ਪੰਜਾਬ ਵਿਧਾਨ ਸਭਾ ਚੋਣਾਂ – 2022 –
ਵੋਟਾਂ ਦੀ ਗਿਣਤੀ ਤੋਂ ਬਾਅਦ ਜੇਤੂ ਜਲੂਸ ਕੱਢਣ `ਤੇ ਮੁਕੰਮਲ ਪਾਬੰਦੀ ਰਹੇਗੀ
ਮੋਗਾ, 9 ਮਾਰਚ
(ਜਗਰਾਜ ਸਿੰਘ ਗਿੱਲ, ਗੁਰਪ੍ਰਸਾਦ ਸਿੱਧੂ) –
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਜ਼ਿਲ੍ਹਾ ਮੋਗਾ ਨਾਲ ਸਬੰਧਤ ਵਿਧਾਨ ਸਭਾ ਹਲਕਾ ਮੋਗਾ/ਬਾਘਾਪੁਰਾਣਾ/ਨਿਹਾਲ ਸਿੰਘ ਵਾਲਾ/ਧਰਮਕੋਟ ਦੀਆਂ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕੀਤੀ ਜਾਣੀ ਹੈ। ਗਿਣਤੀ ਤੋਂ ਬਾਅਦ ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਜੇਤੂ ਉਮੀਦਵਾਰਾਂ ਵੱਲੋਂ ਜੇਤੂ-ਜਲੂਸ ਜਿੱਤ ਦੀ ਖੁਸ਼ੀ ਵਿੱਚ ਕੱਢੇ ਜਾਂਦੇ ਹਨ। ਇਸ ਦੌਰਾਨ ਵਿਰੋਧੀ ਪਾਰਟੀਆਂ ਨਾਲ ਤਕਰਾਰ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਵੋਟਾਂ ਦੀ ਗਿਣਤੀ ਤੋਂ ਬਾਅਦ ਜੇਤੂ ਉਮੀਦਵਾਰਾਂ ਦੇ ਜੇਤੂ-ਜਲੂਸ ਕੱਢਣ ‘ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।
ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰ ਤੋਂ ਸਰਟੀਫਿਕੇਟ ਪ੍ਰਾਪਤ ਕਰਨ ਲਈ ਉਮੀਦਵਾਰ ਜਾਂ ਉਸਦੇ ਅਧਿਕਾਰਤ ਏਜੰਟ ਦੇ ਨਾਲ ਸਿਰਫ਼ 2 ਵਿਅਕਤੀਆਂ ਦੇ ਹੀ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਹਰਚਰਨ ਸਿੰਘ ਨੇ ਦੱਸਿਆ ਕਿ ਉਪਰੋਕਤ ਦੇ ਮੱਦੇਨਜ਼ਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 10 ਮਾਰਚ, 2022 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਉਮੀਦਵਾਰ ਵੱਲੋਂ ਜੇਤੂ-ਜਲੂਸ ਕੱਢਣ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਜਾਂ ਉਸਦੇ ਅਧਿਕਾਰਿਤ ਪ੍ਰਤੀਨਿਧ ਵੱਲੋਂ ਰਿਟਰਨਿੰਗ ਅਫ਼ਸਰ ਤੋਂ ਸਰਟੀਫਿਕੇਟ ਪ੍ਰਾਪਤ ਕਰਨ ਲਈ ਉਨ੍ਹਾਂ ਨਾਲ ਕੇਵਲ 2 ਵਿਅਕਤੀ ਹੀ ਜਾ ਸਕਣਗੇ।
ਉਹਨਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।