ਸਮਾਗਮ ਵਿੱਚ ਕੋਵਿਡ-19 ਦੇ ਸੰਕਰਮਣ ਤੋਂ ਬਚਾਅ ਦਾ ਰੱਖਿਆ ਜਾਵੇ ਖਾਸ ਖਿਆਲ-ਹਰਚਰਨ ਸਿੰਘ
ਕੋਵਿਡ-19 ਦੇ ਚਲਦਿਆਂ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ 15 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਇਸ ਦਿਹਾੜੇ ਮੌਕੇ ਜਿਲ੍ਹਾ ਪੱਧਰੀ ਸਮਾਗਮ ਹਰ ਵਾਰ ਦੀ ਤਰ੍ਹਾਂ ਦਾਣਾ ਮੰਡੀ, ਮੋਗਾ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਸ੍ਰੀ ਹਰਚਰਨ ਸਿੰਘ ਵੱਲੋਂ ਕੀਤਾ ਗਿਆ । ਉਹ ਅੱਜ ਦਾਣਾ ਮੰਡੀ ਮੋਗਾ ਵਿਖੇ ਸਮਾਗਮ ਵਾਲੇ ਸਥਾਨ ਤੇ ਸਬੰਧਤ ਵਿਭਾਗਾਂ ਨਾਲ 15 ਅਗਸਤ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਸੌਂਪੀਆਂ ਗਈਆਂ ਜੁੰਮੇਵਾਰੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਉਨਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਮਾਰੋਹ ਵਾਲੇ ਸਥਾਨ ਨੂੰ ਸੈਨੇਟਾਈਜ਼ ਅਤੇ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਹਾਜ਼ਰੀਨ ਦੇ ਹੱਥਾਂ ਨੂੰ ਸੈਨੇਟਾਈਜ਼ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਦਾ ਰਿਵਿਊ ਕੀਤਾ ਅਤੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਦੱਸਿਆ ਕਿ ਮੁੱਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਉਪਰੰਤ ਪ੍ਰੇਡ ਹੋਵੇਗੀ ਜਿਸ ਵਿਚ ਪੰਜਾਬ ਪੁਲਿਸ ਅਤੇ ਹੋਰ ਟੁਕੜੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਪ੍ਰੇਡ ਦੌਰਾਨ ਮਿਲਟਰੀ ਬੈਂਡ ਵਲੋਂ ਵੀ ਆਪਣੀਆਂ ਸੇਵਾਵਾਂ ਨਿਭਾਈਆਂ ਜਾਣਗੀਆਂ। ਸਮਾਗਮ ਦੌਰਾਨ ਇਕੱਠ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕੀਤਾ ਜਾਵੇਗਾ। ਆਮ ਰਿਹਰਸਲ 7 ਤੋਂ 11 ਜੁਲਾਈ ਤੱਕ ਜਦਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਦਾਣਾ ਮੰਡੀ ਵਿਖੇ ਹੀ ਕਰਵਾਈ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਭਾਸ਼ ਚੰਦਰ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।