹ ਟੀਕਾਕਰਨ ਮੁਹਿੰਮ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋ ਪਾਈ ਹੈ। ਪੰਜਾਬ ਸਰਕਾਰ ਦੇ ਆਦੇਸ਼ ਉੱਤੇ ਜ਼ਿਲ੍ਹਾ ਮੋਗਾ ਵਿੱਚ ਵੀ ਉਸਾਰੀ ਕਿਰਤੀਆਂ ਦਾ ਟੀਕਾਕਰਨ ਪਹਿਲ ਦੇ ਆਧਾਰ ਉੱਤੇ ਸ਼ੁਰੂ ਕਰ ਦਿੱਤਾ ਗਿਆ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਮੋਗਾ ਦੇ ਹਰੇਕ ਯੋਗ ਵਿਅਕਤੀ ਦਾ ਟੀਕਾਕਰਨ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਸਪਲਾਈ ਘੱਟ ਹੋਣ ਕਾਰਨ ਹਲੇ ਹਰੇਕ ਵਰਗ ਦਾ ਟੀਕਾਕਰਨ ਸੰਭਵ ਨਹੀਂ ਹੋ ਪਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਬਿਲਕੁਲ ਵੀ ਘਬਰਾਉਣਾ ਨਹੀਂ ਚਾਹੀਦਾ ਹੈ। ਜਿਉਂ ਹੀ ਲੋੜੀਂਦੀ ਸਪਲਾਈ ਮਿਲਣ ਲੱਗੇਗੀ ਤਾਂ ਹਰੇਕ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਜਾਵੇਗਾ। ਉਹਨਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵੇਲੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਸੈਂਪਲ ਲੈਣ ਅਤੇ ਟੀਕਾਕਰਨ ਦਾ ਪੂਰਾ ਪ੍ਰਬੰਧ ਹੈ। ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ।