ਮੋਗਾ, 3 ਅਗਸਤ
(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਜ਼ਿਲ੍ਹਾ ਮੈਜਿਸਟ੍ਰੇਟ, ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ, 2021 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗ੍ਹਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਆਵਾਜ਼ ਪ੍ਰਦੂਸ਼ਣ ਕਰਨ ਤੇ ਵੀ ਪਬੰਦੀ ਦੇ ਹੁਕਮ
ਇਸੇ ਤਰਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਦੀ ਧਾਰਾ 144 ਅਧੀਨ ਜ਼ਿਲ੍ਹਾ ਮੋਗਾ ਵਿੱਚ ਆਵਾਜ਼ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ ਵੀ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ, ਕਿਉਂਕਿ ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਦੇ ਫਲਸਰੂਪ ਆਮ ਲੋਕਾਂ ਦੀ ਮਾਨਸਿਕਤਾ ਅਤੇ ਬੱਚਿਆਂ ਦੀ ਸਿਹਤ ਉੱਤੇ ਵੀ ਉੱਚੀ ਆਵਾਜ਼ ਦਾ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ ‘ਤੇ ਲਾਗੂ ਨਹੀਂ ਹੋਵੇਗਾ ਜਿੰਨ੍ਹਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀ.ਜੇ. ਅਤੇ ਲਾਊਡ ਸਪੀਕਰਾਂ/ ਐਂਪਲੀਫਾਇਰ ਦੀ ਵਰਤੋਂ ‘ਤੇ ਰਾਤ 10 ਵਜੇ ਤੋਂ ਸਵੇਰੇ 7 ਵਜੇ ਤੱਕ ਪੂਰਣ ਪਾਬੰਦੀ ਹੋਵੇਗੀ। ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਇਹ ਹੁਕਮ ਸਾਰੇ ਅਦਾਰਿਆਂ ‘ਤੇ ਲਾਗੂ ਕੀਤੇ ਗਏ ਹਨ।
ਮੈਰਿਜ਼ ਪੈਲਸਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲਸ ਤੋ. ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਂਜੇਂ ਅਤੇ ਮੈਰਿਜ ਪੈਲਸ ਆਦਿ ਸਾਰਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।