ਮੋਗਾ, 5 ਅਕਤੂਬਰ
(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਹਰੀਸ਼ ਨਾਇਰ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਜਾਣ ਵਾਲੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਆਪਣਾ ਅਹੁਦਾ ਛੱਡਿਆ।
ਦੱਸਣਯੋਗ ਹੈ ਕਿ ਸ਼੍ਰੀ ਹਰੀਸ਼ ਨਾਇਰ 2009 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ, ਖੇਤੀਬਾੜੀ, ਪੰਜਾਬ ਸਰਕਾਰ ਲੱਗੇ ਹੋਏ ਸਨ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਸਰਕਾਰ ਦੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਅੱਜ ਉਹਨਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਰੋਨਾ ਮਹਾਂਮਾਰੀ ਅਤੇ ਝੋਨੇ ਦੀ ਖਰੀਦ ਦੇ ਚੱਲਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਸ਼੍ਰੀ ਹਰੀਸ਼ ਨਾਇਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਖਰੀਦ ਜਾਰੀ ਹੈ। ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਿਸਾਨ ਅਤੇ ਹੋਰ ਧਿਰਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।ਉਹਨਾਂ ਸਪੱਸ਼ਟ ਕੀਤਾ ਕਿ ਮਾਨਯੋਗ ਅਦਾਲਤ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਵਿੱਚ ਝੋਨੇ ਦੀ ਪਰਾਲੀ ਨਾ ਸੜੀ ਜਾਵੇ। ਜੇਕਰ ਕੋਈ ਇਸ ਤਰ੍ਹਾਂ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਇਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਦੀ ਉਲੰਘਣਾ ਵਾਲਾ ਕੋਈ ਵੀ ਬਖਸ਼ਿਆ ਨਹੀਂ ਜਾਏਗਾ।
ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਉਣਾ ਉਹਨਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮੰਨ ਐੱਚ ਨਿੰਬੱਲੇ, ਸ੍ਰ ਹਰਚਰਨ ਸਿੰਘ, ਸ਼੍ਰੀ ਸੁਭਾਸ਼ ਚੰਦਰ ਅਤੇ ਸ੍ਰ ਸੁਰਿੰਦਰ ਸਿੰਘ (ਤਿੰਨੋਂ ਵਧੀਕ ਡਿਪਟੀ ਕਮਿਸ਼ਨਰ), ਸ੍ਰ ਸਤਵੰਤ ਸਿੰਘ ਐੱਸ ਡੀ ਐੱਮ ਮੋਗਾ, ਸ੍ਰ ਰਾਮ ਸਿੰਘ ਐੱਸ ਡੀ ਐੱਮ ਨਿਹਾਲ ਸਿੰਘ ਵਾਲਾ, ਸ੍ਰ ਰਾਜਪਾਲ ਸਿੰਘ ਐੱਸ ਡੀ ਐੱਮ ਬਾਘਾਪੁਰਾਣਾ, ਸ਼੍ਰੀਮਤੀ ਚਾਰੂਮਿਤਾ ਐੱਸ ਡੀ ਐੱਮ ਧਰਮਕੋਟ, ਸ੍ਰ ਗੁਰਬੀਰ ਸਿੰਘ ਕੋਹਲੀ ਸਹਾਇਕ ਕਮਿਸ਼ਨਰ (ਜ), ਜ਼ਿਲ੍ਹਾ ਮਾਲ ਅਫ਼ਸਰ ਸ੍ਰ ਗੁਰਦੇਵ ਸਿੰਘ ਧੰਮ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰ ਜਗਜੀਤ ਸਿੰਘ ਬੱਲ, ਤਹਿਸੀਲਦਾਰ ਸ੍ਰੀ ਕਰੁਨ ਗੁਪਤਾ, ਨਾਇਬ ਤਹਿਸੀਲਦਾਰ ਸ੍ਰ ਮਨਿੰਦਰ ਸਿੰਘ, ਸੁਪਰਡੈਂਟ ਸ਼੍ਰੀ ਪਰਵੀਨ ਕੁਮਾਰ ਅਤੇ ਹੋਰ ਹਾਜ਼ਰ ਸਨ ।