– ਐਤਕੀਂ 50 ਫੀਸਦੀ ਇਕੱਠ ਅਤੇ ਝਾਕੀਆਂ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ
– ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ
ਮੋਗਾ, 24 ਜਨਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਫੁੱਲ ਡਰੈੱਸ ਰਿਹਰਸਲ ਅੱਜ ਨਵੀਂ ਦਾਣਾ ਮੰਡੀ ਵਿਖੇ ਕੀਤੀ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਨੇ ਸ਼ਿਰਕਤ ਕੀਤੀ।
ਰਿਹਰਸਲ ਤੋਂ ਬਾਅਦ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਮਿਤੀ 26 ਜਨਵਰੀ ਨੂੰ ਪੰਜਾਬ ਦੇ ਟਰਾਂਸਪੋਰਟ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਿਨੇਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਸ਼੍ਰੀ ਹੰਸ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡੇ ਦੇਸ਼ ਦੇ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਉਹਨਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਜਲਦ ਤੋਂ ਜਲਦ ਮੁਕੰਮਲ ਕਰ ਲਈਆਂ ਜਾਣ।
ਉਹਨਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾੲਿਤਾਂ ਦੀ ਪਾਲਣਾ ਕਰਦਿਆਂ ਇਸ ਸਾਲ ਸਮਾਗਮ ਵਿੱਚ ਇਕੱਠ ਅਤੇ ਝਾਕੀਆਂ 50 ਫੀਸਦੀ ਹੀ ਰੱਖੀਆਂ ਜਾਣਗੀਆਂ। ਬੱਚਿਆਂ ਦੀ ਹਾਜ਼ਰੀ ਘੱਟ ਤੋਂ ਘੱਟ ਰੱਖੀ ਜਾਵੇਗੀ। ਸੱਭਿਆਚਾਰਕ ਸਮਾਗਮ ਵੀ ਨਹੀਂ ਹੋਵੇਗਾ। ਚੁਣਵੇਂ ਵਿਸ਼ੇਸ਼ ਵਿਅਕਤੀਆਂ ਦਾ ਸਨਮਾਨ ਅਤੇ ਮਾਰਚ ਪਾਸਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਨੁਮਾਇੰਦੇ ਭਾਗ ਲੈਣਗੇ।
ਸ਼੍ਰੀ ਹੰਸ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿੱਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ ਪਰ ਇਸ ਮੌਕੇ ਕਰੋਨਾ ਸਬੰਧੀ ਹਦਾੲਿਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਸ਼੍ਰੀਮਤੀ ਅਨੀਤਾ ਦਰਸ਼ੀ ਅਤੇ ਸ਼੍ਰੀ ਸੁਭਾਸ਼ ਚੰਦਰ (ਦੋਵੇਂ ਵਧੀਕ ਡਿਪਟੀ ਕਮਿਸ਼ਨਰ) ਅਤੇ ਹੋਰ ਕਈ ਅਧਿਕਾਰੀ ਕਰਮਚਾਰੀ ਆਦਿ ਹਾਜ਼ਰ ਸਨ।