ਧਰਮਕੋਟ/ਮੋਗਾ 4 ਨਵੰਬਰ (ਮਿੰਟੂ ਖੁਰਮੀ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਰਿਆ ਸਤਲੁੱਜ ਕਿਨਾਰੇ ਸ਼ਾਨਦਾਰ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਆਗਾਜ਼ ਹੋਇਆ, ਜਿਸ ਨੂੰ 7,000 ਤੋਂ ਵਧੇਰੇ ਸੰਗਤ ਨੇ ਦੇਖਿਆ। ਇਸ ਸ਼ੋਅ ਵਿੱਚ ਵਿਧਾਇਕ ਧਰਮਕੋਟ ਸ੍ਰ. ਸੁਖਜੀਤ ਸਿੰਘ ਲੋਹਗੜ੍ਹ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਅਆਂ, ਚੇਅਰਮੈਨ ਮਾਰਕਿਟ ਕਮੇਟੀ ਧਰਮਕੋਟ ਗੁਰਬੀਰ ਸਿੰਘ ਗੋਗਾ, ਬਲਾਕ ਪ੍ਰਧਾਨ ਕਾਂਗਰਸ ਅਮਰਜੀਤ ਸਿੰਘ ਬਿੱਟੂ ਬੀਜਾਪੁਰ ਅਤੇ ਹੋਰ ਸ਼ਖਸ਼ੀਅਤਾਂ ਨੇ ਵੀ ਵੱਡੀ ਗਿਣਤੀ ਵਿੱਚ ਸੰਗਤ ਨਾਲ ਬੈਠ ਕੇ ਸ਼ੋਅ ਵੇਖਿਆ।
ਇਸ ਦੌਰਾਨ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਦੱਸਿਆ ਕਿ ਇਸ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਭਰ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਨਿੱਜੀ ਤੌਰ ‘ਤੇ ਨਜ਼ਰਸਾਨੀ ਕਰ ਰਹੇ ਹਨ। ਉਨਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਨੂੰ ਆਪਣੇ ਜੀਵਨ ਦੌਰਾਨ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਢੁਕਵਾਂ ਯਤਨ ਕੀਤਾ ਗਿਆ ਹੈ।
ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਇੰਦਰਜੀਤ ਸਿੰਘ ਨੇ ਕਿਹਾ ਕਿ ਬਹੁਤ ਹੀ ਬਾਰੀਕੀ ਨਾਲ ਡਿਜ਼ਾਈਨ ਕੀਤਾ ਗਿਆ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖ਼ਿਲਾਫ਼ ਹਮੇਸ਼ਾ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਧਰਮਕੋਟ ਗੁਰਬੀਰ ਸਿੰਘ ਗੋਗਾ ਨੇ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਬਾਰੇ ਦਿਖਾਏ ਜਾ ਰਹੇ ਇਸ ਸ਼ੋਅ ਨੂੰ ਵੇਖਣ ਲਈ ਇਲਾਕੇ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਐਸ.ਡੀ.ਐਮ. ਮੋਗਾ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਜੋਗਿੰਦਰ ਸਿੰਘ, ਤਹਿਸੀਲਦਾਰ ਪਵਨ ਗੁਲਾਟੀ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕ੍ਰਮਚਾਰੀਆਂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ/ਪੰਚ ਸਾਹਿਬਾਨਾਂ ਤੇ ਸੰਗਤ ਨੇ ਹਾਜ਼ਰੀ ਭਰੀ।