ਮੋਗਾ, 29 ਨਵੰਬਰ (ਜਗਰਾਜ ਸਿੰਘ ਗਿੱਲ)
ਵੋਟ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਇਸ ਲਈ ਹਰ ਇੱਕ ਯੋਗ ਉਮੀਦਵਾਰ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਇਸਦੀ ਉਚਿੱਤ ਵਰਤੋਂ ਕਰਨੀ ਚਾਹੀਦੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਗਾ ਸ੍ਰੀ ਸਤਵੰਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਚੋਣ ਦਫ਼ਤਰ ਮੋਗਾ ਵੱਲੋਂ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਅਤੇ ਇਸਦੇ ਉੱਚਿਤ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸੇ ਹੀ ਲੜੀ ਤਹਿਤ ਅੱਜ ਹਲਕਾ ਮੋਗਾ ਦੇ ਚੋਣ ਸਟਾਫ਼ ਵੱਲੋਂ ਭਾਰਤ ਅਤੇ ਇੰਡੇਨ ਗੈਸ ਦੀਆਂ ਏਜੰਸੀਆਂ ਵਿੱਚ ਨਿੱਜੀ ਤੌਰ ਤੇ ਭੇਜੇ ਜਾਣ ਵਾਲੇ ਸਿਲੰਡਰਾਂ ਉੱਪਰ ਵੋਟਰ ਜਾਗਰੂਕਤਾ ਦੇ ਸਟਿੱਕਰ ਲਗਾਏ ਗਏ ਤਾਂ ਕਿ ਹਰ ਘਰ ਵਿੱਚ ਵੋਟਰ ਜਾਗਰੂਕਤਾ ਫੈਲਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2021 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਪ੍ਰਕਿਰਿਆ ਜਾਰੀ ਹੈ। ਜਿਨ੍ਹਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2022 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ, ਨੂੰ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਭਾਰਤ ਚੋਣ ਕਮਿਸਨ ਵੱਲੋਂ 30 ਨਵੰਬਰ, 2021 ਤੱਕ ਦਾ ਸਮਾਂ ਦਿੱਤਾ ਗਿਆ ਹੈ। 30 ਨਵੰਬਰ 2021 ਸਰਸਰੀ ਸੁਧਾਈ ਦਾ ਆਖਰੀ ਦਿਨ ਹੈ। ਉਨ੍ਹਾਂ ਕਿਹਾ ਕਿ ਆਖਰੀ ਦਿਨ 30 ਨਵੰਬਰ ਨੂੰ ਆਪਣੇ ਸਬੰਧਤ ਐੱਸ ਡੀ ਐੱਮ ਦਫਤਰ ਵਿੱਚ ਜਾ ਕੇ ਆਪਣੀ ਨਵੀ ਵੋਟ ਦਾ ਫਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਇਸ ਦਿਨ ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਕਿਉਂਕਿ ਇਹ ਮੌਕਾ ਸਿਰਫ਼ ਇੱਕ ਦਿਨ ਲਈ ਹੀ ਰਹਿ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸਨ ਦੀ ਵੈਬਸਾਈਟ www.eci.gov.in ‘ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਦੀ ਹੈ ਤਾਂ 1950 ਟੋਲ ਵੀ ਨੰਬਰ ‘ਤੇ ਮੁਫਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।