ਚੋਣਾਂ ਅਮਲ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਨ ਉੱਤੇ ਸਮੂਹ ਧਿਰਾਂ ਦਾ ਧੰਨਵਾਦ – ਜ਼ਿਲ੍ਹਾ ਚੋਣ ਅਫ਼ਸਰ
ਮੋਗਾ, 10 ਮਾਰਚ (ਜਗਰਾਜ ਸਿੰਘ ਗਿੱਲ) – ਪੰਜਾਬ ਵਿਧਾਨ ਸਭਾ ਚੋਣਾਂ – 2022 ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ। ਚੋਣਾਂ ਅਮਲ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਨ ਉੱਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਸਮੂਹ ਧਿਰਾਂ ਦਾ ਧੰਨਵਾਦ ਕੀਤਾ ਹੈ।
ਚੋਣ ਨਤੀਜਿਆਂ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਸ੍ਰੀ ਨਈਅਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ (59149 ਵੋਟਾਂ) ਨੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਮਾਲਵਿਕਾ ਸੂਦ (38234 ਵੋਟਾਂ) ਨੂੰ 20915 ਵੋਟਾਂ ਦੇ ਫਰਕ ਨਾਲ ਹਰਾਇਆ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰ. ਮਨਜੀਤ ਸਿੰਘ ਬਿਲਾਸਪੁਰ (65156 ਵੋਟਾਂ) ਨੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰ. ਭੁਪਿੰਦਰ ਸਿੰਘ ਸਾਹੋਕੇ (27172 ਵੋਟਾਂ) ਨੂੰ 37984 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ।
ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ (65378 ਵੋਟਾਂ) ਨੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਸ੍ਰ. ਸੁਖਜੀਤ ਸਿੰਘ ਕਾਕਾ ਲੋਹਗੜ੍ਹ (35406 ਵੋਟਾਂ) ਨੂੰ 29972 ਵੋਟਾਂ ਦੇ ਫਰਕ ਨਾਲ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰ. ਅਮ੍ਰਿੰਤਪਾਲ ਸਿੰਘ ਸੁਖਾਨੰਦ (67143 ਵੋਟਾਂ) ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸ੍ਰ. ਤੀਰਥ ਸਿੰਘ ਮਾਹਲਾ (33384 ਵੋਟਾਂ) ਨੂੰ 33759 ਵੋਟਾਂ ਦੇ ਫਰਕ ਨਾਲ ਹਰਾ ਕੇ ਚੋਣ ਜਿੱਤੀ।
ਸ਼੍ਰੀ ਨਈਅਰ ਨੇ ਜ਼ਿਲ੍ਹਾ ਮੋਗਾ ਵਿੱਚ ਵੋਟਾਂ ਅਤੇ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਸਿਰੇ ਚੜ੍ਹਨ ਉੱਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਉਮੀਦਵਾਰਾਂ, ਵੋਟਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਬੜ੍ਹੀ ਤਤਪਰਤਾ ਨਾਲ ਆਪਣੀ ਆਪਣੀ ਜਿੰਮੇਵਾਰੀ ਨਿਭਾਈ।