ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਰ ਸਾਗਰ ਸੇਤੀਆ ਨੇ ਹੜ੍ਹ ਪੀੜਤਾਂ ਨੂੰ 11.40 ਕਰੋੜ ਮੁਆਵਜਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

‘ਮਿਸ਼ਨ ਪੁਨਰਵਾਸ’ਪੰਜਾਬ ਸਰਕਾਰ 20 ਹਜ਼ਾਰ ਰੁਪੈ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲੀ

ਦੇਸ਼ ਦੀ ਪਹਿਲੀ ਸਰਕਾਰ-ਵਿਧਾਇਕ ਲਾਡੀ ਢੋਸ

*ਕਿਹਾ, ਜੇਕਰ ਪੰਜਾਬ ਸਰਕਾਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕਰਦੀ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ

*ਪ੍ਰਭਾਵਿਤ ਪਰਿਵਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਵੰਡਿਆ ਜਾਵੇਗਾ ਮੁਆਵਜਾ-ਡਿਪਟੀ ਕਮਿਸ਼ਨਰ

 

ਮੋਗਾ, 16 ਅਕਤੂਬਰ (ਜਗਰਾਜ ਸਿੰਘ ਗਿੱਲ)

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਮਿਸ਼ਨ ਪੁਨਰਵਾਸ ਤਹਿਤ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਮੋਗਾ ਦੇ ਹੜ੍ਹ ਪੀੜ੍ਹਤਾਂ ਨੂੰ 11.40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡੀ ਜਾਵੇਗੀ। ਅੱਜ ਹਲਕਾ ਧਰਮਕੋਟ ਦੇ ਸੱਤ ਪਿੰਡਾਂ ਝੁੱਗੀਆਂ, ਦੌਲੇਵਾਲ, ਮੇਲਕ ਕੰਗਾਂ, ਕੰਬੋ ਕਲਾਂ, ਕੰਬੋ ਖੁਰਦ, ਬੱਗੇ, ਢੋਲੇਵਾਲਾ ਖੁਰਦ ਦੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਨਰ ਮੋਗ ਸ਼੍ਰੀ ਸਾਗਰ ਸੇਤੀਆ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹ ਕਾਰਨ ਰਾਜ ਅੰਦਰ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ, ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਵੀ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਧੁੱਸੀ ਬੰਧ ਦੀ ਮੁਰੰਮਤ ਦਾ ਕੰਮ ਪਹਿਲਾਂ ਤੋਂ ਹੀ ਮਜਬੂਤੀ ਨਾਲ ਕੀਤਾ ਗਿਆ ਸੀ, ਜੇਕਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ।

ਉਹਨਾਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹਨਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ, ਦਿਵਾਲੀ ਤੋਂ ਪਹਿਲਾਂ-ਪਹਿਲਾਂ ਉਹਨਾਂ ਦੇ ਹਨ੍ਹੇਰੇ ਘਰਾਂ ਵਿੱਚ ਰੌਸ਼ਨੀ ਦੀ ਚਿਣਗ ਬਾਲੀ ਗਈ ਹੈ। ਉਹਨਾਂ ਕਿਹਾ ਕਿ ਭਾਵੇਂ ਨੁਕਸਾਨ ਦੇ ਮੁਕਾਬਲੇ ਮੁਆਵਜ਼ਾ ਪੂਰਾ ਮੁੱਲ ਨਹੀਂ ਮੋੜ ਸਕਦਾ ਪਰੰਤੂ ਇਸ ਨਾਲ ਸਰਕਾਰ ਵੱਲੋਂ ਇੱਕ ਇਹ ਵਚਨਬੱਤਾ ਜ਼ਾਹਿਰ ਹੋ ਜਾਂਦੀ ਹੈ ਕਿ ਸਰਕਾਰ ਦੁੱਖ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਬੀਜ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ। ਡਾਕਟਰੀ ਜਾਂਚ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸੇਸ਼ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ 100 ਫੀਸਦੀ ਨੁਕਸਾਨੇ ਘਰ ਮਾਲਕਾਂ ਨੂੰ 1 ਲੱਖ 20 ਹਜ਼ਾਰ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ। 15 ਫੀਸਦੀ ਤੱਕ ਨੁਕਸਾਨ ਵਾਲੇ ਘਰਾਂ ਦੇ ਮਾਲਕਾਂ ਨੂੰ 40 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਲਦ ਦਿੱਤਾ ਜਾਵੇਗਾ। ਉਨ੍ਹਾਂ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਫਸਲਾਂ ਜਾਂ ਘਰਾਂ ਦੇ ਮੁਆਵਜੇ ਬਾਰੇ ਕਦੇ ਨਹੀਂ ਸੋਚਿਆ ਸੀ।

ਸ਼੍ਰੀ ਸਾਗਰ ਸੇਤੀਆ ਡਿਪਟੀ ਕਮਿਸ਼ਨਰ, ਮੋਗਾ ਨੇ ਜ਼ਿਲ੍ਹੇ ਵਿੱਚ ਹੜ੍ਹ ਦਾ ਮੁਕਾਬਲਾ ਕਰਨ ਲਈ ਕੀਤੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਆਵਜ਼ਾ ਰਾਸ਼ੀ ਸਮੇਂ ਸਿਰ ਵੰਡਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੰਗਾਮੀ ਸਥਿਤੀ ਦਾ ਮੁਕਾਬਲਾ ਕਰਨ ਲਈ ਅਗਾਊਂ ਪ੍ਰਬੰਧ ਕੀਤੇ ਗਏ ਸਨ। ਭਾਰੀ ਮੀਂਹ ਦੇ ਬਾਵਜੂਦ ਜ਼ਿਲ੍ਹਾ ਮੋਗਾ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਖੇਤਰ ਵਿੱਚ ਇੱਕ ਵੀ ਪਾੜ ਨਹੀਂ ਪੈਣ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਅੱਜ 1.15 ਕਰੋੜ ਦੇ ਮੁਆਵਜਾ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਜੋ ਕਿ ਤੁਰੰਤ ਸਬੰਧਤ ਪੀੜਤਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਣਗੇ। ਉਹਨਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਕਾਨੂਗੋ, ਪਟਵਾਰੀ, ਨਾਇਬ ਤਹਸੀਲਦਾਰ ਜਾਂ ਡੀ ਸੀ ਦਫ਼ਤਰ ਮੋਗਾ ਨਾਲ ਸੰਪਰਕ ਕਰ ਸਕਦਾ ਹੈ। ਉਹਨਾਂ ਵਿਸ਼ਵਾਸ ਦਿਵਾਇਆ ਕਿ ਮੁਆਵਜ਼ਾ ਹਰ ਉਸ ਬੰਦੇ ਨੂੰ ਪਾਰਦਰਸ਼ਤਾ ਨਾਲ ਮਿਲੇਗਾ ਜਿਸ ਦਾ ਇਹਨਾਂ ਬਾਰਿਸ਼ਾਂ ਨਾਲ ਨੁਕਸਾਨ ਹੋਇਆ ਹੈ।
ਇਸ ਮੌਕੇ ਐਸ.ਡੀ.ਐਮ ਧਰਮਕੋਟ ਹਿਤੇਸਵੀਰ ਗੁਪਤਾ, ਸੁਖਬੀਰ ਸਿੰਘ ਮੰਦਰ ਚੇਅਰਮੈਨ ਮਾਰਕੀਟ ਫਤਿਹਗੜ੍ਹ ਪੰਜਤੂਰ,ਮਨਜਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ

Leave a Reply

Your email address will not be published. Required fields are marked *