8,631 ਦੇ ਲਗਭਗ ਲੋਕਾਂ ਨੂੰ ਕੀਤਾ ਜਾ ਚੁੱਕੈ ਜਾਗਰੂਕ-ਸੀ.ਜੇ.ਐਮ.
ਮੋਗਾ, 12 ਅਕਤੂਬਰ (ਜਗਰਾਜ ਸਿੰਘ ਗਿੱਲ)
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਭਰ ਵਿੱਚ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਮੌਕੇ ਤੇ ਪੈਨ ਇੰਡੀਆ ਕੰਪੇਨ ਦੀ ਸ਼ੁਰੂਆਤ 02 ਅਕਤੂਬਰ ਤੋਂ ਹੋਈ ਹੈ ਜਿਹੜੀ 14 ਨਵੰਬਰ 2021 ਤੱਕ ਚੱਲੇਗੀ। ਇਸ ਕੰਪੇਨ ਦਾ ਮੁੱਖ ਮੰਤਵ ਦੇਸ਼ ਭਰ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨਾ ਹੈ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀਮਤੀ ਮਨਦੀਪ ਪੰਨੂੰ ਜੀ, ਦੀ ਰਹਿਨੁਮਾਈ ਹੇਠ ਇਸ ਕੰਪੇਨ ਦੇ ਪਹਿਲੇ ਹਫ਼ਤੇ ਹੀ 206 ਪਿੰਡਾਂ ਵਿਖੇ ਲੀਗਲ ਲਿਟਰੇਸੀ ਸੈਮੀਨਾਰਾਂ ਦਾ ਆਯੋਜਨ ਕਰਕੇ ਲਗਭਗ 8631 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਜਾ ਚੁੱਕਾ ਹੈ।
ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਸ ਕੰਪੇਨ ਤਹਿਤ ਪਿੰਡਾਂ ਵਿੱਚ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਦੇ ਇਸ਼ਤਿਹਾਰ ਵੰਡੇ ਜਾ ਰਹੇ ਹਨ ਤਾਂ ਜ਼ੋ ਆਮ ਲੋਕ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਹੋ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਹੁਣ ਤੱਕ 520 ਲੋਕਾਂ ਨੂੰ ਡੋਰ ਟੂ ਡੋਰ ਜਾ ਕੇ ਜਾਗਰੂਕ ਕੀਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਹਰ ਪਿੰਡ ਵਿੱਚ ਲੀਗਲ ਲਿਟਰੇਸੀ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।ਉਪਰੋਕਤ ਸੈਮੀਨਾਰਾਂ ਵਿੱਚ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਇਹਨਾਂ ਸੈਮੀਨਾਰਾਂ ਵਿੱਚ ਮੁਆਵਜ਼ਾ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ਼ਰੀ ਨੰਬਰ ਡਾਈਲ ਕੀਤਾ ਜਾ ਸਕਦਾ ਹੈ ਜਾਂ ਦਫ਼ਤਰ ਦੀ ਈ-ਮੇਲ [email protected] ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਸਾਡੇ ਸੈਮੀਨਾਰ ਲੱਗਦੇ ਹਨ ਉਥੇ ਵੱਧ ਤੋਂ ਵੱਧ ਭਾਗ ਲਿਆ ਜਾਵੇ ਤਾਂ ਕਿ ਉਹਨਾਂ ਸਕੀਮਾਂ ਦਾ ਲਾਭ ਹਰ ਵਿਅਕਤੀ ਨੂੰ ਮਿਲ ਸਕੇ।