ਪਲਸ ਪੋਲੀਓ ਮੁਹਿੰਮ ਨੂੰ ਸਫ਼ਲਤਾਂ ਪੂਰਵਕ ਨੇਪਰੇ ਚਾੜ੍ਹਨ ਲਈ ਸੰਬੰਧਤ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ
ਮੋਗਾ, 18 ਸਤੰਬਰ (ਜਗਰਾਜ ਗਿੱਲ, ਮਨਪ੍ਰੀਤ ਮੋਗਾ)
0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਪਲਸ ਪੋਲੀਓ ਮੁਹਿੰਮ ਮਿਤੀ 20 ਤੋਂ 22 ਸਤੰਬਰ ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਜਿ਼ਲ੍ਹਾ ਮੋਗਾ ਵਿੱਚ ਰਹਿ ਰਹੇ ਮਾਈਗਰੇਟਰੀ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਕਵਰ ਕੀਤਾ ਜਾਵੇਗਾ। ਇਸ ਮੌਕੇ ਸਥਾਨਕ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੂੰ ਦੱਸਿਆ ਗਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵੇਲੇ 0-5 ਸਾਲ ਤੱਕ ਦੇ ਬੱਚਿਆਂ ਦੀ ਗਿਣਤੀ 9299 ਹੈ, ਜਿਨ੍ਹਾਂ ਨੂੰ ਕਵਰ ਕਰਨ ਲਈ 101 ਸਿਹਤ ਕਰਮੀਆਂ ਦੀਆਂ 49 ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ 12 ਸੁਪਰਵਾਈਜ਼ਰ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਲਗਾਏ ਗਏ ਹਨ। ਉਹਨਾਂ ਇਸ ਮੁਹਿੰਮ ਨੂੰ ਸਫ਼ਲਤਾ ਪੂਰਵਕ ਚਾੜ੍ਹਨ ਲਈ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਬਣਦਾ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਲੇਬਰ ਕਮਿਸ਼ਨਰ, ਜਿ਼ਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ, ਜਿ਼ਲ੍ਹਾ ਪ੍ਰੋਗਰਾਮ ਅਫ਼ਸਰ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਗਾਰਡੀਅਨ ਆਫ ਗਵਰਨੰਸ ਅਤੇ ਹੋਰ ਧਿਰਾਂ ਨੂੰ ਸਹਿਯੋਗ ਦੀ ਅਪੀਲ ਕੀਤੀ। ਮੀਟਿੰਗ ਵਿੱਚ ਜਿ਼ਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। ਇਸ ਮੌਕੇ ਸਿਹਤ ਵਿਭਾਗ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।