ਮੋਗਾ, 17 ਅਪ੍ਰੈਲ (ਜਗਰਾਜ ਸਿੰਘ ਗਿੱਲ ,ਮਨਪ੍ਰੀਤ ਮੋਗਾ) – ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 10 ਅਪ੍ਰੈਲ ਤੋਂ ਜਾਰੀ ਹੈ। ਕਣਕ ਦੀ ਮੰਡੀਆਂ ਵਿੱਚ ਆਮਦ ਨੇ ਤੇਜ਼ੀ ਫੜ੍ਹ ਲਈ ਹੈ। ਜੌ ਕਿਸਾਨ ਦਾਣਾ ਮੰਡੀਆਂ ਵਿੱਚ ਸੁੱਕੀ ਕਣਕ ਲਿਆ ਰਹੇ ਹਨ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆ ਰਹੀ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜਿਹੜੇ ਕਿਸਾਨ ਆਪਣੀ ਵਾਰੀ ਮੁਤਾਬਿਕ ਟੋਕਨ ਦੇ ਨਾਲ ਆ ਰਹੇ ਹਨ ਉਹ ਨਿਰਧਾਰਤ ਸਮੇਂ ਵਿੱਚ ਵਿਹਲੇ ਹੋ ਰਹੇ ਹਨ। ਉਹਨਾਂ ਨੂੰ ਕਿਸੇ ਵੀ ਖੱਜਲ ਖ਼ੁਆਰੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਤੋਂ ਇਲਾਵਾ 148 ਹੋਰ ਅਸਥਾਈ ਯਾਰਡਾਂ ਨੂੰ ਖਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੋਰ ਖਰੀਦ ਕੇਂਦਰ ਸਥਾਪਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗ੍ਰੇਨ (23 ਫੀਸਦੀ), ਮਾਰਕਫੈੱਡ (22 ਫੀਸਦੀ), ਪਨਸਪ (22 ਫੀਸਦੀ), ਵੇਅਰ ਹਾਊਸ (13 ਫੀਸਦੀ) ਅਤੇ ਭਾਰਤੀ ਖੁਰਾਕ ਨਿਗਮ (20 ਫੀਸਦੀ) ਨੂੰ ਖਰੀਦ ਵੰਡ ਕੀਤੀ ਗਈ ਹੈ। ਏਜੰਸੀਆਂ ਆਪਣੇ ਕੋਟੇ ਮੁਤਾਬਿਕ ਖਰੀਦ ਕਰ ਰਹੀਆਂ ਹਨ।
ਜ਼ਿਲ੍ਹਾ ਮੰਡੀ ਅਫ਼ਸਰ ਸ੍ਰ. ਮਨਦੀਪ ਸਿੰਘ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਸਫਾਈ ਅਤੇ ਸਮਾਜਕ ਦੂਰੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਤਰ੍ਹਾਂ ਟੋਕਨ ਸਿਸਟਮ ਨਾਲ ਖਰੀਦ ਕੀਤੀ ਜਾ ਰਹੀ ਹੈ। ਆੜਤੀਆਂ ਨੂੰ ਰੰਗਦਾਰ ਟੋਕਨ ਪਾਸ ਮੁਹੱਈਆ ਕਰਵਾ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ। ਹਰੇਕ ਮੰਡੀ ਵਿੱਚ ਇਸ ਲਈ ਹੱਥ ਧੋਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸ਼੍ਰੀ ਹੰਸ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ ਸੁੱਕੀ ਕਣਕ ਹੀ ਲਿਉਣ ਤਾਂ ਜੌ ਉਹਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਬੈਠਣਾ ਨਾ ਪਵੇ।