ਮੋਗਾ 20 ਮਾਰਚ ( ਮਿੰਟੂ ਖੁਰਮੀ ਹਿੰਮਤਪੁਰਾ) ਵਧੀਕ ਡਿਪਟੀ ਕਮਿਸ਼ਨਰ (ਜਰਨਲ) ਸ੍ਰੀਮਤੀ ਅਨੀਤਾ ਦਰਸ਼ੀ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰੋਨਾ ਵਾਈਰਸ ਦੀ ਜਾਗਰੂਕਤਾ ਸਬੰਧਤੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਰਾਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀਮਤੀ ਸਵਰਨਜੀਤ ਕੌਰ, ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੋਰੋਨਾ ਵਾਈਰਸ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਵਧੀਕ ਡਿਪਟੀ ਕਮਿਸ਼ਨਰ ਵੱਲੋ ਹਾਜ਼ਰ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੋਰੋਨਾ ਵਾਈਰਸ ਬਾਰੇ ਕੀਤੀਆਂ ਗਈਆਂ ਗਤੀਵਿਧੀਆਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੀਆਂ ਘਰ ਘਰ ਜਾ ਕੇ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਅਤੇ ਵੱਧ ਤੋ ਵੱਧ ਲੋਕਾਂ ਨੂੰ ਇਸ ਕੋਰੋਨਾ ਵਾਈਰਸ ਬਾਰੇ ਜਾਗਰੂਕ ਕਰਨ। ਉਨ੍ਹਾਂ ਮੀਟਿੰਗ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਕੋਰੋਨਾ ਵਾਈਰਸ ਦੀ ਮੋਕ ਡਰੈਲ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਪਬਲਿਕ ਡੀਲਿੰਗ ਵਾਲੇ ਦਫ਼ਤਰਾਂ ਵਿੱਚ ਉਸੇ ਵਿਅਕਤੀ ਦੇ ਦਾਖਲੇ ਨੂੰ ਯਕੀਨੀ ਬਣਾਇਆ ਜਾਵੇ ਜਿਸਦੇ ਨਾਲ ਸਬੰਧਤ ਕੰਮ ਹੈ। ਉਨ੍ਹਾਂ ਕਿਹਾ ਕਿ ਪਬਲਿਕ ਡੀਲਿੰਗ ਵਾਲੇ ਦਫ਼ਤਰਾਂ ਦੇ ਬਾਹਰ ਹੋਣ ਵਾਲੇ ਨਜਾਇਜ ਇਕੱਠ ਤੇ ਵੀ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਘੱਟੋ ਘੱਟ ਇੱਕ ਮੀਟਰ ਦੀ ਦੂਰੀ ਤੇ ਰਹਿ ਕੇ ਹੱਥ ਮਿਲਾਉਣ ਦੀ ਬਿਜਾਇ ਨਮਸਤੇ ਅਤੇ ਹੈਲੋ ਹਾਏ ਨੂੰ ਹੀ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਜੋ ਟੀਮਾਂ ਘਰ ਘਰ ਜਾ ਕੇ ਜਾਗਰੂਕਤਾ ਪੈਦਾ ਕਰ ਰਹੀਆਂ ਹਨ ਉਨ੍ਹਾਂ ਤੇ ਵੀ ਸਖਤ ਨਜ਼ਰ ਰੱਖੀ ਜਾ ਰਹੀ ਹੈ ਤਾਂ ਕਿ ਉਹ ਆਪਣੀ ਡਿਊਟੀ ਕਰਨ ਵਿੱਚ ਕੋਈ ਵੀ ਕੁਤਾਹੀ ਨਾ ਵਰਤਣ ਅਤੇ ਵੱਧ ਤੋ ਵੱਧ ਲੋਕਾਂ ਤੱਕ ਕੋਰੋਨਾ ਵਾਈਰਸ ਦੀ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਸਭ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਅਸੀ ਸਾਰੇ ਖੁਦ ਕੋਰੋਨਾ ਵਾਈਰਸ ਦੇ ਫੈਲਾਅ ਤੋ ਜਾਗਰੂਕ ਹੋ ਕੇ ਹੋਰਨਾਂ ਨੂੰ ਵੀ ਜਾਗਰੂਕ ਕਰੀਏ।
ਇਸ ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਜੀ.ਐਮ. ਡੀ.ਆਈ.ਸੀ. ਰਾਜਨ ਅਰੋੜਾ, ਪਲੇਸਮੈਟ ਅਫ਼ਸਰ ਸੋਨੀਆ ਬਾਜਵਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਸਮੂਹ ਨਗਰ ਪੰਚਾਇਤਾਂ ਅਤੇ ਨਗਰ ਕੌਸਲਾਂ ਦੇ ਕਾਰਜਸਾਧਕ ਅਫ਼ਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕ੍ਰਮਚਾਰੀ ਆਦਿ ਹਾਜ਼ਰ ਸਨ।