ਸ਼ਹਿਰ ਵਾਸੀਆਂ ਨੂੰ 26 ਕਰੋੜ ਰੁਪਏ ਦੀ ਲਾਗਤ ਨਾਲ ਮੁਹੱਈਆ ਕਾਰਵਾਈਆਂ ਜਾਣਗੀਆਂ ਬੁਨਿਆਦੀ ਸਹੂਲਤਾਂ /ਡਿਪਟੀ ਕਮਿਸ਼ਨਰ

ਮੋਗਾ 24 ਅਕਤੂਬਰ

(ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਉਪਰਾਲਿਆਂ ਤਹਿਤ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸ਼ਹਿਰਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਅਧੀਨ ਸੂਬੇ ਵਿੱਚ 11 ਹਜ਼ਾਰ ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਪ੍ਰੋਗਰਾਮ ਦੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਵੀਡੀਉ ਕਾਨਫਰੰਸਿੰਗ ਜ਼ਰੀਏ ਸ਼ੁਰੂਆਤ ਕੀਤੀ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਉਪ ਮੰਡਲ ਮੈਜਿਸਟਰੇਟ ਮੋਗਾ ਸ੍ਰ ਸਤਵੰਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਕੁਝ ਸਥਾਨਕ ਲੋਕ ਵੀ ਹਾਜ਼ਰ ਸਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹੰਸ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸੂਬੇ ਵਿੱਚ ਕੁੱਲ 11000 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿੱਚੋਂ 3000 ਕਰੋੜ ਰੁਪਏ ਦੇ ਕਾਰਜ ਮੁਕੰਮਲ ਹੋ ਚੁੱਕੇ ਹਨ ਜਦਕਿ ਅਗਲੇ ਇਕ ਸਾਲ ਵਿੱਚ 8000 ਕਰੋੜ ਰੁਪਏ ਦੇ ਕੰਮ ਨੇਪਰੇ ਚਾੜ੍ਹਨ ਲਈ ਕੰਮ ਜੋਰਾਂ ਉਤੇ ਵੀ ਜਾਰੀ ਹਨ। ਇਸ ਪ੍ਰੋਗਰਾਮ ਅਧੀਨ ਸ਼ਹਿਰਾਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ, ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਉਤੇ ਜੋਰ ਦਿੱਤਾ ਰਿਹਾ ਹੈ। ਇਸੇ ਤਰ੍ਹਾਂ ਐੱਲ ਈ ਡੀ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ ਸੋਲਿਡ ਵੇਸਟ ਮੈਨੇਜਮੈਂਟ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ।

ਸ਼੍ਰੀ ਹੰਸ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ 26 ਕਰੋੜ ਰੁਪਏ ਖਰਚੇ ਜਾਣਗੇ, ਜਿਸ ਤਹਿਤ ਮੋਗਾ ਨੂੰ 12 ਕਰੋੜ, ਬਾਘਾਪੁਰਾਣਾ ਨੂੰ 5 ਕਰੋੜ, ਧਰਮਕੋਟ ਨੂੰ 4.20 ਕਰੋੜ, ਫਤਹਿਗੜ੍ਹ ਪੰਜਤੂਰ ਤੇ ਕੋਟ ਇਸੇ ਖਾਂ ਨੂੰ 1.40-1.40 ਕਰੋੜ ਅਤੇ ਨਿਹਾਲ ਸਿੰਘ ਵਾਲਾ ਤੇ ਬੱਧਨੀ ਨੂੰ 1-1 ਕਰੋੜ ਰੁਪਏ ਵਿਕਾਸ ਲਈ ਮਿਲਣਗੇ। ਸ਼੍ਰੀ ਹੰਸ ਨੇ ਕਿਹਾ ਕਿ ਜਿਉਂ ਜਿਉਂ ਪੰਜਾਬ ਕਰੋਨਾ ਦੀ ਮਹਾਂਮਾਰੀ ਤੋਂ ਬਾਹਰ ਅਾ ਰਿਹਾ ਹੈ, ਤਿਉਂ ਤਿਉਂ ਸੂਬੇ ਵਿੱਚ ਵਿਕਾਸ ਕਾਰਜ ਵੀ ਤੇਜੀ ਫੜ੍ਹਨ ਲੱਗੇ ਹਨ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਵਿੱਚ ਅਤੇ ਵਿਕਾਸ ਕਾਰਜਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ।

 

Leave a Reply

Your email address will not be published. Required fields are marked *