May 25, 2024

ਨਾਬਾਰਡ ਵੱਲੋਂ ਪੰਜਾਬ ਵਿੱਚ ਖੇਤੀ ਵਿਭਿੰਨਤਾ ਲਿਆਉਣ ਲਈ ਨੈਸ਼ਨਲ ਐਡੇਪਸ਼ਨ ਫੰਡ ਫ਼ਾਰ ਕਲਾਈਮੇਟ ਚੇੰਜ ਪ੍ਰੋਜੈਕਟ ਲਾਗੂ ਕੀਤਾ ਜਾਵੇਗਾ

1 min read

– ਝੋਨਾ ਛੱਡ ਕੇ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲੇਗੀ ਪ੍ਰਤੀ ਹੈਕਟੇਅਰ 23500 ਰੁਪਏ ਦੀ ਵਿੱਤੀ ਸਹਾਇਤਾ

– ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਲਾਗੂ ਹੋਵੇਗਾ ਪ੍ਰੋਜੈਕਟ

– ਸਾਲ 2021-22 ਦੌਰਾਨ 10 ਹਜ਼ਾਰ ਹੈਕਟੇਅਰ ਰਕਬੇ ਨੂੰ ਕਵਰ ਕਰਨ ਦਾ ਟੀਚਾ

ਮੋਗਾ, 24 ਮਾਰਚ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ) – ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਲਈ ਨਾਬਾਰਡ ਵੱਲੋਂ ਸਾਲ 2021-22 ਦੌਰਾਨ ਨੈਸ਼ਨਲ ਐਡੇਪਸ਼ਨ ਫੰਡ ਫ਼ਾਰ ਕਲਾਈਮੇਟ ਚੇੰਜ (NAFCC) ਪ੍ਰੋਜੈਕਟ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤਹਿਤ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ 10 ਹਜ਼ਾਰ ਹੈਕਟੇਅਰ ਰਕਬੇ ਨੂੰ ਕਵਰ ਕੀਤਾ ਜਾਣਾ ਹੈ। ਇਸ ਪ੍ਰੋਜੈਕਟ ਅਧੀਨ ਝੋਨੇ ਦੀ ਖੇਤੀ ਛੱਡ ਕੇ ਮੱਕੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 23500 ਰੁਪੈ ਸਹਾਇਤਾ ਦੇ ਨਾਲ ਨਾਲ ਹੋਰ ਲਾਭ ਦਿੱਤੇ ਜਾਣਗੇ।

ਨਾਬਾਰਡ ਵੱਲੋਂ ਇਹ ਪ੍ਰੋਜੈਕਟ ਮੋਗਾ ਸਮੇਤ ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਫ਼ਿਰੋਜ਼ਪੁਰ, ਬਠਿੰਡਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਲਈ ਰੱਖੀਆਂ ਗਈਆਂ ਸ਼ਰਤਾਂ ਤਹਿਤ ਇਕ ਕਲੱਸਟਰ 25 ਹੈਕਟੇਅਰ ਦਾ ਹੋਣਾ ਚਾਹੀਦਾ ਹੈ। ਇਹ ਪ੍ਰੋਜੈਕਟ ਉਨ੍ਹਾਂ ਬਲਾਕਾਂ ਵਿੱਚ ਲਾਗੂ ਕੀਤਾ ਜਾਵੇਗਾ, ਜਿੱਥੇ ਧਰਤੀ ਹੇਠਲਾ ਪਾਣੀ ਵਧੇਰੇ ਡੂੰਘਾ ਜਾ ਚੁੱਕਾ ਹੈ ਅਤੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਦਾ ਰੁਝਾਨ ਜਿਆਦਾ ਹੈ। ਇਸ ਤੋਂ ਇਲਾਵਾ ਉਹ ਬਲਾਕ ਜਿੱਥੇ ਝੋਨੇ ਦੀ ਫ਼ਸਲ ਦਾ ਝਾੜ ਜ਼ਿਲ੍ਹੇ ਦੇ ਔਸਤਨ ਝਾੜ ਤੋਂ ਘੱਟ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਹਾ ਗਿਆ ਹੈ ਇਨ੍ਹਾਂ ਸ਼ਰਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਉਣ ਵਾਲੇ ਖਰੀਫ ਸੀਜਨ ਦੌਰਾਨ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਐਕਸ਼ਨ ਪਲਾਨ ਭੇਜਿਆ ਜਾਵੇ। ਇਸ ਪ੍ਰੋਜੈਕਟ ਵਿੱਚ ਇੱਕ ਹੈਕਟੇਅਰ ਝੋਨਾ ਛੱਡ ਕੇ ਮੱਕੀ/ਮੱਕੀ ਸਾਈਲੇਜ਼ ਫ਼ਸਲ ਨੂੰ ਅਡਾਪਟ ਕਰਨ ਵਾਲੇ ਕਿਸਾਨਾਂ ਨੂੰ 23500/- ਰੁ. ਪ੍ਰਤੀ ਹੈਕਟੇਅਰ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹਾਈਡਰੋਲੋਜੀ ਵਿੰਗ ਵੱਲੋਂ ਪਾਣੀ ਬਚਾਓ ਪੈਸਾ ਕਮਾਓ ਸਕੀਮ ਵੀ ਇਨ੍ਹਾਂ ਬਲਾਕਾਂ ਵਿੱਚ ਲਾਗੂ ਕੀਤੀ ਜਾਵੇਗੀ, ਜਿਸ ਵਿੱਚ ਪ੍ਰਦਰਸ਼ਨੀ ਪਲਾਂਟ ਸਥਾਪਿਤ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਉਕਤ ਸਹਾਇਤਾ ਤੋਂ ਇਲਾਵਾ ਇਸ ਸਕੀਮ ਦਾ ਲਾਭ ਵੀ ਦਿੱਤਾ ਜਾਵੇਗਾ।

ਸ਼੍ਰੀ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਪ੍ਰੋਜੈਕਟ ਦਾ ਲਾਭ ਉਦਮੀ ਕਿਸਾਨਾਂ ਨੂੰ ਦਿਵਾਉਣ ਲਈ ਬਕਾਇਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ 25-25 ਹੈਕਟੇਅਰ ਦੇ ਪ੍ਰਤੀ ਬਲਾਕ 4 ਪ੍ਰਦਰਸ਼ਨੀ ਪਲਾਂਟ ( ਕੁੱਲ 500 ਹੈਕਟੇਅਰ ) ਲਗਾਏ ਜਾਣਗੇ। ਇਸ ਲਈ ਵਿਭਾਗ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਹਾਜ਼ਰ ਮੁੱਖ ਖੇਤੀਬਾੜੀ ਅਫ਼ਸਰ ਸ੍ਰ ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਵਿਭਿੰਨਤਾ ਲਿਆਉਣ ਵਿੱਚ ਭਾਗੀਦਾਰ ਬਣਨ ਲਈ ਬਲਾਕ ਖੇਤੀਬਾੜੀ ਦਫਤਰਾਂ ਅਤੇ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.