ਮੋਗਾ 10 ਦਸੰਬਰ (ਜਗਰਾਜ ਸਿੰਘ ਗਿੱਲ)
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਸਬੰਧਤ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅਤੇ ਪੂਰੇ ਭਾਰਤ ਦੇ ਕਿਸਾਨਾਂ ਦੇ ਹੱਕਾਂ,ਸਮਰਥਨ, ਹੌਂਸਲਾ-ਅਫਜ਼ਾਈ ਅਤੇ ਸਿਹਤਯਾਬੀ ਲਈ ਮੈਡਮ ਸਰਬਜੀਤ ਕੌਰ ਮਾਹਲਾ ਅਤੇ ਮੈਡਮ ਮਾਲਤੀ ਥਾਪਰ(ਸਾਬਕਾ ਮੰਤਰੀ ਪੰਜਾਬ) ਦੀ ਅਗਵਾਈ ‘ਚ ਮੋਮਬੱਤੀ ਕੈਡਲ ਮਾਰਚ ਅਤੇ ਮੋਦੀ ਤੇ ਮੋਦੀ ਦੇ ਕਾਰਪੋਰੇਟ ਘਰਾਣਿਆ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ । ਜਿਸ ਵਿੱਚ ਸੈਂਕੜੇ ਦੀ ਤਾਦਾਦ ਵਿੱਚ ਮਹਿਲਾਵਾਂ ਅਤੇ ਪੁਰਸ਼ਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਕਿਸਾਨੀ ਹੱਕਾਂ ਅਤੇ ਚੱਲ ਰਹੇ ਸੰਘਰਸ਼ ਦੀ ਡਟ ਕੇ ਹਮਾਇਤ ਕੀਤੀ ।
ਮੈਡਮ ਮਾਹਲਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ, ਕਿਸਾਨਾਂ-ਮਜ਼ਦੂਰਾਂ ਦੇ ਦਰਦ ਨੂੰ ਮਹਿਸੂਸ ਕਰਨ ਵਾਲਿਆਂ ਨੂੰ ਮਿਲਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਕਿ ਕੇਂਦਰ ਦੀ ਬੋਲੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕੇ । ਅਤੇ ਉਨ੍ਹਾਂ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਕੜਾਕੇ ਦੀ ਠੰਢ ਵਿੱਚ ਦਿੱਲੀ ਸੜਕਾਂ ਤੇ ਬੈਠੇ ਸਾਡੇ ਕਿਸਾਨਾਂ ਤੇ ਰਹਿਮ ਕਰਨ ਅਤੇ ਇਸ ਮਸਲੇ ਦਾ ਜਲਦੀ ਹੱਲ ਕਰਨ ।